Hukamnama 12.07.19: Ber Sahib, Baoli Sahib, Damdama Sahib, Baba Darbara Singh, State Gurdwara Sahib

98

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ {ਪੰਨਾ 663}

ਪਦਅਰਥ: ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ।੧।ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ।ਰਹਾਉ।ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ।੨।ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ! ਦੁਬਿਧਾ = ਮਨ ਦੀ ਡਾਂਵਾਂ = ਡੋਲ ਹਾਲਤ, ਮੇਰ = ਤੇਰ। ਮੰਨਿ = ਮਨਿ, ਮਨ ਵਿਚ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ। ਪਰਸਾਦਿ = ਕਿਰਪਾ ਨਾਲ। ਆਇ = ਆ ਕੇ।੩।ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ। ਮਾਨਿਆ = ਪਤੀਜ ਜਾਂਦਾ ਹੈ।੪।

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।


ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥ {ਪੰਨਾ 817-818}

ਪਦਅਰਥ: ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਆਰਾਧੀਐ = ਆਰਾਧਨਾ ਚਾਹੀਦਾ ਹੈ। ਮਿਲਿ = ਮਿਲ ਕੇ। ਸਾਧ ਸਮਾਗੈ = ਸਾਧ = ਸਮਾਗਮ ਵਿਚ, ਸਾਧ ਸੰਗਤਿ ਵਿਚ। ਉਚਰਤ = ਉਚਾਰਦਿਆਂ। ਜਸੁ = ਸਿਫ਼ਤਿ-ਸਾਲਾਹ। ਤੇ = ਤੋਂ।੧।ਅਨਦਿਨੁ = ਹਰ ਰੋਜ਼, ਹਰ ਵੇਲੇ। ਸਦ = ਸਦਾ। ਜਾਗੈ = (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਤੰਤੁ ਮੰਤੁ = ਜਾਦੂ ਟੂਣਾ। ਜੋਹਈ = ਜੋਹੈ, ਤੱਕ ਸਕਦਾ, ਅਸਰ ਕਰ ਸਕਦਾ। ਤਿਤੁ = ਉਸ (ਮਨੁੱਖ) ਉੱਤੇ। ਚਾਖੁ = ਭੈੜੀ ਨਜ਼ਰ।੧।ਰਹਾਉ।ਮਦ ਮਾਨ = ਅਹੰਕਾਰ ਦੀ ਮਸਤੀ। ਮਦ = ਮਸਤੀ। ਅਨ ਰਾਗੈ = ਹੋਰ ਹੋਰ ਮੋਹ = ਪਿਆਰ। ਮਗਨ = ਮਸਤ। ਰਸਿ = ਰਸ ਵਿਚ, ਸੁਆਦ ਵਿਚ। ਰੰਗਿ = ਪ੍ਰੇਮ ਵਿਚ।੨।

ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।


ਵਾਹਿਗੁਰੂ ਜੀ


ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਤੇ’ ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ।੧।ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ।ਰਹਾਉ।ਜਾ ਕੈ ਘਰਿ = ਜਿਸ (ਪ੍ਰਭੂ) ਦੇ ਘਰ ਵਿਚ। ਨਉ ਨਿਧਿ = ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ। ਭੰਡਾਰ = ਖ਼ਜ਼ਾਨੇ। ਤਿਸ ਕੀ = {ਲਫ਼ਜ਼ ‘ਤਿਸ’ ਦਾ ੁ ਸੰਬੰਧਕ ‘ਕੀ’ ਦੇ ਕਾਰਨ ਉੱਡ ਗਿਆ ਹੈ}। ਅਗਮ = ਅਪਹੁੰਚ। ਅਪਾਰ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਸਾਰ = ਸੰਭਾਲ। ਭੇਟੀਐ = ਲੱਭੀਏ। ਸਬਦਿ = ਸ਼ਬਦ ਵਿਚ (ਜੋੜ ਕੇ) । ਮਿਲਾਵਣਹਾਰ = ਮਿਲਾ ਸਕਣ ਵਾਲਾ।੨।

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}

ਪਦਅਰਥ: ਸਚੇ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ। ਸਰੇਵੀਅਹਿ = ਸੇਵੇ ਜਾਣੇ ਚਾਹੀਦੇ ਹਨ। ਭ੍ਰਮੁ = ਭਟਕਣਾ। ਮਿਲਿ = ਮਿਲ ਕੇ। ਮਾਂਜੀਐ = ਮਾਂਜਣਾ ਚਾਹੀਦਾ ਹੈ। ਕੈ ਨਾਮਿ = ਦੇ ਨਾਮ ਵਿਚ। ਗਿਆਨ = ਆਤਮਕ ਜੀਵਨ ਦੀ ਸੂਝ। ਅਗਿਆਨਤਾ = ਆਤਮਕ ਜੀਵਨ ਵਲੋਂ ਬੇ = ਸਮਝੀ। ਕਮਲ ਪਰਗਾਸੁ = (ਹਿਰਦੇ ਦੇ) ਕੌਲ ਫੁੱਲ ਦਾ ਖਿੜਾਉ। ਸਭਿ = ਸਾਰੇ।੩।ਮੇਰਾ ਤੇਰਾ = ਮੇਰ = ਤੇਰ, ਵਿਤਕਰਾ। ਹੋਈਐ = ਬਣ ਜਾਣਾ ਚਾਹੀਦਾ ਹੈ। ਧੂਰਿ = ਖ਼ਾਕ। ਘਟਿ ਘਟਿ = ਹਰੇਕ ਘਟ ਵਿਚ। ਹਜੂਰਿ = ਅੰਗ = ਸੰਗ ਹੋ ਕੇ। ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਜਿਤੁ ਦਿਨਿ = ਜਿਸ ਦਿਨ ਵਿਚ। ਤਿਤੁ ਦਿਨਿ = ਉਸ ਦਿਨ ਵਿਚ। ਮਰੀਐ = ਮਰੀਦਾ ਹੈ। ਝੂਰਿ = ਪਛੁਤਾ ਕੇ। ਕਰਨ ਕਰਾਵਨ ਸਮਰਥੋ = ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ। ਕਲਾ = ਤਾਕਤ।੪।ਪਦਾਰਥੁ = ਕੀਮਤੀ ਧਨ। ਮੋਹ ਬਿਨਾਸੁ = ਮੋਹ ਦਾ ਨਾਸ। ਤਿਸੁ ਭਾਵੈ = ਉਸ (ਪਰਮਾਤਮਾ) ਨੂੰ ਚੰਗਾ ਲੱਗੇ। ਹਿਰਦੈ = ਹਿਰਦੇ ਵਿਚ। ਗੁਰਮੁਖਿ = ਗੁਰੂ ਦੀ ਸ਼ਰਨ ਪਿਆਂ। ਰਿਦੈ = ਹਿਰਦੈ ਵਿਚ। ਪਰਗਾਸੁ = ਚਾਨਣ। ਪ੍ਰਗਟ ਭਇਆ = ਉੱਘੜ ਪੈਂਦਾ ਹੈ। ਪਰਤਾਪੁ = ਤਾਕਤ। ਮਉਲਿਆ = ਖਿੜਿਆ ਹੋਇਆ।੫।

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}

ਪਦਅਰਥ: ਗੁਰਿ = ਗੁਰੂ ਨੇ। ਸੰਤੋਖਿਆ = ਸੰਤੋਖ ਦਿੱਤਾ। ਅਹਿ = ਦਿਨ। ਨਿਸਿ = ਰਾਤ। ਭਾਉ = ਪ੍ਰੇਮ। ਰਸਨਾ = ਜੀਭ (ਨਾਲ) । ਰਵੈ = ਸਿਮਰਦਾ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਸੁਆਉ = ਸੁਆਰਥ, ਮਨੋਰਥ। ਕਰਨੀ = ਕੰਨਾਂ ਨਾਲ, ਕਰਨੀਂ। ਜੀਅੜਾ = (ਨਿਭਾਗੀ) ਜਿੰਦ। ਜਲਿ ਜਾਉ = ਜਲਿ ਜਾਇ, (ਵਿਕਾਰਾਂ ਵਿਚ) ਸੜ ਜਾਂਦੀ ਹੈ।੬।ਸਾਹਿਬੈ = ਸਾਹਿਬ ਵਿਚ। ਹਉ = ਮੈਂ। ਤਿਸ ਕੈ = ਉਸ ਤੋਂ {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡ ਗਿਆ ਹੈ}। ਬਲਿ = ਸਦਕੇ। ਜਾਉ = ਜਾਉਂ, ਜਾਂਦਾ ਹਾਂ। ਦੇਇ = ਦੇਂਦਾ ਹੈ। ਸੰਬਾਹੇ = ਅਪੜਾਂਦਾ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਗੂੜਾ = ਗੂੜ੍ਹਾ ਪ੍ਰੇਮ = ਰੰਗ ਦੇਣ ਵਾਲਾ। ਭੇਟੀਐ = ਮਿਲ ਪੈਂਦਾ ਹੈ। ਕਰਮਾਉ = ਕਿਸਮਤ।੭।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}

ਪਦਅਰਥ: ਨ ਜੀਵੀਐ = ਨਹੀਂ ਜੀ ਸਕੀਦਾ, ਆਤਮਕ ਜੀਵਨ ਨਹੀਂ ਮਿਲ ਸਕਦਾ। ਕਲਾ = ਤਾਕਤਾਂ। ਸਾਸਿ = (ਹਰੇਕ) ਸਾਹ ਦੇ ਨਾਲ। ਗਿਰਾਸਿ = ਗਿਰਾਹੀ ਦੇ ਨਾਲ। ਸਾਸਿ ਗਿਰਾਸਿ = ਸਾਹ ਲੈਂਦਿਆਂ ਤੇ ਖਾਂਦਿਆਂ।ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਹਜੂਰਿ = ਅੰਗ = ਸੰਗ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਮਰਦੇ = ਆਤਮਕ ਮੌਤ ਸਹੇੜਦੇ ਹਨ। ਝੂਰਿ = ਚਿੰਤਾਤੁਰ ਹੋ ਕੇ।੮।ਅੰਚਲਿ = ਪੱਲੇ ਨਾਲ, ਲੜ ਨਾਲ। ਭਉਜਲੁ = ਸੰਸਾਰ = ਸਮੁੰਦਰ। ਕਰਿ = ਕਰ ਕੇ। ਨਦਰਿ = ਮੇਹਰ ਦੀ ਨਿਗਾਹ। ਨਿਹਾਲਿਆ = ਤੱਕਿਆ। ਕੀਤੋਨੁ = ਉਸ ਨੇ ਕੀਤਾ। ਅੰਗੁ = ਪੱਖ। ਅਪਾਰੁ = ਬੇਅੰਤ। ਸੀਤਲੁ = ਠੰਢਾ। ਅਧਾਰੁ = ਆਸਰਾ। ਕਿਲਬਿਖ = ਪਾਪ। ਕਾਟਣਹਾਰੁ = ਕੱਟ ਸਕਣ ਵਾਲਾ। ਜਿ = ਜੇਹੜਾ।੯।

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।


ਵਾਹਿਗੁਰੂ ਜੀ