Hukamnama 06.07.19: Ber Sahib, Baoli Sahib, Damdama Sahib, Baba Darbara Singh, State Gurdwara

249

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਪਦਅਰਥ: ਸਨਕ ਸਨੰਦ = ਬ੍ਰਹਮਾ ਦੇ ਪੁੱਤਰ (ਸਨਕ, ਸਨੰਦ, ਸਨਾਤਨ, ਸਨਤ ਕੁਮਾਰ) । ਮਹੇਸ = ਸ਼ਿਵ। ਸਮਾਨਾਂ = ਵਰਗਿਆਂ ਨੇ। ਸੇਖ ਨਾਗਿ = ਸ਼ੇਸ਼ ਨਾਗ ਨੇ (ਸ਼ੇਸ਼ ਨਾਗ = ਸੱਪਾਂ ਦਾ ਰਾਜਾ, ਇਸ ਦੇ ਇੱਕ ਹਜ਼ਾਰ ਫਣ ਮਿੱਥੇ ਗਏ ਹਨ; ਇਹਨਾਂ ਨਾਲ ਇਹ ਆਪਣੇ ਇਸ਼ਟ ਵਿਸ਼ਨੂ ਭਗਵਾਨ ਉੱਤੇ ਛਾਂ ਕਰਦਾ ਹੈ, ਹਰੇਕ ਜੀਭ ਨਾਲ ਨਿੱਤ ਨਵਾਂ ਨਾਮ ਭਗਵਾਨ ਦਾ ਉਚਾਰਦਾ ਹੈ) । ਮਰਮੁ = ਭੇਤ।੧।ਰਿਦੈ = ਹਿਰਦੇ ਵਿਚ। ਬਸਾਈ = ਬਸਾਈਂ, ਮੈਂ ਵਸਾਉਂਦਾ ਹਾਂ।੧।ਰਹਾਉ।ਸਰਿ = ਵਰਗੇ ਨੇ। ਗਰੁੜ = ਵਿਸ਼ਨੂ ਭਗਵਾਨ ਦੀ ਸਵਾਰੀ, ਸਾਰੇ ਪੰਛੀਆਂ ਦਾ ਰਾਜਾ। ਸੁਰ ਪਤਿ = ਦੇਵਤਿਆਂ ਦਾ ਰਾਜਾ, ਇੰਦਰ। ਨਰਪਤਿ = ਮਨੁੱਖਾਂ ਦਾ ਰਾਜਾ।੨।ਕਮਲਾਪਤਿ = ਲੱਛਮੀ ਦਾ ਪਤੀ, ਵਿਸ਼ਨੂ। ਕਵਲਾ = ਲੱਛਮੀ।੩।ਕਹਿ = ਕਹੇ, ਆਖਦਾ ਹੈ। ਭਰਮੈ ਨਾਹੀ = ਭਟਕਦਾ ਨਹੀਂ। ਪਗ ਲਗਿ = ਚਰਨੀਂ ਲੱਗ ਕੇ। ਸਰਨਾਂਹੀ = ਸ਼ਰਨ ਵਿਚ।੪।

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।ਸ਼ਬਦ ਦਾ ਭਾਵ: ਅੱਨ ਪੂਜਾ ਛੱਡ ਕੇ ਇਕ ਪਰਮਾਤਮਾ ਦਾ ਹੀ ਭਜਨ ਕਰੋ। ਬ੍ਰਹਮਾ, ਸ਼ਿਵ, ਵਿਸ਼ਨੂ, ਇੰਦਰ ਆਦਿਕ ਅਤੇ ਉਹਨਾਂ ਦੇ ਸੇਵਕ ਪਰਮਾਤਮਾ ਦਾ ਅੰਤ ਨਾਹ ਪਾ ਸਕੇ।੧।

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਪਦਅਰਥ: ਕੋਈ = ਕੋਈ ਵਿਰਲਾ। ਈਹਾ ਜਗਿ = ਇਥੇ ਜਗਤ ਵਿਚ। ਸੋਈ = ਉਹੀ ਮਨੁੱਖ। ਬਿਧਿ = ਜੁਗਤਿ। ਤਾ ਕੀ = ਉਸ ਮਨੁੱਖ ਦੀ। ਰੀਤਿ = ਜੀਵਨ = ਜੁਗਤਿ।੧।ਰਹਾਉ।ਬਨਿਤਾ = ਇਸਤ੍ਰੀ। ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਇਸਟ = ਪਿਆਰੇ, ਇਸ਼ਟ। ਅਰੁ = ਅਤੇ। ਪੂਰਬ = ਪਹਿਲੇ। ਸੰਜੋਗੀ = ਸੰਜੋਗਾਂ ਨਾਲ। ਅੰਤਹਿ = ਅਖ਼ੀਰ ਵੇਲੇ। ਕੋ = ਕੋਈ ਭੀ। ਸਹਾਈ = ਸਾਥੀ।੧।ਮੁਕਤਿ = {मौक्‍ितक} ਮੋਤੀ। ਕਨਿਕ = ਸੋਨਾ। ਮਨ ਰੰਜਨ ਕੀ = ਮਨ ਨੂੰ ਖ਼ੁਸ਼ ਕਰਨ ਵਾਲੀ। ਬਿਹਾਨੀ = ਬੀਤ ਗਈ। ਅਵਧਹਿ = ਉਮਰ। ਤਾ ਮਹਿ = ਇਹਨਾਂ ਪਦਾਰਥਾਂ ਵਿਚ। ਸੰਤੋਖੁ = ਸ਼ਾਂਤੀ, ਰੱਜ।੨।ਹਸਤਿ = ਹਾਥੀ। ਅਸ੍ਵ = ਘੋੜੇ। ਪਵਨ ਤੇਜ = ਹਵਾ ਦੇ ਵੇਗ ਵਾਲੇ। ਧਣੀ = ਧਨ ਦਾ ਮਾਲਕ। ਭੂਮਨ = ਜ਼ਿਮੀ ਦਾ ਮਾਲਕ। ਚਤੁਰਾਂਗਾ = ਚਾਰ ਅੰਗਾਂ ਵਾਲੀ ਫ਼ੌਜ = ਹਾਥੀ, ਰਥ, ਘੋੜੇ, ਪੈਦਲ। ਸੰਗਿ = ਨਾਲ। ਕਛੂਐ = ਕੁਝ ਭੀ। ਸਿਧਾਇਓ = ਤੁਰ ਪਿਆ।੩।ਪ੍ਰਿਅ = ਪਿਆਰੇ। ਤਾ ਕੈ = ਉਹਨਾਂ ਦੀ ਸੰਗਤਿ ਵਿਚ। ਗਾਈਐ = ਗਾਣਾ ਚਾਹੀਦਾ ਹੈ। ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਊਜਲ = ਰੌਸ਼ਨ। ਕੈ ਸੰਗਿ = ਦੇ ਨਾਲ, ਦੀ ਸੰਗਤਿ ਵਿਚ।੪।

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ ‘ਕਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ {ਪੰਨਾ 787}

ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ; ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।

ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ {ਪੰਨਾ 787}

ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।

ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ {ਪੰਨਾ 787}

ਪਦਅਰਥ: ਗੁਣੁ = (ਆਪਣੇ ਆਪ ਨੂੰ) ਲਾਭ। ਉਪਕਾਰੁ = (ਕਿਸੇ ਹੋਰ ਨੂੰ) ਲਾਭ। ਸੇਤੀ ਖੁਸੀ = ਖ਼ੁਸ਼ੀ ਨਾਲ। ਸਾਰੁ = ਚੰਗਾ।

ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।

ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ {ਪੰਨਾ 787}

ਪਦਅਰਥ: ਹਠਿ = ਹਠ ਨਾਲ। ਜਿਪਈ = ਜਿੱਤਿਆ ਜਾਂਦਾ। ਜਿਣੈ = ਜਿੱਤਦਾ ਹੈ। ਸਤ ਭਾਉ = ਚੰਗੀ ਭਾਵਨਾ, ਨੇਕ ਨੀਅਤ। ਦੇ = ਦੇ ਕੇ। ਤਰਫ = (ਰੱਬ ਵਾਲਾ) ਪਾਸਾ।

ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।

ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ {ਪੰਨਾ 787-788}

ਪਦਅਰਥ: ਕਾਰਣੁ = ਜਗਤ। ਗੋਈ = ਨਾਸ ਕੀਤੀ। ਫੁਨਿ = ਫਿਰ, ਮੁੜ। ਜੁਗ ਚਾਰੇ = ਚਹੁ ਜੁਗਾਂ ਵਿਚ। ਭਵਿ = ਭਉਂ ਕੇ। ਕਿਨਿ = ਕਿਸ ਪਾਸੋਂ?

ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ; ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ; ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।