Hukamnama 08.07.19: Ber Sahib, Baoli Sahib, Damdama Sahib, Baba Darbara Singh, State Gurdwara Sahib

207

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}

ਪਦਅਰਥ: ਗਰਭ ਮੋਹਿ = ਪੇਟ ਵਿਚ। ਆਪਨ = ਆਪਣਾ। ਦੇ = ਦੇ ਕੇ। ਤਹ = ਉਥੇ, ਮਾਂ ਦੇ ਪੇਟ ਵਿਚ। ਰਾਖਨਹਾਰੇ = ਬਚਾਣ ਦੀ ਸਮਰਥਾ ਵਾਲੇ। ਪਾਵਕ = (ਵਿਕਾਰਾਂ ਦੀ) ਅੱਗ। ਸਾਗਰ = ਸਮੁੰਦਰ। ਅਥਾਹ = ਬਹੁਤ ਡੂੰਘਾ। ਤਾਰਨਹਾਰੇ = ਹੇ ਪਾਰ ਲੰਘਾ ਸਕਣ ਵਾਲੇ!।੧।ਮਾਧੌ = {ਮਾ = ਧਵ = ਮਾਇਆ ਦਾ ਪਤੀ} ਹੇ ਪ੍ਰਭੂ! ਸਿਰਿ ਮੋਰਾ = ਮੇਰੇ ਸਿਰ ਉੱੱਤੇ। ਈਹਾ = ਇਸ ਲੋਕ ਵਿਚ। ਊਹਾ = ਉਸ ਲੋਕ ਵਿਚ। ਧੋਰਾ = ਆਸਰਾ।ਰਹਾਉ।ਕੀਤੇ ਕਉ = ਬਣਾਈਆਂ ਚੀਜ਼ਾਂ ਨੂੰ। ਮੇਰੈ ਸੰਮਾਨੈ = ਮੇਰੈ ਸਮ ਮਾਨੈ, ਮੇਰੂ ਪਹਾੜ ਦੇ ਬਰਾਬਰ ਮੰਨਦਾ ਹੈ। ਤ੍ਰਿਣੁ = ਤੀਲਾ, ਤੁੱਛ। ਮਾਗਨ ਕਉ = ਮੰਗਣ ਵਾਲੀ। ਸਗਲੀ = ਸਾਰੀ ਲੁਕਾਈ। ਦੇਹਿ = ਤੂ ਦੇਂਦਾ ਹੈਂ। ਪ੍ਰਭ = ਹੇ ਪ੍ਰਭੂ! ਭਾਨੈ = ਆਪਣੀ ਰਜ਼ਾ ਵਿਚ।੨।ਖਿਨ = ਰਤਾ ਕੁ ਹੀ ਸਮਾ। ਅਵਰੁ = ਹੋਰ। ਖਿਨੈ ਮਹਿ = ਖਿਨ ਵਿਚ ਹੀ। ਅਚਰਜ = ਹੈਰਾਨ ਕਰ ਦੇਣ ਵਾਲੇ। ਚਲਤ = ਕੌਤਕ। ਰੂੜੋ = ਸੋਹਣਾ। ਗੂੜੋ = (ਸਾਰੇ ਸੰਸਾਰ ਵਿਚ) ਲੁਕਿਆ ਹੋਇਆ। ਗੰਭੀਰੋ = ਵੱਡੇ ਜਿਗਰੇ ਵਾਲਾ। ਅਗਮ = ਹੇ ਅਪਹੁੰਚ! ਅਪਾਰੇ = ਹੇ ਅਪਾਰ! ਹੇ ਬੇਅੰਤ!।੩।ਸਾਧ ਸੰਗਿ = ਸਾਧ ਸੰਗਤਿ ਵਿਚ। ਜਉ = ਜਦੋਂ। ਤੁਮਹਿ = ਤੂੰ ਆਪ ਹੀ। ਤਉ = ਤਦੋਂ। ਪੇਖਤ ਹੀ = ਵੇਖਦਿਆਂ ਹੀ। ਪੁਰਖ = ਸਰਬ = ਵਿਆਪਕ। ਨਿਰਬਾਣੀ = ਵਾਸ਼ਨਾ = ਰਹਿਤ।੪।

ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।


ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}

ਪਦਅਰਥ: ਪੂਰਾ ਥਾਟੁ = ਉੱਤਮ ਜੁਗਤੀ, ਗੁਰੂ ਦੀ ਸਰਨ ਆ ਕੇ ਹਰਿ = ਨਾਮ ਜਪਣ ਦੀ ਉੱਤਮ ਜੁਗਤੀ। ਪੂਰੈ = ਪੂਰੇ (ਪ੍ਰਭੂ) ਨੇ, ਉਸ ਪ੍ਰਭੂ ਨੇ ਜਿਸ ਦੇ ਕੰਮਾਂ ਵਿਚ ਕੋਈ ਉਕਾਈ ਨਹੀਂ। ਏਕ ਸਮਾਨਾ = ਇਕੋ ਜਿਹੀ, ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਪਰਪੰਚ = ਸੰਸਾਰ। ਸਾਚਾ = ਸਦਾ ਕਾਇਮ ਰਹਿਣ ਵਾਲਾ। ਮਤੁ ਕੋ ਧਰਹੁ = ਕੋਈ ਨਾਹ ਧਰੇ। ਗੁਮਾਨਾ = ਅਹੰਕਾਰ।੧।ਮਾਹਿ = ਵਿਚ। ਮਤਿ = ਅਕਲ, ਸਿੱਖਿਆ। ਜੀਅਹੁ = ਦਿਲੋਂ। ਜਾਣੈ = ਪਛਾਣਦਾ ਹੈ, ਸਾਂਝ ਪਾਂਦਾ ਹੈ। ਅੰਤਰਿ = ਅੰਦਰ। ਰਵੈ = ਹਰ ਵੇਲੇ ਮੌਜੂਦ ਰਹਿੰਦਾ ਹੈ।੧।ਰਹਾਉ।ਹੁਣਿ = ਇਸ ਵੇਲੇ, ਗੁਰੂ ਦੀ ਮਤਿ ਲੈ ਕੇ {ਨੋਟ: ਵੇਖੋ ‘ਰਹਾਉ’ ਵਾਲਾ ਬੰਦ। ਉਸੇ ਵਿਚ ਹੀ ਕੇਂਦਰੀ ਖ਼ਿਆਲ ਹੈ}। ਨਿਬੇੜਾ = ਨਿਰਨਾ। ਨੋ = ਨੂੰ। ਨਰ ਮਨੁਖ = ਸ੍ਰੇਸ਼ਟ ਮਨੁੱਖ, ਗੁਰਮੁਖ, ਗੁਰੂ ਦੀ ਮਤਿ ਉਤੇ ਤੁਰਨ ਵਾਲੇ ਮਨੁੱਖ। ਏਕੁ ਨਿਧਾਨਾ = ਇਕ ਪ੍ਰਭੂ ਦਾ ਨਾਮ = ਖ਼ਜ਼ਾਨਾ। ਜਤੁ = ਕਾਮ = ਵਾਸਨਾ ਨੂੰ ਰੋਕਣ ਵਾਲਾ ਜਤਨ। ਸੰਜਮ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ। ਮਹਿ = ਵਿਚ। ਕਲਿ = ਕਲਿਜੁਗ। ਕੀਰਤਿ = ਸਿਫ਼ਤਿ-ਸਾਲਾਹ।੨।ਜੁਗਿ ਜੁਗਿ = ਹਰੇਕ ਜੁਗ ਵਿਚ। ਸੋਧਿ = ਸੋਧ ਕੇ, ਗਹੁ ਨਾਲ ਪੜ੍ਹ ਕੇ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਜਗਿ = ਜਗਤ ਵਿਚ। ਤੇ = ਉਹ ਬੰਦੇ। ਪਰਵਾਨਾ = ਕਬੂਲ।੩।ਸਿਉ = ਨਾਲ। ਚੂਕੈ = ਮੁੱਕ ਜਾਂਦਾ ਹੈ। ਮਨਿ = ਮਨ ਵਿਚ। ਸਭੇ = ਸਾਰੇ। ਪਾਹਿ = ਪਾਂਦੇ ਹਨ, ਪ੍ਰਾਪਤ ਕਰਦੇ ਹਨ। ਨਿਧਾਨਾ = ਨਾਮ = ਖ਼ਜ਼ਾਨਾ।੪।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।ਨੋਟ: ਇਸ ਸ਼ਬਦ ਵਿਚ ਵੇਦ ਪੁਰਾਨਾਂ ਦੇ ਧਰਮ ਅਤੇ ਗੁਰ ਧਰਮ ਵਿਚ ਫ਼ਰਕ ਦੱਸਿਆ ਗਿਆ ਹੈ।



ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}

ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧।ਨਾਮਿ = ਨਾਮ ਵਿਚ (ਜੁੜ ਕੇ ਹੀ) । ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ।ਮਾਰਗੁ = (ਜੀਵਨ ਦਾ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨।ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕਲਾ, ਤਾਕਤ। ਸਭਿ = ਸਾਰੇ। ਸਾਖੀ = ਸਿੱਖਿਆ। ਸਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) ।੩।ਸਤਿਗੁਰਿ = ਗੁਰੂ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਸਭਿ = ਸਾਰੇ। ਪਾਵਨ = ਪਵਿੱਤ੍ਰ। ਸੁਖਿ = ਆਨੰਦ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ = ਆਤਮੇ।੪।

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।