Hukamnama 13.09.2019: Ber Sahib, Baoli Sahib, Damdama Sahib, Baba Darbara Singh, State Gurdwara Sahib

113
Today’s Hukamnama from Gurdwara Sri Ber Sahib Sultanpur Lodhi

ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥ {ਪੰਨਾ 559-560}

ਪਦਅਰਥ: ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਚੁ = ਸਦਾ-ਥਿਰ ਪ੍ਰਭੂ (ਦਾ ਨਾਮ ਸਿਮਰਨਾ) । ਸੰਜਮੁ = ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ। ਤਤੁ = ਅਸਲ। ਸਾਚੇ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ।੧।

ਮਨ = ਹੇ ਮਨ! ਸਮਾਲਿ = ਸਾਂਭ, ਯਾਦ ਕਰਦਾ ਰਹੁ।ਰਹਾਉ।

ਜਾਤਿ ਪਤਿ = ਜਾਤਿ ਪਾਤਿ, ਉੱਚੀ ਕੁਲ। ਸਖਾਈ = ਮਿੱਤਰ, ਸਾਥੀ।੨।

ਜਿਸ ਨੋ = {ਲਫ਼ਜ਼ ‘ਜਿਸ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ}। ਵਡਾਈ = ਇੱਜ਼ਤ।੩।

ਕਰਣੀ = ਕਰਤੱਬ, ਜੀਵਨ = ਮਨੋਰਥ। ਪਰਵਾਰੈ = ਪਰਵਾਰ ਵਾਸਤੇ। ਸਾਧਾਰੁ = ਸੁ = ਆਧਾਰੁ, ਆਧਾਰ ਸਹਿਤ, ਆਸਰਾ ਦੇਣ = ਜੋਗ।੪।

ਅਰਥ: ਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ। ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਸਾਥ ਨਿਬਾਹੁਣ ਵਾਲਾ ਹੈ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ, ਤੇ, ਆਤਮਕ ਜੀਵਨ ਦੀ ਸੂਝ ਦਾ ਮੂਲ ਹੈ। ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੁੜੀ ਰਹਿੰਦੀ ਹੈ।੧।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ, ਤੇ, ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ।੨।

ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ, ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ।੩।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ।੪।੬।


Today’s Hukamnama from Gurdwara Baoli Sahib Goindwal Sahib

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660}

ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧।

ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ।

ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!।੨।

ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।੧।ਰਹਾਉ।

ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ। ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ।੩।

ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ। ਜਿਤੁ = ਜਿਸ ਦੀ ਰਾਹੀਂ। ਜਾਇ = ਜਾ ਕੇ।੧।ਰਹਾਉ।

ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ। ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ।੪।

ਵਿਟਹੁ = ਤੋਂ। ਸਾਹਿਬ = ਹੇ ਸਾਹਿਬ!

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।


Today’s Hukamnama from Gurdwara Damdama Sahib Thatta (Kapurthala)

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਪਦਅਰਥ: ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ) । ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਜਾ ਕੈ = ਜਿਸ ਦੇ ਮਨ ਵਿਚ। ਕੰਚਨ = ਸੋਨਾ।੧।ਰਹਾਉ।

ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧।

ਮਨਸਾ = {मनीषा} ਮਨੋਕਾਮਨਾ। ਤੇ = ਤੋਂ। ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨।

ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।੩।

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।


Today’s Hukamnama from Gurdwara Baba Darbara Singh Ji Tibba (Kapurthala)

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ {ਪੰਨਾ 661-662}

ਪਦਅਰਥ: ਤਪਤੁ ਹੈ– ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧।

ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ।

ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨।

ਦਾਗ ਦੋਸ = ਦੋਸਾਂ ਦੇ ਦਾਗ਼। ਮੁਹਿ = ਮੂੰਹ ਉਤੇ। ਲਾਇ = ਲਾ ਕੇ। ਜਾਇ = ਥਾਂ।੩।

ਕਰਮਿ = ਮੇਹਰ ਨਾਲ, ਬਖ਼ਸ਼ਸ਼ ਨਾਲ। ਜਿਤੁ ਲਗਿ = ਜਿਸ ਵਿਚ ਲੱਗ ਕੇ। ਕੋ = ਕੋਈ ਜੀਵ। ਸਾਰ = ਸੰਭਾਲ।੪।

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।


Today’s Hukamnama from State Gurdwara Sahib Kapurthala

ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ {ਪੰਨਾ 569-570}

ਪਦਅਰਥ: ਰਤਨ ਪਦਾਰਥ = ਕੀਮਤੀ ਰਤਨ। ਵਣਜੀਅਹਿ = ਵਣਜੇ ਜਾਂਦੇ ਹਨ, ਖ਼ਰੀਦੇ ਜਾਂਦੇ ਹਨ। ਸਤਿਗੁਰਿ = ਗੁਰੂ ਨੇ। ਗੁਣ ਮਹਿ = (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਵਿਚ (ਜੁੜ ਕੇ) । ਗੁਣੀ = ਗੁਣਾਂ ਦੇ ਮਾਲਕ ਪ੍ਰਭੂ ਵਿਚ। ਸਮਾਈ = ਲੀਨਤਾ। ਸਮਾਏ = ਲੀਨ ਹੋ ਜਾਂਦਾ ਹੈ। ਸੰਸਾਰੇ = ਜਗਤ ਵਿਚ (ਆ ਕੇ) । ਦੂਜੈ = ਮਾਇਆ ਵਿਚ। ਅਧਾਰੇ = ਆਸਰਾ। ਏਤੁ = ਇਸ ਵਿਚ। ਵਾਪਾਰਿ = ਵਪਾਰ ਵਿਚ। ਏਤੁ ਵਾਪਾਰਿ = ਇਸ ਵਪਾਰ ਵਿਚ।੧।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।