Hukamnama 10.07.19: Ber Sahib, Baoli Sahib, Damdama Sahib, Baba Darbara Singh, State Gurdwara Sahib

184

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ {ਪੰਨਾ 765-766}

ਪਦਅਰਥ: ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ = ਭੱਜ ਵਿਚ। ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ। ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ। ਸੋਹੈ– ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ = ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ = ਇਸਤ੍ਰੀ ਨੇ। ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ = ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।੧।ਹਉ = ਮੈਂ। ਅਵਰੀਤਾ = {अवृत} ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ। ਜਿਨ ਸਿਉ ਗਾਡਿਆ = ਜਿਨ੍ਹਾਂ ਨਾਲ ਮਿਲਾਇਆ ਹੈ। ਤਨੁ = ਸਰੀਰ। ਮਨੁ ਲੀਅੜਾ ਦੀਤਾ = ਜਿਨ੍ਹਾਂ ਦਾ ਮਨ ਲਿਆ ਹੈ ਤੇ ਜਿਨ੍ਹਾਂ ਨੂੰ ਆਪਣਾ ਮਨ ਦਿੱਤਾ ਹੈ, ਜਿਨ੍ਹਾਂ ਨਾਲ ਦਿਲ ਦੀ ਸਾਂਝ ਪਾਈ ਹੈ। ਮਾਨੁ = ਮਨ। ਵੀਸਰਹਿ = ਭੁੱਲ ਜਾਣ। ਦਿਸਿ ਆਇਆ = ਦੀਦਾਰ ਕੀਤਿਆਂ। ਹੋਹਿ ਰਲੀਆ = ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ। ਜੀਅ ਸੇਤੀ = ਜਿੰਦ ਨਾਲ। ਗਹਿ ਰਹਹਿ = ਫੜ ਰੱਖਦੇ ਹਨ, ਲਾ ਰੱਖਦੇ ਹਨ। ਸਗਲ = ਸਾਰੇ। ਨੀਤਾ ਨੀਤਾ = ਨਿੱਤ ਹੀ ਨਿੱਤ, ਸਦਾ ਹੀ।੨।ਵਾਸ = {वासु = to make fragrant ਸੁਗੰਧਿਤ ਕਰਨਾ} ਸੁਗੰਧੀ, ਖ਼ੁਸ਼ਬੂ। ਵਾਸੁਲਾ = ਸੁਗੰਧੀ ਦੇਣ ਵਾਲੀਆਂ ਚੀਜ਼ਾਂ ਦਾ ਡੱਬਾ। ਕਢਿ = ਕੱਢ ਕੇ। ਲਈਜੈ = ਲੈਣੀ ਚਾਹੀਦੀ ਹੈ। ਸਾਜਨਾ ਮਿਲਿ = ਗੁਰਮੁਖਾਂ ਨਾਲ ਮਿਲ ਕੇ। ਸਾਝ = ਗੁਣਾਂ ਦੀ ਸਾਂਝ। ਕਰੀਜੈ = ਕਰਨੀ ਚਾਹੀਦੀ ਹੈ। ਗੁਣਹ ਕੇਰੀ = ਗੁਣਾਂ ਦੀ। ਕੇਰੀ = ਦੀ। ਛੋਡਿ = ਤਿਆਗ ਕੇ। ਚਲੀਐ = ਜੀਵਨ = ਸਫ਼ਰ ਵਿਚ ਤੁਰਨਾ ਚਾਹੀਦਾ ਹੈ। ਪਹਿਰੇ = ਪਹਿਰਿ, ਪਹਿਨ ਕੇ। ਪਟੰਬਰ = {ਪਟ = ਅੰਬਰ} ਰੇਸ਼ਮ ਦੇ ਕੱਪੜੇ, ਕੋਮਲਤਾ ਤੇ ਪ੍ਰੇਮ ਦਾ ਵਰਤਾਵ। ਅਡੰਬਰ = ਹਾਰ = ਸਿੰਗਾਰ, ਸੋਹਣੇ ਉੱਦਮ। ਮਲੀਐ = ਮੱਲ ਲੈਣਾ ਚਾਹੀਦਾ ਹੈ, ਮੱਲਿਆ ਜਾ ਸਕਦਾ ਹੈ। ਆਪਣਾ ਪਿੜੁ ਮਲੀਐ = ਦੁਨੀਆ ਦੇ ਵਿਕਾਰਾਂ ਦੇ ਟਾਕਰੇ ਤੇ ਪਿੜ ਮੱਲਿਆ ਜਾ ਸਕਦਾ ਹੈ, ਵਿਕਾਰਾਂ ਦੇ ਟਾਕਰੇ ਤੇ ਕੁਸ਼ਤੀ ਜਿੱਤੀ ਜਾ ਸਕਦੀ ਹੈ {ਨੋਟ: ਜਗਤ ਵਿਚ ਜੀਵ, ਮਾਨੋ, ਪਹਿਲਵਾਨ ਹੈ। ਕਾਮਾਦਿਕ ਵਿਕਾਰਾਂ ਨਾਲ ਇਸ ਦੀ ਕੁਸ਼ਤੀ ਹੋ ਰਹੀ ਹੈ। ਜੇਹੜਾ ਹਾਰ ਜਾਂਦਾ ਹੈ ਉਹ ਪਿੜ ਵਿਚੋਂ ਭੱਜ ਜਾਂਦਾ ਹੈ}। ਪਿੜ = ਉਹ ਥਾਂ ਜਿੱਥੇ ਕੁਸ਼ਤੀਆਂ ਹੁੰਦੀਆਂ ਹਨ, ਘੋਲ ਹੁੰਦੇ ਹਨ। ਕਹੀਐ = ਕਹਿਣਾ ਚਾਹੀਦਾ ਹੈ। ਝੋਲਿ = ਹਿਲਾ ਕੇ, ਨਿਤਾਰ ਕੇ, ਵਿਕਾਰਾਂ ਦੇ ਬੂਰ ਆਦਿਕ ਨੂੰ ਪਰੇ ਹਟਾ ਕੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਪੀਜੈ = ਪੀਣਾ ਚਾਹੀਦਾ ਹੈ।੩।ਕਿਸੁ ਆਖੀਐ = ਹੋਰ ਕਿਸੇ ਅੱਗੇ ਗਿਲਾ ਨਹੀਂ ਕੀਤਾ ਜਾ ਸਕਦਾ। ਤਾ ਕਉ = ਉਸ (ਪਰਮਾਤਮਾ) ਨੂੰ। ਜਾਇ = ਜਾ ਕੇ। ਕਿਉ ਭੁਲੈ = ਨਹੀਂ ਭੁੱਲ ਸਕਦਾ। ਬਾਝੁ ਕਹਿਐ = (ਜੀਵਾਂ ਦੇ) ਆਖਣ ਤੋਂ ਬਿਨਾ ਹੀ। ਦਿਵੈ = ਦੇਂਦਾ ਹੈ, ਦੇਵੈ। ਦੇਇ = ਦੇਂਦਾ ਹੈ। ਜਗਿ = ਜਗਤ ਵਿਚ (ਸਭ ਜੀਵਾਂ ਨੂੰ) । ਬਿਧਾਤਾ = ਸਿਰਜਣਹਾਰ। ਸਚੁ = ਸਦਾ-ਥਿਰ ਰਹਿਣ ਵਾਲਾ।੪।

ਅਰਥ: ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) ।ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ) । ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨।(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।੩।(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।੪।੧।੪।


ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥{ਪੰਨਾ 737-738}

ਪਦਅਰਥ: ਉਮਕਿਓ = ਖ਼ੁਸ਼ੀ ਨਾਲ ਉਛਲ ਪਿਆ ਹੈ। ਹੀਉ = ਹਿਰਦਾ। ਤਾਈ = ਵਾਸਤੇ। ਖੋਜਤ ਚਰਿਓ = ਲੱਭਣ ਚੜ੍ਹ ਪਿਆ ਹੈ। ਦੇਖਉ = ਦੇਖਉਂ, ਮੈਂ ਵੇਖਾਂ। ਪ੍ਰਿਅ ਜਾਈ = ਪਿਆਰੇ (ਦੇ ਰਹਿਣ) ਦੀ ਥਾਂ। ਸਦੇਸਰੋ ਪ੍ਰਿਅ = ਪਿਆਰੇ ਦਾ ਸਨੇਹਾ। ਗ੍ਰਿਹਿ = ਹਿਰਦੇ = ਘਰ ਵਿਚ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤਉ = ਤਾਂ ਭੀ। ਨਦਰਿ = ਮੇਹਰ ਦੀ ਨਿਗਾਹ।੧।ਕਿਨ ਬਿਧਿ = ਕਿਨ੍ਹਾਂ ਤਰੀਕਿਆਂ ਨਾਲ? ਹੀਅਰੋ ਨਿਮਾਨੋ = ਇਹ ਵਿਚਾਰਾ ਹਿਰਦਾ। ਸਾਜਨ = ਹੇ ਸਾਜਨ! ਹਉ = ਹਉਂ, ਮੈਂ।੧।ਰਹਾਉ।ਧਨ = ਇਸਤ੍ਰੀ। ਪਿਰੁ = ਪਤੀ। ਪੀਓ = ਪੀਤਾ ਹੋਇਆ ਹੈ। ਮਦਰੋ = ਮਦਿਰਾ, ਸ਼ਰਾਬ। ਮਤਵੰਤਾ = ਮਸਤ। ਜਾਗੈ = ਜਾਗ ਪੈਂਦਾ ਹੈ। ਬੋਲੰਤਾ = ਬੁਲਾਂਦਾ ਹੈ, ਸੱਦਦਾ ਹੈ।੨।ਨਿਰਾਸੀ = ਉਦਾਸ। ਦਿਸੰਤਰ = ਦੇਸ ਅੰਤਰ। ਦੇਸ ਦਿਸੰਤਰ = ਦੇਸ ਦੇ ਦੇਸ ਅੰਤਰ, ਹੋਰ ਹੋਰ ਦੇਸ। ਝਾਗੇ = ਫਿਰੇ ਹਨ। ਨ ਪਾਵਉ = ਨ ਪਾਵਉਂ, ਮੈਂ ਨਹੀਂ ਲੱਭ ਸਕਦੀ। ਰਹਨੁ = ਟਿਕਾਉ, ਧੀਰਜ। ਪਗ = ਪੈਰ। ਬਿਨੁ ਪਗ ਪਾਗੇ = ਚਰਨਾਂ ਉਤੇ ਪੈਣ ਤੋਂ ਬਿਨਾ। ਪ੍ਰਭ ਮਿਲਹ = ਅਸੀ ਪ੍ਰਭੂ ਨੂੰ ਮਿਲ ਸਕਦੇ ਹਾਂ। ਸਭਾਗੇ = ਭਾਗਾਂ ਵਾਲੇ।੩।ਸਤ ਸੰਗਿ = ਸਤ ਸੰਗ ਵਿਚ। ਤਪਤਿ = ਤਪਸ਼, ਸੜਨ। ਘਰਹਿ = ਘਰ ਹੀ, ਘਰ ਵਿਚ ਹੀ। ਮੁਝਹਿ = ਮੈਨੂੰ। ਗੁਰਿ = ਗੁਰੂ ਨੇ। ਚੁਕਾਇਆ = ਦੂਰ ਕਰ ਦਿੱਤਾ।੪।ਜਹ = ਜਿੱਥੇ। ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਭਾਈ = ਹੇ ਭਾਈ! ਕਪਾਟੁ = ਕਵਾੜ, ਭਿੱਤ। ਠਹਰਾਈ = ਟਿਕ ਗਿਆ ਹੈ।੧।ਰਹਾਉ ਦੂਜਾ।

ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾ) ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?।੧।ਰਹਾਉ।ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧।ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ; ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨।ਹੇ ਸਖੀ! ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩।ਹੇ ਨਾਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪।ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।


ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701}

ਪਦਅਰਥ: ਸਿਉ = ਨਾਲ। ਜੋਰਿ = ਜੋੜਿ। ਗਹਉ = ਗਹਉਂ, ਮੈਂ ਫੜ ਲਵਾਂ। ਬਕਉ = ਬਕਉਂ, ਮੈਂ ਬੋਲਾਂ। ਸਭੁ = ਮਿੱਠੇ ਬੋਲ। ਰਸਨਾ = ਜੀਭ (ਨਾਲ) । ਅਕੋਰਿ = ਭੇਟਾ।੧।ਰਹਾਉ।ਕਿਆਰੋ = ਕਿਆਰਾ। ਸਿੰਚੈ = ਸਿੰਜਦਾ ਹੈ। ਸੁਧਾ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸੰਜੋਰਿ = ਚੰਗੀ ਤਰ੍ਹਾਂ ਜੋੜ ਕੇ। ਇਆ ਰਸ ਮਹਿ = ਇਸ ਰਸ ਵਿਚ। ਮਗਨੁ = ਮਸਤ। ਤੇ = ਤੋਂ, ਨਾਲ। ਬਿਖਿਆ = ਮਾਇਆ। ਤੋਰਿ = ਤੋੜ ਕੇ।੧।ਦੀਨ ਦੁਖ ਭੰਜਨ = ਹੇ ਦੀਨਾਂ ਦੇ ਦੁੱਖ ਦੂਰ ਕਰਨ ਵਾਲੇ! ਚਿਤਵਉ = ਚਿਤਵਉਂ, ਮੈਂ ਚਿਤਵਦਾ ਹਾਂ। ਓਰਿ = ਪਾਸਾ, ਓਟ। ਅਭੈ ਪਦੁ = ਨਿਰਭੈਤਾ ਦੀ ਅਵਸਥਾ। ਕੋ = ਦਾ। ਛੋਰਿ = ਛੁੜਾ ਕੇ।੨।

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।


ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}

ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧।ਨਾਮਿ = ਨਾਮ ਵਿਚ (ਜੁੜ ਕੇ ਹੀ) । ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ।ਮਾਰਗੁ = (ਜੀਵਨ ਦਾ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨।ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕਲਾ, ਤਾਕਤ। ਸਭਿ = ਸਾਰੇ। ਸਾਖੀ = ਸਿੱਖਿਆ। ਸਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) ।੩।ਸਤਿਗੁਰਿ = ਗੁਰੂ ਨੇ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਸਭਿ = ਸਾਰੇ। ਪਾਵਨ = ਪਵਿੱਤ੍ਰ। ਸੁਖਿ = ਆਨੰਦ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ = ਆਤਮੇ।੪।

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।


ਵਾਹਿਗੁਰੂ ਜੀ