Hukamnama 11.07.19: Ber Sahib, Baoli Sahib, Damdama Sahib, Baba Darbara Singh, State Gurdwara Sahib

165

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ {ਪੰਨਾ 691}

ਪਦਅਰਥ: ਸਨਕ ਸਨੰਦ = ਬ੍ਰਹਮਾ ਦੇ ਪੁੱਤਰ (ਸਨਕ, ਸਨੰਦ, ਸਨਾਤਨ, ਸਨਤ ਕੁਮਾਰ) । ਮਹੇਸ = ਸ਼ਿਵ। ਸਮਾਨਾਂ = ਵਰਗਿਆਂ ਨੇ। ਸੇਖ ਨਾਗਿ = ਸ਼ੇਸ਼ ਨਾਗ ਨੇ (ਸ਼ੇਸ਼ ਨਾਗ = ਸੱਪਾਂ ਦਾ ਰਾਜਾ, ਇਸ ਦੇ ਇੱਕ ਹਜ਼ਾਰ ਫਣ ਮਿੱਥੇ ਗਏ ਹਨ; ਇਹਨਾਂ ਨਾਲ ਇਹ ਆਪਣੇ ਇਸ਼ਟ ਵਿਸ਼ਨੂ ਭਗਵਾਨ ਉੱਤੇ ਛਾਂ ਕਰਦਾ ਹੈ, ਹਰੇਕ ਜੀਭ ਨਾਲ ਨਿੱਤ ਨਵਾਂ ਨਾਮ ਭਗਵਾਨ ਦਾ ਉਚਾਰਦਾ ਹੈ) । ਮਰਮੁ = ਭੇਤ।੧।ਰਿਦੈ = ਹਿਰਦੇ ਵਿਚ। ਬਸਾਈ = ਬਸਾਈਂ, ਮੈਂ ਵਸਾਉਂਦਾ ਹਾਂ।੧।ਰਹਾਉ।ਸਰਿ = ਵਰਗੇ ਨੇ। ਗਰੁੜ = ਵਿਸ਼ਨੂ ਭਗਵਾਨ ਦੀ ਸਵਾਰੀ, ਸਾਰੇ ਪੰਛੀਆਂ ਦਾ ਰਾਜਾ। ਸੁਰ ਪਤਿ = ਦੇਵਤਿਆਂ ਦਾ ਰਾਜਾ, ਇੰਦਰ। ਨਰਪਤਿ = ਮਨੁੱਖਾਂ ਦਾ ਰਾਜਾ।੨।ਕਮਲਾਪਤਿ = ਲੱਛਮੀ ਦਾ ਪਤੀ, ਵਿਸ਼ਨੂ। ਕਵਲਾ = ਲੱਛਮੀ।੩।ਕਹਿ = ਕਹੇ, ਆਖਦਾ ਹੈ। ਭਰਮੈ ਨਾਹੀ = ਭਟਕਦਾ ਨਹੀਂ। ਪਗ ਲਗਿ = ਚਰਨੀਂ ਲੱਗ ਕੇ। ਸਰਨਾਂਹੀ = ਸ਼ਰਨ ਵਿਚ।੪।

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।ਸ਼ਬਦ ਦਾ ਭਾਵ: ਅੱਨ ਪੂਜਾ ਛੱਡ ਕੇ ਇਕ ਪਰਮਾਤਮਾ ਦਾ ਹੀ ਭਜਨ ਕਰੋ। ਬ੍ਰਹਮਾ, ਸ਼ਿਵ, ਵਿਸ਼ਨੂ, ਇੰਦਰ ਆਦਿਕ ਅਤੇ ਉਹਨਾਂ ਦੇ ਸੇਵਕ ਪਰਮਾਤਮਾ ਦਾ ਅੰਤ ਨਾਹ ਪਾ ਸਕੇ।੧।


ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ ‘ਤਿਨਿ’ ਦੀ ‘ਿ’ ਕ੍ਰਿਆ ਵਿਸ਼ਸ਼ੇਣ ‘ਹੀ’ ਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकर} ਜਮ ਦਾ ਸੇਵਕ, ਜਮ = ਦੂਤ।੪।

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।


ਵਾਹਿਗੁਰੂ ਜੀ

ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ {ਪੰਨਾ 617}

ਨੋਟ: ਦੁਪਦੇ-ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ।ਪਦਅਰਥ: ਸਗਲ ਬਨਸਪਤਿ = ਸਾਰੀ ਬਨਸਪਤੀ, ਸਾਰੇ ਬੂਟੇ। ਬੈਸੰਤਰੁ = ਅੱਗ। ਘੀਆ = ਘਿਓ। ਸਮਾਣੀ = ਸਮਾਈ ਹੋਈ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਮਾਧਉ = ਮਾਧਵ, ਮਾਇਆ ਦਾ ਪਤੀ; ਪਰਮਾਤਮਾ।ਜੀਆ = ਸਭ ਜੀਵਾਂ ਵਿਚ।੧।ਰਹਿਆ ਸਮਾਹਿਓ = ਸਮਾ ਰਿਹਾ ਹੈ। ਪੂਰਨ = ਪੂਰੇ ਤੌਰ ਤੇ। ਜਲਿ = ਪਾਣੀ ਵਿਚ। ਆਹਿਓ = ਹੈ।੧।ਰਹਾਉ।ਗੁਣ ਨਿਧਾਨ ਜਸੁ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਜਸ। ਸਤਿਗੁਰਿ = ਗੁਰੂ ਨੇ। ਭਰਮੁ = ਭੁਲੇਖਾ। ਚੁਕਾਇਓ = ਦੂਰ ਕਰ ਦਿੱਤਾ ਹੈ। ਅਲੇਪਾ = ਨਿਰਲੇਪ।੨।

ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।


ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ ‘ਕਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।


ਵਾਹਿਗੁਰੂ ਜੀ