ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੇ ਕਰੀਬੀਆਂ ਦੀ ਵੀ ਜਾਇਦਾਦ ਜ਼ਬਤ ਹੋਵੇਗੀ-ਡੀ. ਸੀ.

10

kdgjਸਮਾਜ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾਵੇਗਾ। ਇਹ ਸ਼ਬਦ ਸ੍ਰੀਮਤੀ ਅਲਕਨੰਦਾ ਦਿਆਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਪਿੰਡ ਟਿੱਬਾ ਵਿਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਸਟਰੇਸ਼ਨ ਪੰਜਾਬ ਦੇ ਜ਼ਿਲ੍ਹਾ ਕੇਂਦਰ ਕਪੂਰਥਲਾ ਵੱਲੋਂ ਨਸ਼ਿਆਂ ਦੀ ਰੋਕਥਾਮ ਤੇ ਇਸਦੇ ਮਾਰੂ ਪ੍ਰਭਾਵਾਂ ਸਬੰਧੀ ਕਰਵਾਏ ਇਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾਮੁਕਤ ਬਣਾਉਣ ਲਈ ਨਸ਼ਿਆਂ ਦੇ ਤਸਕਰਾਂ ਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸ਼ਿਕਾਰ ਵਿਅਕਤੀ ਆਪਣੇ ਪਰਿਵਾਰ ਹੀ ਨਹੀਂ ਸਮਾਜ ਲਈ ਵੀ ਮੁਸੀਬਤ ਹਨ ਇਸ ਲਈ ਨਸ਼ਿਆਂ ਦੀ ਦਲ ਦਲ ਵਿਚ ਫਸ ਚੁੱਕੇ ਨੌਜਵਾਨਾਂ ਨੂੰ ਕੱਢਣ ਲਈ ਪੂਰੀ ਵਾਹ ਲਾਈ ਜਾਵੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ‘ਤੇ ਕਰੜੀ ਨਜ਼ਰ ਰੱਖਣ ਤਾਂ ਜੋ ਉਹ ਕਿਸੇ ਬੁਰੀ ਸੰਗਤ ਵਿਚ ਪੈ ਕੇ ਨਸ਼ਿਆਂ ਦਾ ਸ਼ਿਕਾਰ ਨਾ ਹੋਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਨ.ਡੀ.ਪੀ.ਐਸ. 1985 ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਐਕਟ ਤਹਿਤ ਫੜੇ ਜਾਣ ਵਾਲ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਤੇ 1 ਲੱਖ ਰੁਪਏ ਜ਼ੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਐਕਟ ਤਹਿਤ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਵਿਅਕਤੀਆਂ, ਉਨ੍ਹਾਂ ਦੇ ਸਾਥੀਆਂ ਤੇ ਰਿਸ਼ਤੇਦਾਰਾਂ ਦੀ ਜਾਇਦਾਦ ਵੀ ਜ਼ਬਤ ਕੀਤੀ ਜਾ ਸਕਦੀ ਹੈ। ਸੈਮੀਨਾਰ ਨੂੰ ਸ: ਕੁਲਦੀਪ ਸਿੰਘ ਚੰਦੀ ਐਸ.ਡੀ.ਐਮ. ਸੁਲਤਾਨਪੁਰ ਲੋਧੀ, ਨਸ਼ਾ ਛਡਾਓ ਕੇਂਦਰ ਦੇ ਇੰਚਾਰਜ ਸ: ਸੰਦੀਪ ਭੋਲਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਲਤਾਨਪੁਰਬ ਲੋਧੀ ਸ੍ਰੀ ਹਰਬਲਾਸ ਬਾਗਲਾ, ਨਸ਼ਾ ਛਡਾਉ ਕੇਂਦਰ ਦੇ ਸਕੱਤਰ ਸ: ਬਲਬੀਰ ਸਿੰਘ ਕਲਹਰ, ਪ੍ਰੋਗਰਾਮ ਦੇ ਕੋਆਰਡੀਨੇਟਰ ਸ੍ਰੀ ਆਰ.ਸੀ. ਬਿਰਹਾ, ਡਰਗ ਇੰਸਪੈਕਟਰ ਸ੍ਰੀ ਕਰਨ ਸਚਦੇਵਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹੇ ਦੇ ਸਰਪ੍ਰਸਤ ਤੇ ਸੀਨੀਅਰ ਅਕਾਲੀ ਆਗੂ ਸ: ਪਿਆਰਾ ਸਿੰਘ ਟਿੱਬਾ, ਸ: ਬਲਵਿੰਦਰ ਸਿੰਘ ਡਡਵਿੰਡੀ, ਸ: ਗਿਆਨ ਸਿੰਘ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿਚ ਟਿੱਬਾ ਤੋਂ ਇਲਾਵਾ ਆਲੇ-ਦੁਆਲੇ ਦੇ 12 ਪਿੰਡਾਂ ਦੇ ਲੋਕ ਹਾਜ਼ਰ ਸਨ।