Hukamnama 07.09.2019: Ber Sahib, Baoli Sahib, Damdama Sahib, Baba Darbara Singh, State Gurdwara Sahib

116
Today’s Hukamnama from Gurdwara Sri Ber Sahib Sultanpur Lodhi

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧।

ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ।

ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ) । ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।

ਹਉ = ਮੈਂ, ਹਉਂ। ਵਾਰੀ = ਕੁਰਬਾਨ। ਚਾਕਰੀ = ਸੇਵਾ। ਸਦ = ਸਦਾ।੩।

ਹਰਿ = ਹੇ ਹਰੀ! ਤੇ = ਤੋਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਿਸਤਾਰਾ = ਪਾਰ = ਉਤਾਰਾ।੪।

ਤੇ = ਉਹ {ਬਹੁ-ਵਚਨ}। ਪਰਵਾਨਾ = ਕਬੂਲ, ਮਨਜ਼ੂਰ। ਵਿਟਹੁ = ਤੋਂ।੫।

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਪਦਅਰਥ: ਸਾ = ਉਹ {ਇਸਤ੍ਰੀ ਲਿੰਗ}। ਹਰਿ ਪ੍ਰਭ = ਹੇ ਹਰੀ ਪ੍ਰਭੂ! ਭਾਵੈ = (ਤੈਨੂੰ) ਚੰਗੀ ਲੱਗਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਵੈ = ਦੇਂਦਾ ਹੈ।੬।

ਸੇਤੀ = ਨਾਲ। ਪਿਰਹੜੀ = ਪ੍ਰੇਮ। ਤਿਨਾ ਜੀਅ = ਉਹਨਾਂ ਦੇ ਦਿਲ। ਜੀਅ = {ਲਫ਼ਜ਼ ‘ਜੀਉ’ ਤੋਂ ਬਹੁ-ਵਚਨ}। ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ} ਉਹ ਬੰਦੇ। ਜਪਿ = ਜਪ ਕੇ। ਜੀਵਦੇ = ਆਤਮਕ ਜੀਵਨ ਹਾਸਲ ਕਰਦੇ ਹਨ। ਸਮਾਲੇ = ਸਮਾਲਿ, ਹਿਰਦੇ ਵਿਚ ਸੰਭਾਲ ਕੇ।੭।

ਕਉ = ਨੂੰ, ਤੋਂ। ਘੁਮਿ ਜਾਇਆ = ਮੈਂ ਸਦਕੇ ਜਾਂਦਾ ਹਾਂ। ਸਿਉ = ਸਮੇਤ। ਸਭੁ = ਸਾਰਾ।੮।

ਗੁਰਿ ਪਿਆਰੈ = ਪਿਆਰੇ ਗੁਰੂ ਦੀ ਰਾਹੀਂ। ਧੰਨੁ = {धन्य} ਸਲਾਹੁਣ = ਜੋਗ। ਗੁਰਿ = ਗੁਰੂ ਨੇ। ਮਾਰਗੁ = ਰਸਤਾ। ਗੁਰ ਪੁੰਨੁ = ਗੁਰੂ ਦਾ ਉਪਕਾਰ।੯।

ਗੁਰਸਿਖ = ਗੁਰੂ ਦੇ ਸਿੱਖ। ਪੁੰਨ = {ਵਿਸ਼ੇਸ਼ਣ} ਪਵਿਤ੍ਰ, ਭਾਗਾਂ ਵਾਲੇ। ਸੇ ਪਰਾਣੀ = ਉਹ ਬੰਦੇ।੧੦।

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ {ਪੰਨਾ 726}

ਪਦਅਰਥ: ਸਖੀ = ਸਖੀਆਂ, ਸਹੇਲੀਆਂ। ਸੇ = ਉਹ ਸਖੀਆਂ। ਭਾਈਆ = ਭਾਈਆਂ, ਪਿਆਰੀਆਂ ਲੱਗੀਆਂ। ਪੈਨਾਈਆ = ਪੈਨਾਈਆਂ, ਸਤਕਾਰੀਆਂ ਗਈਆਂ, ਉਹਨਾਂ ਨੂੰ ਸਿਰੋਪਾ ਮਿਲਿਆ। ਗਲਿ = ਗਲ ਨਾਲ। ਲਾਈਆ = ਲਾਈਆਂ।੧੧।

ਦੀਜੈ = ਕਿਰਪਾ ਕਰ ਕੇ ਦੇਹ। ਪਖਾਲਦੇ = ਧੋਂਦੇ ਹਾਂ। ਘੋਲਿ = ਘੋਲ ਕੇ।੧੨।

ਖਾਤੀਆ = ਖਾਤੀਆਂ, ਖਾਂਦੀਆਂ। ਮੁਖਿ = ਮੂੰਹ ਵਿਚ। ਬੀੜੀਆ = ਬੀੜੀਆਂ, ਪਾਨਾਂ ਦੀਆਂ ਬੀੜੀਆਂ। ਜਮਿ = ਜਮ ਨੇ, ਮੌਤ ਨੇ। ਪਕੜਿ = ਫੜ ਕੇ।੧੩।

ਹਿਰਦੈ = ਹਿਰਦੇ ਵਿਚ। ਉਰਿ = ਹਿਰਦੇ ਵਿਚ। ਧਾਰੇ = ਧਾਰਿ, ਧਾਰ ਕੇ। ਜਮੁ = ਮੌਤ, ਮੌਤ ਦਾ ਡਰ। ਆਵਈ = ਆਵਏ, ਆਵੈ, ਆਉਂਦਾ।੧੪।

ਨਿਧਾਨੁ = ਖ਼ਜ਼ਾਨਾ। ਕੋਈ = ਕੋਈ ਵਿਰਲਾ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਭੇਟਿਆ = ਮਿਲ ਪਿਆ। ਰੰਗਿ = ਪ੍ਰੇਮ = ਰੰਗ ਵਿਚ। ਮਾਣੈ = ਮਾਣਦਾ ਹੈ। ਨਾਨਕ = ਹੇ ਨਾਨਕ!।੧੫।

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧।

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ।੧੨।

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ।੧੪।

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ।੧੫।

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ {ਪੰਨਾ 726}

ਪਦਅਰਥ: ਦਾਤਾ = (ਨਾਮ ਦੀ ਦਾਤਿ) ਦੇਣ ਵਾਲਾ। ਆਖੀਐ = ਆਖਣਾ ਚਾਹੀਦਾ ਹੈ। ਤੁਸਿ = ਤ੍ਰੁੱਠ ਕੇ। ਪਸਾਓ = ਪ੍ਰਸਾਦੁ, ਕਿਰਪਾ। ਹਉ = ਮੈਂ। ਵਿਟਹੁ = ਤੋਂ। ਵਾਰਿਆ = ਕੁਰਬਾਨ। ਜਿਨਿ = ਜਿਸ (ਗੁਰੂ) ਨੇ। ਨਾਓ = ਨਾਉ, ਨਾਮ।੧੬।

ਧੰਨੁ = ਸਲਾਹੁਣ = ਜੋਗ। ਦੇਇ = ਦੇਂਦਾ ਹੈ। ਸਨੇਹਾ = ਉਪਦੇਸ਼। ਵੇਖਿ = ਵੇਖ ਕੇ। ਵਿਗਸਿਆ = ਖਿੜ ਪਿਆ ਹਾਂ। ਗੁਰ ਦੇਹਾ = ਗੁਰੂ ਦਾ ਸਰੀਰ।੧੭।

ਰਸਨਾ = ਜੀਭ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਹਰਿ = ਨਾਮ। ਨਾਮਿ = ਨਾਮ ਦੀ ਰਾਹੀਂ। ਸੁਹਾਵੀ = ਸੋਹਣੀ। ਜਿਨ = ਜਿਨ੍ਹਾਂ ਨੇ {ਲਫ਼ਜ਼ ‘ਜਿਨਿ’ ਅਤੇ ‘ਜਿਨ’ ਦਾ ਫ਼ਰਕ ਵੇਖੋ}। ਸਿਖਾ = ਸਿੱਖਾਂ (ਨੇ) । ਜਾਵੀ = ਦੂਰ ਹੋ ਜਾਂਦੀ ਹੈ।੧੮।

ਮਾਰਗੁ = ਰਸਤਾ। ਕਹੁ = ਦੱਸੋ। ਕਿਤੁ ਬਿਧਿ = ਕਿਸ ਤਰੀਕੇ ਨਾਲ?।੧੯।

ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇ = ਉਹ {ਬਹੁ-ਵਚਨ}। ਸਾਹ = ਸ਼ਾਹ। ਦਾਣੇ = ਸਿਆਣੇ, ਦਾਨੇ। ਸਦ = ਸਦਾ। ਗੁਰ ਬਚਨਿ = ਗੁਰੂ ਦੇ ਬਚਨ ਦੀ ਰਾਹੀਂ।੨੦।

ਸਾਹਿਬੋ = ਸਾਹਿਬੁ, ਮਾਲਕ। ਮੀਰਾ = ਸਰਦਾਰ, ਪਾਤਿਸ਼ਾਹ। ਤੁਧੁ = ਤੈਨੂੰ। ਗੁਣੀ = ਗੁਣਾਂ ਦਾ ਮਾਲਕ। ਗਹੀਰਾ = ਡੂੰਘੇ ਜਿਗਰੇ ਵਾਲਾ।੨੧।

ਆਪੇ = ਆਪ ਹੀ। ਇਕ ਰੰਗੁ = ਇਕ ਸਰੂਪ ਵਾਲਾ। ਬਹੁ ਰੰਗੀ = ਅਨੇਕਾਂ ਸਰੂਪਾਂ ਵਾਲਾ।੨੨।

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ।੧੬।

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ।੧੭।

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ।੧੮।

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ।੧੯।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ।੨੦।

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ।੨੧।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ।੨੨।੨।


Today’s Hukamnama from Gurdwara Baoli Sahib Goindwal Sahib

ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ {ਪੰਨਾ 775}

ਪਦਅਰਥ: ਆਵਹੋ = ਆਵਹੁ, ਆਓ। ਸੰਤ ਜਨਹੁ = ਹੇ ਸੰਤ ਜਨੋ! ਗਾਵਹ = ਆਓ, ਅਸੀ ਗਾਵੀਏ। ਕੇਰੇ = ਦੇ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਮਿਲਿ ਰਹੀਐ = (ਪ੍ਰਭੂ = ਚਰਨਾਂ ਵਿਚ) ਖੜੇ ਰਹਿਣਾ ਚਾਹੀਦਾ ਹੈ। ਘਰਿ = (ਹਿਰਦੇ-) ਘਰ ਵਿਚ। ਵਾਜਹਿ = ਵੱਜ ਪੈਂਦੇ ਹਨ, ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਸਬਦ = (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਸ਼ਬਦ। ਘਨੇਰੇ = ਅਨੇਕਾਂ, ਬਹੁਤ। ਪ੍ਰਭ = ਹੇ ਪ੍ਰਭੂ! ਥਾਈ = ਥਾਈਂ, ਥਾਵਾਂ ਵਿਚ। ਅਹਿ = ਦਿਨ। ਨਿਸਿ = ਰਾਤ। ਜਪੀ = ਜਪੀਂ, ਮੈਂ ਜਪਦਾ ਰਹਾਂ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਰਹਾਂ। ਸਾਚ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ। ਲਿਵ ਲਾਈ = ਲਿਵ ਲਾਈਂ, ਸੁਰਤਿ ਜੋੜੀ ਰੱਖਾਂ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸਹਜਿ = ਆਤਮਕ ਅਡੋਲਤਾ ਵਿਚ। ਰੰਗਿ = ਪ੍ਰੇਮ = ਰੰਗ ਵਿਚ। ਰਾਤਾ ਰਹੈ– ਰੰਗਿਆ ਰਹਿੰਦਾ ਹੈ। ਰਿਦ ਪੂਜਾ = ਹਿਰਦੇ ਦੀ ਪੂਜਾ (ਬਣਾਂਦਾ ਹੈ) ।੧।

ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ।

ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ।

ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ {ਪੰਨਾ 775}

ਪਦਅਰਥ: ਰਵਿ ਰਹਿਆ = ਵਿਆਪਕ ਹੈ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ। ਸਬਦਿ = ਸ਼ਬਦ ਦੀ ਰਾਹੀਂ। ਰਵੈ = ਸਿਮਰਦਾ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਰਵਿਆ = ਵਿਆਪਕ। ਸੋਈ = ਉਹੀ। ਸਚੁ = ਸਦਾ-ਥਿਰ ਪ੍ਰਭੂ। ਪਾਈਐ = ਮਿਲਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸਮਾਈਐ = ਟਿਕੇ ਰਹੀਦਾ ਹੈ। ਅਵਰੁ = ਹੋਰ। ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ। ਗਾਵਾ = ਗਾਵਾਂ, ਮੈਂ ਗਾ ਸਕਦਾ ਹਾਂ। ਪ੍ਰਭ ਭਾਵਾ = ਪ੍ਰਭੂ ਨੂੰ ਭਾਵਾਂ, ਪ੍ਰਭੂ ਨੂੰ ਚੰਗਾ ਲੱਗਾਂ। ਆਪੇ = ਆਪ ਹੀ। ਸਬਦੇ = ਸ਼ਬਦ ਦੀ ਰਾਹੀਂ। ਜਾਪੈ = ਜਾਣਿਆ ਜਾ ਸਕਦਾ ਹੈ, ਡੂੰਘੀ ਸਾਂਝ ਪੈ ਸਕਦੀ ਹੈ। ਅਹਿ = ਦਿਨ। ਨਿਸਿ = ਰਾਤ।੨।

ਅਰਥ: ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ।

ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨।

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ {ਪੰਨਾ 775}

ਪਦਅਰਥ: ਜਗੋ = ਜਗੁ, ਜਗਤ। ਦੁਤਰੁ = {दुस्तर} ਜਿਸ ਤੋਂ ਪਾਰ ਲੰਘਣਾ ਔਖਾ ਹੈ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਪਾਰਿ ਨ ਪਾਈ = ਪਰਲੇ ਪਾਸੇ ਨਹੀਂ ਪਹੁੰਚ ਸਕਦਾ। ਅੰਤਰੇ = (ਮਨਮੁਖ ਦੇ) ਅੰਦਰ ਹੀ। ਮਮਤਾ = ਅਪਣੱਤ, ਮਲਕੀਅਤ ਦੀ ਲਾਲਸਾ। ਥਾਇ = ਥਾਂ ਵਿਚ। ਥਾਇ ਨ ਪਾਈ = (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। ਬਿਰਥਾ = ਵਿਅਰਥ {व्यथा}। ਜਮ ਮਗਿ = ਜਮਰਾਜ ਦੇ ਰਸਤੇ ਉੱਤੇ। ਪਾਵੈ = ਸਹਿੰਦਾ ਹੈ। ਅੰਤਿ = ਆਖ਼ਰ ਵੇਲੇ, ਅੰਤ ਵੇਲੇ। ਕੋ = ਕੋਈ ਮਨੁੱਖ। ਬੇਲੀ = ਮਦਦਗਾਰ। ਸੁਤੁ = ਪੁੱਤਰ। ਭਾਈ = ਭਰਾ। ਪਸਾਰਾ = ਖਿਲਾਰਾ। ਆਗੈ = ਪਰਲੋਕ ਵਿਚ। ਸਾਥਿ = ਨਾਲ।੩।

ਅਰਥ: ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂ) ਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇ) ਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ।

ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰ) ਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩।

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ {ਪੰਨਾ 775-776}

ਪਦਅਰਥ: ਹਉ = ਹਉਂ, ਮੈਂ। ਪੂਛਉ = ਪੂਛਉਂ, ਮੈਂ ਪੁੱਛਦਾ ਹਾਂ। ਕਿਨ ਬਿਧਿ = ਕਿਸ ਤਰੀਕੇ ਨਾਲ? ਦੁਤਰੁ = ਔਖਿਆਈ ਨਾਲ ਤਰਿਆ ਜਾ ਸਕਣ ਵਾਲਾ ਸਮੁੰਦਰ। ਤਰੀਐ = ਤਰਿਆ ਜਾ ਸਕਦਾ ਹੈ। ਸਤਿਗੁਰ ਭਾਇ = ਗੁਰੂ ਦੀ ਰਜ਼ਾ ਵਿਚ। ਇਵ = ਇਸ ਤਰ੍ਹਾਂ। ਮਰੀਐ = ਮਰ ਸਕੀਦਾ ਹੈ, ਵਿਕਾਰਾਂ ਵਲੋਂ ਮੁਰਦਾ ਹੋ ਜਾਈਦਾ ਹੈ। ਭਉਜਲੁ = ਸੰਸਾਰ = ਸਮੁੰਦਰ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਨਾਮਿ = ਨਾਮ ਵਿਚ। ਸਮਾਵੈ = ਲੀਨ ਰਹਿੰਦਾ ਹੈ। ਵਡਭਾਗੀ = ਵੱਡੇ ਭਾਗਾਂ ਨਾਲ। ਸਚਿ = ਸਦਾ-ਥਿਰ ਵਿਚ। ਸਚਿ ਨਾਮਿ = ਸਦਾ-ਥਿਰ ਹਰਿ = ਨਾਮ ਵਿਚ। ਲਿਵ ਲਾਵੈ = ਸੁਰਤਿ ਜੋੜੀ ਰੱਖਦਾ ਹੈ। ਪਰਗਾਸੁ = ਆਤਮਕ ਜੀਵਨ ਦੀ ਸੂਝ ਨਾਲ ਰੌਸ਼ਨ। ਮਾਨਿਆ = ਪਤੀਜ ਜਾਂਦਾ ਹੈ। ਵਡਿਆਈ = ਇੱਜ਼ਤ, ਸੋਭਾ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਜੋਤੀ = ਪ੍ਰਭੂ ਦੀ ਜੋਤਿ ਵਿਚ। ਜੋਤਿ = ਜਿੰਦੇ।੪।

ਅਰਥ: ਹੇ ਭਾਈ! ਜਦੋਂ) ਮੈਂ (ਨਾਮ ਦੀ) ਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿ) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ, ਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।


Today’s Hukamnama from Gurdwara Damdama Sahib Thatta (Kapurthala)

ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥ {ਪੰਨਾ 626}

ਪਦਅਰਥ: ਰਖਵਾਰੇ = ਰਾਖਾ। ਚਉਕੀ = ਪਹਿਰਾ। ਚਉਗਿਰਦ = ਚੌਹੀਂ ਪਾਸੀਂ, ਚੁਫੇਰੇ। ਨਾਮਿ = ਨਾਮ ਵਿਚ। ਲਜਾਇ ਕਰਿ = ਸ਼ਰਮਿੰਦਾ ਹੋ ਕੇ।੧।

ਪ੍ਰਭ = ਹੇ ਪ੍ਰਭੂ! ਬੰਧਨ = (ਮਾਇਆ ਦੇ ਮੋਹ ਆਦਿਕ ਦੇ) ਜ਼ੰਜੀਰ। ਕਾਟਿ = ਕੱਟ ਕੇ। ਨਿਰਮਲੁ = ਪਵਿਤ੍ਰ। ਪੁਰਖੁ = ਸਰਬ = ਵਿਆਪਕ। ਬਿਧਾਤਾ = ਸਿਰਜਣਹਾਰ ਪ੍ਰਭੂ।ਰਹਾਉ।

ਤਾ ਕੀ = ਉਸ (ਪ੍ਰਭੂ) ਦੀ। ਸੇਵ = ਸੇਵਾ = ਭਗਤੀ। ਬਿਰਥੀ = ਵਿਅਰਥ, ਖ਼ਾਲੀ। ਜਾਸੀ = ਜਾਏਗੀ। ਕਰਹਿ = ਕਰਦੇ ਹਨ। ਜਪਿ = ਜਪ ਕੇ। ਆਸਾ = ਮਨੋ = ਕਾਮਨਾ।੨।

ਅਰਥ: ਹੇ ਪ੍ਰਭੂ ਜੀ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ।ਰਹਾਉ।

(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ ਹੈ, ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ। (ਗੁਰ-ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ, ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ।੧।

ਹੇ ਨਾਨਕ! ਆਖ-) ਅਬਿਨਾਸ਼ੀ ਪ੍ਰਭੂ (ਐਸਾ ਉਦਾਰ-ਚਿੱਤ ਹੈ ਕਿ) ਉਸ ਦੀ ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ। ਹੇ ਪ੍ਰਭੂ! ਤੇਰੇ ਸੇਵਕ (ਸਦਾ) ਆਤਮਕ ਆਨੰਦ ਮਾਣਦੇ ਹਨ, ਤੇਰਾ ਨਾਮ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ।੨।੪।੬੮।


Today’s Hukamnama from Gurdwara Baba Darbara Singh Ji Tibba (Kapurthala)

ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ {ਪੰਨਾ 664}

ਪਦਅਰਥ: ਨਿਰਮਲੁ = ਪਵਿਤ੍ਰ। ਅਪਾਰਾ = ਬੇਅੰਤ, ਕਦੇ ਨਾਹ ਮੁੱਕਣ ਵਾਲਾ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਭੰਡਾਰਾ = ਖ਼ਜ਼ਾਨੇ। ਬਿਖੁ = ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ) । ਜਾਣੁ = ਸਮਝ। ਮੋਹਿ = ਮੋਹ ਵਿਚ। ਅਭਿਮਾਨੁ = ਅਹੰਕਾਰ।੧।

ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕੋਇ = ਜੇਹੜਾ ਕੋਈ। ਭਾਗਿ = ਕਿਸਮਤ ਨਾਲ।ਰਹਾਉ।

ਦੀਪਕੁ = ਦੀਵਾ। ਵਰਤੈ = ਕੰਮ ਕਰਦਾ ਹੈ, ਚਾਨਣ ਦੇਂਦਾ ਹੈ। ਤਿਹੁ ਲੋਇ = ਤਿੰਨਾਂ ਲੋਕਾਂ ਵਿਚ। ਨਾਮਿ = ਨਾਮ ਦੀ ਰਾਹੀਂ। ਮਲੁ = ਮੈਲ। ਧੋਇ = ਧੋ ਲੈਂਦਾ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ।੨।

ਜਿਨਿ = ਜਿਸ (ਮਨੁੱਖ) ਨੇ। ਹਰਿ ਜਨੁ = ਹਰੀ ਦਾ ਸੇਵਕ। ਹਰਖੁ = ਖ਼ੁਸ਼ੀ। ਸੋਗੁ = ਗ਼ਮ। ਮੁਕਤੁ = (ਦੁੱਖਾਂ ਵਿਕਾਰਾਂ ਤੋਂ) ਆਜ਼ਾਦ। ਅਵਰਾ = ਹੋਰਨਾਂ ਨੂੰ। ਤੇ = ਤੋਂ, ਪਾਸੋਂ।੩।

ਸਭ = ਸਾਰੀ ਲੁਕਾਈ। ਮੁਈ = ਆਤਮਕ ਮੌਤੇ ਮਰ ਗਈ। ਬਿਲਲਾਇ = ਵਿਲਕ ਕੇ, ਦੁੱਖੀ ਹੋ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਦਾਝਹਿ = ਸਾੜਦੇ ਹਨ। ਸਾਤਿ = ਸ਼ਾਂਤੀ। ਨ ਪਾਇ = ਨਹੀਂ ਪ੍ਰਾਪਤ ਕਰਦਾ। ਸਭ = ਸਾਰੀ। ਨਾਮਿ = ਨਾਮ ਵਿਚ (ਜੁੜ ਕੇ) ।੪।

ਅਰਥ: ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) । (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧।

ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।


Today’s Hukamnama from State Gurdwara Sahib Kapurthala

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ {ਪੰਨਾ 845}

ਪਦਅਰਥ: ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ = ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ।੧।

ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।

(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।

ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ {ਪੰਨਾ 845}

ਪਦਅਰਥ: ਸਮਾਹੜਾ = {ਸਮਾਹ = समाश्वास } ਹੌਸਲਾ, ਧੀਰਜ। ਵਿਸਾਹਾ = ਖ਼ਰੀਦਿਆ। ਖੋਜਿ = ਖੋਜ ਕੇ, ਭਾਲ ਕਰ ਕੇ। ਪਾਹਾ = ਪਾਸੋਂ। ਧਾਰੇ = ਧਾਰ ਕੇ। ਕਥਹਿ = ਕਥਦੇ ਹਨ, ਸੁਣਾਂਦੇ ਹਨ। ਅਕਥ ਬੀਚਾਰੋ = ਅਕੱਥ ਪ੍ਰਭੂ ਦੇ ਗੁਣਾਂ ਦਾ ਵਿਚਾਰ। ਅਕਥ = ਅ = ਕਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਇਕ ਚਿਤਿ = ਇਕ ਚਿੱਤ ਨਾਲ, ਸੁਰਤਿ ਜੋੜ ਕੇ। ਇਕ ਮਨਿ = ਇਕ ਮਨ ਨਾਲ, ਮਨ ਲਾ ਕੇ। ਧਿਆਇ = ਧਿਆਨ ਧਰ। ਲਾਇ = ਲਾ ਕੇ। ਕਰ ਜੋੜਿ = (ਦੋਵੇਂ) ਹੱਥ ਜੋੜ ਕੇ। ਪਹਿ = ਪਾਸ, ਕੋਲ। ਮਿਲੈ = ਮਿਲਦਾ ਹੈ। ਜਸੁ = ਸਿਫ਼ਤਿ-ਸਾਲਾਹ। ਲਾਹਾ = ਲਾਭ। ਅਗਮ = ਅਪਹੁੰਚ। ਅਥਾਹਾ = ਜਿਸ ਦੀ ਹਾਥ ਨ ਲੱਭ ਸਕੇ।੨।

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।

ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।

ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨।

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ {ਪੰਨਾ 846}

ਪਦਅਰਥ: ਸਾਹਾ = ਵਿਆਹ ਦਾ ਮੁਹੂਰਤ। ਅਟਲੁ = ਕਦੇ ਨਾਹ ਖੁੰਝਣ ਵਾਲਾ। ਪੂਰਨ ਸੰਜੋਗੋ = ਪੂਰਨ ਪ੍ਰਭੂ ਦਾ ਮਿਲਾਪ। ਸੁਖਹ ਸਮੂਹ = ਸੁਖਾਂ ਦਾ ਇਕੱਠ, ਸਾਰੇ ਸੁਖਾਂ ਦਾ ਮੇਲ। ਵਿਜੋਗੋ = ਵਿਛੋੜਾ। ਮਿਲਿ = ਮਿਲ ਕੇ। ਜਾਞੀ = ਲਾੜੇ ਦੇ ਸਾਥੀ। ਇਕਤ੍ਰ = (ਸਤਸੰਗ ਵਿਚ) ਇਕੱਠੇ। ਸਹਜਿ = ਆਤਮਕ ਅਡੋਲਤਾ ਵਿਚ। ਢੋਏ = ਢੁਕੇ, ਜੰਞ ਬਣ ਕੇ ਲੜਕੀ ਵਾਲਿਆਂ ਦੇ ਘਰ ਪਹੁੰਚੇ। ਮਨਿ = ਮਨ ਵਿਚ। ਮਾਞੀਆ ਮਨਿ = ਲੜਕੀ ਦੇ ਸਨਬੰਧੀਆਂ ਦੇ ਮਨ ਵਿਚ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਗਿਆਨ = ਇੰਦ੍ਰਿਆਂ ਦੇ ਅੰਦਰ। ਜੋਤਿ = ਜੀਵ ਦੀ ਜਿੰਦ। ਜੋਤੀ = ਪ੍ਰਭੂ ਦੀ ਜੋਤਿ। ਓਤਿ ਪੋਤੀ = ਤਾਣੇ ਪੇਟੇ ਵਾਂਗ। ਸਭਿ ਰਸ = ਸਾਰੇ ਸੁਆਦਲੇ ਪਦਾਰਥ। ਸੰਤਿ = ਗੁਰੂ = ਸੰਤ ਨੇ। ਸਭ = (ਸਰਨ ਪਈ) ਸਾਰੀ ਲੁਕਾਈ। ਕਰਣ ਕਾਰਣ = ਸਾਰੇ ਜਗਤ ਦਾ ਮੂਲ। ਜੋਗੋ = ਸਭ ਤਾਕਤਾਂ ਦਾ ਮਾਲਕ।੩।

ਅਰਥ: (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।

ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।

ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ {ਪੰਨਾ 846}

ਪਦਅਰਥ: ਭਵਨੁ = ਘਰ, ਸਰੀਰ। ਸੁਹਾਵੜਾ = ਸੋਹਣਾ। ਧਰਤਿ = ਹਿਰਦਾ। ਸਭਾਗੀ = ਭਾਗਾਂ ਵਾਲੀ (ਹਿਰਦਾ = ਧਰਤੀ) । ਘਰਿ = (ਹਿਰਦੇ-) ਘਰ ਵਿਚ। ਆਇਅੜਾ = ਆ ਗਿਆ, ਪਰਗਟ ਹੋਇਆ। ਸਹਜਿ = ਆਤਮਕ ਅਡੋਲਤਾ ਵਿਚ। ਜਾਗੀ = (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਹੋ ਗਈ। ਮੇਰੀ ਆਸ = ਮਮਤਾ ਵਧਾਣ ਵਾਲੀ ਆਸ। ਵਿਛੁੰਨਿਆ = ਵਿਛੁੜਿਆ ਹੋਇਆ। ਅਨਦਿਨੁ = {अनुदिनं} ਹਰ ਰੋਜ਼, ਹਰ ਵੇਲੇ। ਵਜਹਿ = ਵੱਜਦੇ ਹਨ। ਆਨੰਦ ਵਾਜੇ = ਆਨੰਦ = ਰੂਪ ਵਾਜੇ। {ਨੋਟ:ਜਦੋਂ ਕਿਤੇ ਵਾਜੇ ਵੱਜ ਰਹੇ ਹੋਣ, ਤਾਂ ਕੋਲ = ਖਲੋਤੇ ਬੰਦੇ ਇਕ ਦੂਜੇ ਦੀ ਗੱਲ ਸੁਣ ਨਹੀਂ ਸਕਦੇ, ਕਿਉਂਕਿ ਵੱਜਦੇ ਵਾਜਿਆਂ ਦਾ ਸ਼ੋਰ ਬਹੁਤ ਪ੍ਰਬਲ ਹੁੰਦਾ ਹੈ। ਜਿਸ ਹਿਰਦੇ ਵਿਚ ਆਤਮਕ ਆਨੰਦ ਬਹੁਤ ਪ੍ਰਬਲ ਹੋ ਜਾਏ, ਉਥੇ ‘ਹਉਮੈ’ ਆਦਿਕ ਦੀ ਪ੍ਰੇਰਨਾ ਸੁਣੀ ਨਹੀਂ ਜਾ ਸਕਦੀ}। ਸੰਤ ਸੰਗਿ = ਗੁਰੂ ਦੀ ਸੰਗਤਿ ਵਿਚ।੪।

ਅਰਥ: (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।

ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।