Hukamnama 14.07.19: Ber Sahib, Baoli Sahib, Damdama Sahib, Baba Darbara Singh, State Gurdwara Sahib

109

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥ {ਪੰਨਾ 613}

ਪਦਅਰਥ: ਗਰਭ ਮੋਹਿ = ਪੇਟ ਵਿਚ। ਆਪਨ = ਆਪਣਾ। ਦੇ = ਦੇ ਕੇ। ਤਹ = ਉਥੇ, ਮਾਂ ਦੇ ਪੇਟ ਵਿਚ। ਰਾਖਨਹਾਰੇ = ਬਚਾਣ ਦੀ ਸਮਰਥਾ ਵਾਲੇ। ਪਾਵਕ = (ਵਿਕਾਰਾਂ ਦੀ) ਅੱਗ। ਸਾਗਰ = ਸਮੁੰਦਰ। ਅਥਾਹ = ਬਹੁਤ ਡੂੰਘਾ। ਤਾਰਨਹਾਰੇ = ਹੇ ਪਾਰ ਲੰਘਾ ਸਕਣ ਵਾਲੇ!।੧।ਮਾਧੌ = {ਮਾ = ਧਵ = ਮਾਇਆ ਦਾ ਪਤੀ} ਹੇ ਪ੍ਰਭੂ! ਸਿਰਿ ਮੋਰਾ = ਮੇਰੇ ਸਿਰ ਉੱੱਤੇ। ਈਹਾ = ਇਸ ਲੋਕ ਵਿਚ। ਊਹਾ = ਉਸ ਲੋਕ ਵਿਚ। ਧੋਰਾ = ਆਸਰਾ।ਰਹਾਉ।ਕੀਤੇ ਕਉ = ਬਣਾਈਆਂ ਚੀਜ਼ਾਂ ਨੂੰ। ਮੇਰੈ ਸੰਮਾਨੈ = ਮੇਰੈ ਸਮ ਮਾਨੈ, ਮੇਰੂ ਪਹਾੜ ਦੇ ਬਰਾਬਰ ਮੰਨਦਾ ਹੈ। ਤ੍ਰਿਣੁ = ਤੀਲਾ, ਤੁੱਛ। ਮਾਗਨ ਕਉ = ਮੰਗਣ ਵਾਲੀ। ਸਗਲੀ = ਸਾਰੀ ਲੁਕਾਈ। ਦੇਹਿ = ਤੂ ਦੇਂਦਾ ਹੈਂ। ਪ੍ਰਭ = ਹੇ ਪ੍ਰਭੂ! ਭਾਨੈ = ਆਪਣੀ ਰਜ਼ਾ ਵਿਚ।੨।ਖਿਨ = ਰਤਾ ਕੁ ਹੀ ਸਮਾ। ਅਵਰੁ = ਹੋਰ। ਖਿਨੈ ਮਹਿ = ਖਿਨ ਵਿਚ ਹੀ। ਅਚਰਜ = ਹੈਰਾਨ ਕਰ ਦੇਣ ਵਾਲੇ। ਚਲਤ = ਕੌਤਕ। ਰੂੜੋ = ਸੋਹਣਾ। ਗੂੜੋ = (ਸਾਰੇ ਸੰਸਾਰ ਵਿਚ) ਲੁਕਿਆ ਹੋਇਆ। ਗੰਭੀਰੋ = ਵੱਡੇ ਜਿਗਰੇ ਵਾਲਾ। ਅਗਮ = ਹੇ ਅਪਹੁੰਚ! ਅਪਾਰੇ = ਹੇ ਅਪਾਰ! ਹੇ ਬੇਅੰਤ!।੩।ਸਾਧ ਸੰਗਿ = ਸਾਧ ਸੰਗਤਿ ਵਿਚ। ਜਉ = ਜਦੋਂ। ਤੁਮਹਿ = ਤੂੰ ਆਪ ਹੀ। ਤਉ = ਤਦੋਂ। ਪੇਖਤ ਹੀ = ਵੇਖਦਿਆਂ ਹੀ। ਪੁਰਖ = ਸਰਬ = ਵਿਆਪਕ। ਨਿਰਬਾਣੀ = ਵਾਸ਼ਨਾ = ਰਹਿਤ।੪।

ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ।ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧।ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨।ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩।ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।


ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667}

ਪਦਅਰਥ: ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂ? ਲਾਵੈ = ਲਾ ਲਏ। ਪਾਲੀ = ਪੱਲੇ, ਲੜ।੧।ਮੀਤ = ਹੇ ਮਿੱਤਰੋ! ਭਲ = ਭਲਾ। ਨਿਰਾਲੀ = ਅਨੋਖੀ, ਅਚਰਜ।੧।ਰਹਾਉ।ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ। ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ = ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ।੨।ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ। ਕੇਲ = ਚੋਜ, ਤਮਾਸ਼ੇ। ਕੇਲਾਲੀ = ਚੋਜੀ।੩।ਲਚਾਨੀ = {ਅਸਲ ਲਫ਼ਜ਼ ‘ਲੋਚਾਨੀ’ ਹੈ, ਇਥੇ ‘ਲੁਚਾਨੀ’ ਪੜ੍ਹਨਾ ਹੈ}। ਹਰਿ = ਹੇ ਹਰੀ! ਬਨਵਾਲੀ = ਹੇ ਬਨਵਾਲੀ, ਹੇ ਪਰਮਾਤਮਾ! ਪਗ = ਪੈਰ। ਰਾਲੀ = ਖ਼ਾਕ, ਧੂੜ।੪।

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।


ਵਾਹਿਗੁਰੂ ਜੀ


ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ {ਪੰਨਾ 651}

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ {ਪੰਨਾ 651}

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ {ਪੰਨਾ 651-652}

ਪਦਅਰਥ: ਸਾਰ = ਕਦਰ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ।

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ {ਪੰਨਾ 652}

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ {ਪੰਨਾ 652}

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ {ਪੰਨਾ 652}

ਪਦਅਰਥ: ਸੈਣੀ = ਰਿਸ਼ਤੇਦਾਰ।

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।


ਵਾਹਿਗੁਰੂ ਜੀ