Hukamnama 13.07.19: Ber Sahib, Baoli Sahib, Damdama Sahib, Baba Darbara Singh, State Gurdwara Sahib

184

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ {ਪੰਨਾ 599-600}

ਪਦਅਰਥ: ਸਭਿ = ਸਾਰੇ। ਸਬਦੈ = ਗੁਰੂ ਦੇ ਸ਼ਬਦ ਦਾ। ਸਾਦੁ = ਸੁਆਦ, ਰਸ। ਤੇ = ਤੋਂ, ਨਾਲ। ਜਿਨਿ = ਜਿਸ (ਮਨੁੱਖ) ਨੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ‘ਜਿਨਿ’ ਇਕ-ਵਚਨ ਹੈ}। ਆਪੁ = ਆਪਾ = ਭਾਵ। ਅਨਦਿਨੁ = ਹਰ ਰੋਜ਼। ਗਾਵਹਿ = ਗਾਂਦੇ ਹਨ। ਸਾਚੇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ। ਸਬਦਿ = ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ ਹੋ ਜਾਂਦੇ ਹਨ।੧।ਠਾਕੁਰ = ਹੇ ਮਾਲਕ! ਸਚਾ = ਸਦਾ-ਥਿਰ ਰਹਿਣ ਵਾਲਾ।ਰਹਾਉ।ਜਾਗਤ = (ਵਿਕਾਰਾਂ ਵਲੋਂ) ਸੁਚੇਤ। ਗਿਰਹੀ ਮਹਿ = ਗ੍ਰਿਹ ਵਿਚ ਹੀ, ਗ੍ਰਿਹਸਤ ਵਿਚ ਹੀ। ਉਰ = ਹਿਰਦਾ।੨।ਮਨੂਆ = ਅੱਲ੍ਹੜ ਮਨ। ਦਹ ਦਿਸਿ = ਦਸੀਂ ਪਾਸੀਂ। ਦੂਜੈ ਭਾਇ = ਮਾਇਆ ਦੇ ਮੋਹ ਵਿਚ। ਖੁਆਇਆ = ਰਾਹੋਂ ਖੁੰਝ ਜਾਂਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਮੁਗਧੁ = ਮੂਰਖ। ਭੇਟੇ = ਮਿਲ ਪਏ।੩।ਵੀਚਾਰੀ = ਵਿਚਾਰਵਾਨ (ਹੋ ਕੇ) । ਪ੍ਰਭਿ = ਪ੍ਰਭੂ ਨੇ। ਸਾਚੈ = ਸਦਾ-ਥਿਰ ਰਹਿਣ ਵਾਲੇ ਨੇ। ਨਾਵਹੁ = ਨਾਮ ਤੋਂ ਹੀ। ਗਤਿ = ਉੱਚੀ ਆਤਮਕ ਅਵਸਥਾ। ਏਹਾ = ਇਹ (ਨਾਮ) ਹੀ। ਰਾਸਿ = ਪੂੰਜੀ, ਸਰਮਾਇਆ।੪।

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।


ਸੂਹੀ ਮਹਲਾ ੫ ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ {ਪੰਨਾ 745}

ਪਦਅਰਥ: ਜਿਨਿ = ਜਿਸ (ਮਾਇਆ) ਨੇ। ਮੋਹੇ = ਮੋਹ ਲਏ ਹਨ। ਬ੍ਰਹਮੰਡ = ਸਾਰੀ ਸ੍ਰਿਸ਼ਟੀ। ਖੰਡ = ਸਾਰੇ ਦੇਸ। ਤਾ ਹੂ ਮਹਿ = ਉਸੇ ਵਿਚ ਹੀ। ਪਾਉ = ਪਾਉਂ, ਮੈਂ ਪੈ ਰਿਹਾ ਹਾਂ। ਬਿਖਈ = ਵਿਕਾਰੀ।੧।ਰਹਾਉ।ਜਾ ਤੇ = ਜਿਸ (ਮਾਇਆ) ਪਾਸੋਂ। ਜਾਉ = ਜਾਉਂ, ਮੈਂ ਜਾਂਦਾ ਹਾਂ। ਕਉ = ਨੂੰ। ਲਪਟਾਉ = ਲਪਟਾਉਂ।੧।ਕਰੁਣਾ = ਤਰਸ। ਪਤਿ = ਮਾਲਕ। ਪਤੇ = ਹੇ ਮਾਲਕ! ਕਰੁਣਾਪਤੇ = ਹੇ ਤਰਸ ਦੇ ਮਾਲਕ! ਗਾਉ = ਗਾਉਂ। ਸਮਾਉ = ਸਮਾਉਂ, ਮੈਂ ਲੀਨ ਰਹਾਂ।੨।

ਅਰਥ: ਹੇ ਪ੍ਰਭੂ! ਜਿਸ (ਮਾਇਆ) ਨੇ ਸਾਰੀ ਸ੍ਰਿਸ਼ਟੀ ਤੇ ਸਾਰੇ ਦੇਸ ਆਪਣੇ ਪਿਆਰ ਵਿਚ ਫਸਾਏ ਹੋਏ ਹਨ, ਉਸੇ (ਮਾਇਆ) ਦੇ ਵੱਸ ਵਿਚ ਮੈਂ ਭੀ ਪਿਆ ਹੋਇਆ ਹਾਂ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼, ਤੇ ਮੈਨੂੰ ਇਸ ਵਿਕਾਰੀ ਜੀਵ ਨੂੰ (ਮਾਇਆ ਦੇ ਹੱਥੋਂ) ਬਚਾ ਲੈ।੧।ਰਹਾਉ।ਹੇ ਪ੍ਰਭੂ! ਮੈਂ ਭੀ ਉਸ (ਮਾਇਆ) ਦੇ ਪਿੱਛੇ (ਮੁੜ ਮੁੜ) ਜਾਂਦਾ ਹਾਂ ਜਿਸ ਪਾਸੋਂ ਕੋਈ ਭੀ ਕਦੇ ਸੁਖੀ ਨਹੀਂ ਹੋਇਆ। ਮੈਂ ਮੁੜ ਮੁੜ (ਉਹਨਾਂ ਪਦਾਰਥਾਂ ਨਾਲ) ਚੰਬੜਦਾ ਹਾਂ, ਜੋ (ਆਖ਼ਰ) ਸਭਨਾਂ ਨੂੰ ਛੱਡ ਜਾਂਦੇ ਹਨ।੧।ਹੇ ਤਰਸ ਦੇ ਮਾਲਕ! ਹੇ ਹਰੀ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ। ਹੇ ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਅੱਗੇ ਇਹੀ) ਬੇਨਤੀ ਹੈ ਕਿ ਮੈਂ ਸਾਧ ਸੰਗਤਿ ਵਿਚ ਟਿਕਿਆ ਰਹਾਂ।੨।੩।੪੩।


ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥ {ਪੰਨਾ 606}

ਪਦਅਰਥ: ਕਰਿ = ਕਰ ਕੇ, ਬਣਾ ਕੇ। ਚਾਨਾਣੁ = ਚਨਾਣ। ਤਾਣੁ = ਸਹਾਰਾ, ਆਸਰਾ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਣੁ = ਸਿਆਣਾ, ਸਭ ਦੇ ਦਿਲ ਦੀ ਜਾਣਨ ਵਾਲਾ।੧।ਨੀਸਾਣੁ = ਜੀਵਨ = ਸਫ਼ਰ ਵਿਚ ਰਾਹਦਾਰੀ।ਰਹਾਉ।ਵਰਤਦਾ = ਵੰਡਦਾ। ਪਰਵਾਣੁ = ਕਬੂਲ (ਕਰਦਾ ਹੈ) । ਬਖਸ = ਬਖ਼ਸ਼ਸ਼। ਸਚੁ = ਸਦਾ ਕਾਇਮ ਰਹਿਣ ਵਾਲਾ। ਨੀਸਾਣੁ = ਨਿਸ਼ਾਨ, ਝੰਡਾ, ਚਾਨਣ = ਮੁਨਾਰਾ। ਹੁਕਮਿ = ਹੁਕਮ ਅਨੁਸਾਰ। ਫੁਰਮਾਣੁ = ਹੁਕਮ।੨।ਭੰਡਾਰ = ਖ਼ਜ਼ਾਨੇ। ਦਾਣੁ = ਦਾਨ, ਬਖ਼ਸ਼ੀਸ਼। ਮਾਣੁ = ਆਦਰ। ਤਾੜੀ = ਸਮਾਧੀ। ਗੁਣੀ ਨਿਧਾਨੁ = ਗੁਣਾਂ ਦਾ ਖ਼ਜ਼ਾਨਾ।੩।ਪਰਧਾਣੁ = ਮੰਨਿਆ = ਪ੍ਰਮੰਨਿਆ। ਤੁਲੁ = ਤਰਾਜ਼ੂ। ਪਰਵਾਣੁ = ਵੱਟਾ।੪।

ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ।ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧।ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ)ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨।ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩।ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।


ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}

ਪਦਅਰਥ: ਕੁਮਤਿ = ਭੈੜੀ ਮਤਿ। ਦਾਰਾ = ਇਸਤ੍ਰੀ। ਰਾਸਿ = ਰਸ ਵਿਚ। ਰਚਿਓ = ਮਸਤ ਹੈਂ।ਰਹਾਉ।ਮੁਕਤਿ ਪੰਥੁ = (ਇਹਨਾਂ) ਵਿਕਾਰਾਂ ਤੋਂ ਖ਼ਲਾਸੀ ਦਾ ਰਾਹ। ਨਾਹਨਿ = ਨਹੀਂ। ਧਾਇਆ = ਦੌੜਿਆ ਫਿਰਦਾ ਹੈਂ। ਸੰਗ = ਸਾਥ। ਕਾਹੂ = ਕਿਸੇ ਨੇ ਭੀ। ਬਿਰਥਾ = ਵਿਅਰਥ ਹੀ। ਆਪੁ = ਆਪਣੇ ਆਪ ਨੂੰ।੧।ਗਿਆਨਾ = ਆਤਮਕ ਜੀਵਨ ਦੀ ਸੂਝ। ਘਟ = ਹਿਰਦਾ। ਤੇਰੈ ਘਟ ਹੀ ਮਾਹਿ = ਤੇਰੇ ਹਿਰਦੇ ਵਿਚ ਹੀ। ਉਦਿਆਨਾ = ਜੰਗਲ।੨।ਤੈ ਹਾਰਿਓ = ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ। ਅਸਥਿਰ = ਅਡੋਲਤਾ ਵਿਚ ਰੱਖਣ ਵਾਲੀ। ਮਾਨਸ ਦੇਹ ਪਦ = ਮਨੁੱਖਾ ਸਰੀਰ ਦਾ ਦਰਜਾ। ਪਾਇ = ਹਾਸਲ ਕਰ ਕੇ। ਨਾਨਕ = ਹੇ ਨਾਨਕ!।੩।

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।


ਵਾਹਿਗੁਰੂ ਜੀ