Hukamnama 09.09.2019: Ber Sahib, Baoli Sahib, Damdama Sahib, Baba Darbara Singh, State Gurdwara Sahib

118
Today’s Hukamnama from Gurdwara Sri Ber Sahib Sultanpur Lodhi

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609}

ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧।

ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ।

ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨।

ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩।

ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪।

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।


Today’s Hukamnama from Gurdwara Baoli Sahib Goindwal Sahib

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {ਪੰਨਾ 728}

ਨੋਟ: ਇਸ ਸ਼ਬਦ ਵਿਚ ਦੋ ਅਲੰਕਾਰ ਦਿੱਤੇ ਹੋਏ ਹਨ-ਦੁੱਧ ਰਿੜਕਣ ਦਾ ਅਤੇ ਮੂਰਤੀ ਨੂੰ ਪੂਜਣ ਦਾ। ਭਾਂਡਾ ਧੋ ਮਾਂਜ ਕੇ ਉਸ ਵਿਚ ਦੁੱਧ ਪਾਈਦਾ ਹੈ ਤੇ ਜਾਗ ਲਾਈਦੀ ਹੈ। ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜ ਕੇ ਦੁੱਧ ਭਾਂਡੇ ਵਿਚ ਰਿੜਕੀਦਾ ਹੈ ਤੇ ਮੱਖਣ ਕੱਢੀਦਾ ਹੈ।

ਠਾਕਰਾਂ ਦੀ ਮੂਰਤੀ ਨੂੰ ਡੱਬੇ ਵਿਚ ਪਾ ਕੇ ਰੱਖੀਦਾ ਹੈ, ਇਸ਼ਨਾਨ ਕਰਾਈਦਾ ਹੈ, ਫੁੱਲ ਪੱਤਰ ਆਦਿਕ ਭੇਟਾ ਕਰ ਕੇ ਪੂਜਾ ਕਰੀਦੀ ਹੈ।

ਪਦਅਰਥ: ਚਉਪਦੇ = ਚਾਰ ਪਦਾਂ ਵਾਲੇ, ਚਾਰ ਬੰਦਾਂ ਵਾਲੇ ਸ਼ਬਦ। ਧੋਇ = ਧੋ ਕੇ। ਬੈਸਿ = ਬੈਠ ਕੇ, ਟਿਕ ਕੇ। ਤਉ = ਤਦੋਂ। ਦੂਧੈ ਕਉ = ਦੁੱਧ ਲੈਣ ਵਾਸਤੇ। ਕਰਮ = ਰੋਜ਼ਾਨਾ ਕਿਰਤ = ਕਾਰ। ਸਮਾਇਣੁ = ਜਾਗ। ਨਿਰਾਸ = ਦੁਨੀਆ ਦੀਆਂ ਆਸਾਂ ਤੋਂ ਨਿਰਲੇਪ ਹੋ ਕੇ।੧।

ਏਕੋ ਨਾਮਾ = ਸਿਰਫ਼ ਪ੍ਰਭੂ = ਨਾਮ ਹੀ। ਅਵਰਿ = ਹੋਰ ਉੱਦਮ। ਨਿਰਾਫਲ = ਵਿਅਰਥ।੧।ਰਹਾਉ।

ਹਾਥਿ = ਹੱਥ ਵਿਚ। ਨੇਤ੍ਰਉ = ਨੇਤ੍ਰਾ, ਮਧਾਣੀ ਦੇ ਦੁਆਲੇ ਵਲ੍ਹੇਟੀ ਹੋਈ ਉਹ ਰੱਸੀ ਜਿਸ ਦੀ ਮਦਦ ਨਾਲ ਮਧਾਣੀ ਨੂੰ ਭਵਾਂ ਕੇ ਚਾਟੀ ਵਿਚਲਾ ਦੁੱਧ ਰਿੜਕੀਦਾ ਹੈ। ਮਥੀਐ = ਰਿੜਕੀਦਾ ਹੈ। ਇਨ ਬਿਧਿ = ਇਹਨਾਂ ਤਰੀਕਿਆਂ ਨਾਲ।੨।

ਸੰਪਟੁ = ਉਹ ਡੱਬਾ ਜਿਸ ਵਿਚ ਠਾਕੁਰ = ਮੂਰਤੀ ਨੂੰ ਰੱਖੀਦਾ ਹੈ। ਜਿਤੁ = ਜਿਸ (ਨਾਮ) ਦੀ ਰਾਹੀਂ। ਸਤ ਸਰਿ = ਸਤ ਸਰੋਵਰ ਵਿਚ, ਸਾਧ ਸੰਗਤਿ ਵਿਚ। ਭਵਨ = ਸਰਧਾ। ਪਾਤੀ = ਪੱਤਰਾਂ ਨਾਲ। ਤ੍ਰਿਪਤਿ ਕਰੇ = ਪ੍ਰਸੰਨ ਕਰੇ। ਪੂਜਾ ਪ੍ਰਾਣ = ਪ੍ਰਾਣਾਂ ਪ੍ਰਯੰਤ ਪੂਜਾ ਕਰੇ, ਆਪਾ ਵਾਰੇ, ਅਪਣੱਤ ਛੱਡੇ। ਰਵਤੁ ਰਹੈ– ਮਿਲਿਆ ਰਹਿੰਦਾ ਹੈ।੩।

ਕਹਦੇ = ਕਹਿਣ ਵਾਲੇ, (ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ। ਕਹੇ ਕਹਿ = ਕਹਿ ਕਹਿ, ਦੱਸ ਦੱਸ ਕੇ। ਜਾਵਹਿ = ਚਲੇ ਜਾਂਦੇ ਹਨ, ਵਿਅਰਥ ਸਮਾ ਗਵਾ ਜਾਂਦੇ ਹਨ। ਤੁਮ ਸਰਿ = ਤੇਰੇ ਬਰਾਬਰ, ਤੇਰੇ ਸਿਮਰਨ ਦੇ ਨਾਲ ਦਾ। ਅਵਰੁ = ਹੋਰ ਉੱਦਮ। ਜੰਪੈ = ਬੇਨਤੀ ਕਰਦਾ ਹੈ। ਹਉ = ਮੈਂ। ਸਾਲਾਹੀ = ਸਿਫ਼ਤਿ-ਸਾਲਾਹ ਕਰਾਂ।੪।

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।


Today’s Hukamnama from Gurdwara Damdama Sahib Thatta (Kapurthala)

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ {ਪੰਨਾ 618}

ਪਦਅਰਥ: ਨਿਵਾਰੈ = ਦੂਰ ਕਰ ਦੇਂਦਾ ਹੈ। ਸੂਕਾ = ਸੁੱਕਾ ਹੋਇਆ, ਪਰਮਾਤਮਾ ਦੇ ਪ੍ਰੇਮ ਦੀ ਹਰਿਆਵਲ ਤੋਂ ਸੱਖਣਾ। ਸਾਧਾਰੈ = ਸਹਾਰਾ ਦੇਂਦਾ ਹੈ। ਭੇਟਤ = ਮਿਲਦਿਆਂ, ਪ੍ਰਾਪਤ ਹੁੰਦਿਆਂ। ਨਿਹਾਲਾ = ਪ੍ਰਸੰਨ = ਚਿੱਤ। ਬੀਚਾਰੈ = ਵਿਚਾਰਦਾ, ਸੋਚ = ਮੰਡਲ ਵਿਚ ਵਸਾ ਲੈਂਦਾ ਹੈ।੧।

ਬੈਦੁ = ਹਕੀਮ। ਅਉਖਧੁ = ਦਵਾਈ। ਮੁਖਿ = ਮੂੰਹ ਵਿਚ। ਫੰਧਾ = ਫਾਹੀ।੧।ਰਹਾਉ।

ਸਮਰਥ = ਹੇ ਸਭ ਤਾਕਤਾਂ ਦੇ ਮਾਲਕ! ਪੁਰਖ = ਹੇ ਸਰਬ = ਵਿਆਪਕ! ਪੂਰਨ = ਹੇ ਭਰਪੂਰ! ਬਿਧਾਤੇ = ਹੇ ਸਿਰਜਣਹਾਰ! ਆਪੇ = (ਤੂੰ) ਆਪ ਹੀ। ਕਰਣੈਹਾਰਾ = (ਗੁਰੂ ਨੂੰ) ਬਣਾਨ ਵਾਲਾ। ਉਬਾਰਿਆ = (ਜਮ ਦੀ ਫਾਹੀ ਤੋਂ) ਬਚਾ ਲਿਆ। ਅਧਾਰਾ = ਆਸਰਾ।੨।

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ।੧।ਰਹਾਉ।

ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧।

ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।


Today’s Hukamnama from Gurdwara Baba Darbara Singh Ji Tibba (Kapurthala)

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}

ਪਦਅਰਥ: ਕੁਮਤਿ = ਭੈੜੀ ਮਤਿ। ਦਾਰਾ = ਇਸਤ੍ਰੀ। ਰਾਸਿ = ਰਸ ਵਿਚ। ਰਚਿਓ = ਮਸਤ ਹੈਂ।ਰਹਾਉ।

ਮੁਕਤਿ ਪੰਥੁ = (ਇਹਨਾਂ) ਵਿਕਾਰਾਂ ਤੋਂ ਖ਼ਲਾਸੀ ਦਾ ਰਾਹ। ਨਾਹਨਿ = ਨਹੀਂ। ਧਾਇਆ = ਦੌੜਿਆ ਫਿਰਦਾ ਹੈਂ। ਸੰਗ = ਸਾਥ। ਕਾਹੂ = ਕਿਸੇ ਨੇ ਭੀ। ਬਿਰਥਾ = ਵਿਅਰਥ ਹੀ। ਆਪੁ = ਆਪਣੇ ਆਪ ਨੂੰ।੧।

ਗਿਆਨਾ = ਆਤਮਕ ਜੀਵਨ ਦੀ ਸੂਝ। ਘਟ = ਹਿਰਦਾ। ਤੇਰੈ ਘਟ ਹੀ ਮਾਹਿ = ਤੇਰੇ ਹਿਰਦੇ ਵਿਚ ਹੀ। ਉਦਿਆਨਾ = ਜੰਗਲ।੨।

ਤੈ ਹਾਰਿਓ = ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ। ਅਸਥਿਰ = ਅਡੋਲਤਾ ਵਿਚ ਰੱਖਣ ਵਾਲੀ। ਮਾਨਸ ਦੇਹ ਪਦ = ਮਨੁੱਖਾ ਸਰੀਰ ਦਾ ਦਰਜਾ। ਪਾਇ = ਹਾਸਲ ਕਰ ਕੇ। ਨਾਨਕ = ਹੇ ਨਾਨਕ!।੩।

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।


Today’s Hukamnama from State Gurdwara Sahib Kapurthala

ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ {ਪੰਨਾ 742}

ਪਦਅਰਥ: ਦੇਖਿ = ਵੇਖ ਕੇ। ਜੀਵਾ = ਜੀਵਾਂ, ਮੈਂ ਜੀਉ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਗੁਰ = ਹੇ ਗੁਰੂ! ਕਰਮੁ = ਬਖ਼ਸ਼ਸ਼। ਪ੍ਰਭ ਮੇਰਾ = ਹੇ ਮੇਰੇ ਪ੍ਰਭੂ!।੧।

ਪ੍ਰਭ = ਹੇ ਪ੍ਰਭੂ! ਕਰਿ = ਬਣਾ ਕੇ। ਚੇਰੇ = ਸੇਵਕ।੧।ਰਹਾਉ।

ਦਾਤੇ = ਹੇ ਸਭ ਦਾਤਾਂ ਦੇਣ ਵਾਲੇ! ਗੁਰ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਕਿਨੈ ਵਿਰਲੈ = ਕਿਸੇ ਮਨੁੱਖ ਨੇ। ਜਾਤੇ = ਡੂੰਘੀ ਸਾਂਝ ਪਾਈ ਹੈ।੨।

ਬਿਨਉ = {विनय} ਬੇਨਤੀ। ਮੀਤਾ = ਹੇ ਮਿੱਤਰ! ਵਸਹਿ = ਵੱਸ ਪੈਣਾ। ਮੇਰੈ ਚੀਤਾ = ਮੇਰੇ ਚਿੱਤ ਵਿਚ।੩।

ਨਾਨਕੁ ਕਰੈ = ਨਾਨਕ ਕਰਦਾ ਹੈ। ਅਰਦਾਸਿ = ਬੇਨਤੀ। ਗੁਣ ਤਾਸਿ = ਹੇ ਗੁਣਾਂ ਦੇ ਖ਼ਜ਼ਾਨੇ!।੪।

ਅਰਥ: ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ, (ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼।੧।ਰਹਾਉ।

ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ।੧।

ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ। ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।੨।

ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ (ਮੇਹਰ ਕਰ ਤੇਰੇ) ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ।੩।

ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਤੇਰਾ ਸੇਵਕ) ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ (ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ।੪।੧੮।੨੪।