Hukamnama 15.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

101

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}

ਪਦਅਰਥ: ਇਕ ਮਨਿ = ਇਕ ਮਨ ਨਾਲ। ਇਕ ਚਿਤਿ = ਇਕ ਚਿੱਤ ਨਾਲ। ਭਾਇ = ਪ੍ਰੇਮ ਨਾਲ। ਦੇਇ = ਦੇਂਦਾ ਹੈ।

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}

ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।

ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}

ਪਦਅਰਥ: ਲਾਇਅਨ = ਲਾਏ ਹਨ ਉਸ (ਹਰੀ) ਨੇ। ਸਾਰ = ਸੰਭਾਲ।

ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।

ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ {ਪੰਨਾ 653-654}

ਪਦਅਰਥ: ਗੋਈ = ਨਾਸ ਕੀਤੀ ਹੈ।

ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥{ਪੰਨਾ 654}

ਪਦਅਰਥ: ਸਬਦੁ = ਹੁਕਮ। ਸਭੁ = ਹਰ ਥਾਂ।

ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ    {ਪੰਨਾ 654}

ਪਦਅਰਥ: ਸਭਿ = ਸਾਰੇ।

ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।


ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}

ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।

ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ।

ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨।

ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩।

ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪।

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।


ਰਾਗੁ ਰਾਮਕਲੀ ਮਹਲਾ ੫ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥ {ਪੰਨਾ 882}

ਪਦਅਰਥ: ਦੀਨ = ਗ਼ਰੀਬ, ਕੰਗਾਲ। ਦਾਤੇ = ਹੇ ਦਾਤਾਂ ਦੇਣ ਵਾਲੇ! ਕਿਆ ਧੋਪੈ = ਕੀਹ ਧੁਪ ਸਕਦਾ ਹੈ? (ਮਿੱਟੀ ਦਾ ਮੈਲਾ = ਪਨ) ਕਦੇ ਨਹੀਂ ਧੁਪ ਸਕਦਾ। ਸੁਆਮੀ = ਹੇ ਮਾਲਕ! ਗਤਿ = ਹਾਲਤ, ਦਸ਼ਾ।੧।

ਮਨ = ਹੇ ਮਨ! ਸੇਵਿ = ਸਰਨ ਪਿਆ ਰਹੁ। ਇਛਹੁ = ਮੰਗੇਂਗਾ। ਨ ਵਿਆਪੈ = ਜ਼ੋਰ ਨਹੀਂ ਪਾ ਸਕਦਾ।੧।ਰਹਾਉ।

ਕਾਚੇ ਭਾਂਡੇ = ਨਾਸਵੰਤ ਸਰੀਰ। ਸਾਜਿ = ਬਣਾ ਕੇ। ਨਿਵਾਜੇ = ਵਡਿਆਈ ਦਿੱਤੀ ਹੈ। ਸਮਾਈ = ਟਿਕੀ ਹੋਈ ਹੈ। ਲਿਖਤੁ = ਲੇਖ। ਧੁਰਿ = ਧੁਰ ਦਰਗਾਹ ਤੋਂ। ਕਰਤੈ = ਕਰਤਾਰ ਨੇ। ਕਿਰਤਿ = ਕਾਰ।੨।

ਥਾਪਿ ਕੀਆ = ਮਿਥ ਲਿਆ, ਸਮਝ ਲਿਆ। ਏਹੋ = ਇਹ ਮਿਥ ਹੀ, ਇਹ ਅਪਣੱਤ ਹੀ। ਜਿਨਿ = ਜਿਸ (ਪਰਮਾਤਮਾ) ਨੇ। ਚਿਤਿ = ਚਿੱਤ ਵਿਚ। ਮੋਹ = (ਇਸ ਜਿੰਦ ਤੇ ਸਰੀਰ ਦੇ) ਮੋਹ ਵਿਚ। ਮਨੁ = ਜਿੰਦ। ਅੰਧੁ = ਅੰਨ੍ਹਾ ਮਨੁੱਖ।੩।

ਜਿਨਿ = ਜਿਸ (ਪ੍ਰਭੂ) ਨੇ। ਸੇਈ = ਉਹ (ਪ੍ਰਭੂ) ਹੀ। ਮਹਲੁ = ਟਿਕਾਣਾ, ਉੱਚਾ ਆਸਣ। ਅਪਾਰਾ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਕਰੀ = ਕਰੀਂ, ਮੈਂ ਕਰਾਂ। ਗਾਵਾ = ਗਾਵਾਂ, ਮੈਂ ਗਾਂਦਾ ਰਹਾਂ।੪।

ਅਰਥ: ਹੇ ਮੇਰੇ ਮਨ! ਗੁਰੂ ਦੀ ਸਰਨ ਪਿਆ ਰਹੁ (ਗੁਰੂ ਦੇ ਦਰ ਤੇ ਰਿਹਾਂ ਹੀ) ਆਨੰਦ ਮਿਲਦਾ ਹੈ। (ਗੁਰੂ ਦੇ ਦਰ ਤੇ ਰਹਿ ਕੇ) ਜੇਹੜੀ ਕਾਮਨਾ ਚਿਤਵੇਂਗਾ, ਉਹੀ ਫਲ ਹਾਸਲ ਕਰ ਲਏਂਗਾ। (ਇਸ ਤਰ੍ਹਾਂ) ਕੋਈ ਦੁੱਖ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ।੧।ਰਹਾਉ।

ਹੇ ਗ਼ਰੀਬਾਂ ਉਤੇ ਬਖ਼ਸ਼ਸ਼ਾਂ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰਾ ਕੋਈ ਗੁਣ ਨਾਹ ਵਿਚਾਰੀਂ, ਮੇਰਾ ਕੋਈ ਔਗੁਣ ਨਾਹ ਵਿਚਾਰੀਂ (ਮੇਰੇ ਅੰਦਰ ਤਾਂ ਔਗੁਣ ਹੀ ਔਗੁਣ ਹਨ) । (ਜਿਵੇਂ ਪਾਣੀ ਨਾਲ ਧੋਤਿਆਂ) ਮਿੱਟੀ ਦਾ ਮੈਲਾ-ਪਨ ਕਦੇ ਧੁਪ ਨਹੀਂ ਸਕਦਾ, ਹੇ ਮਾਲਕ-ਪ੍ਰਭੂ! ਅਸਾਂ ਜੀਵਾਂ ਦੀ ਭੀ ਇਹੀ ਹਾਲਤ ਹੈ।੧।

ਹੇ ਭਾਈ! ਸਾਡੇ ਇਹ) ਨਾਸਵੰਤ ਸਰੀਰ ਬਣਾ ਕੇ (ਪਰਮਾਤਮਾ ਨੇ ਹੀ ਇਹਨਾਂ ਨੂੰ) ਵਡਿਆਈ ਦਿੱਤੀ ਹੋਈ ਹੈ (ਕਿਉਂਕਿ ਇਹਨਾਂ ਨਾਸਵੰਤ ਸਰੀਰਾਂ ਦੇ) ਅੰਦਰ ਉਸ ਦੀ ਜੋਤ ਟਿਕੀ ਹੋਈ ਹੈ। ਹੇ ਭਾਈ! ਸਾਡੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਧੁਰ ਦਰਗਾਹ ਤੋਂ ਜਿਹੋ ਜਿਹਾ (ਸੰਸਕਾਰਾਂ ਦਾ) ਲੇਖ (ਸਾਡੇ ਅੰਦਰ) ਲਿਖ ਦਿੱਤਾ ਹੈ, ਅਸੀ ਜੀਵ (ਹੁਣ ਭੀ) ਉਹੋ ਜਿਹੇ ਕਰਮਾਂ ਦੀ ਕਮਾਈ ਕਰੀ ਜਾਂਦੇ ਹਾਂ।੨।

ਹੇ ਭਾਈ! ਮਨੁੱਖ ਇਸ ਜਿੰਦ ਨੂੰ ਇਸ ਸਰੀਰ ਨੂੰ ਸਦਾ ਆਪਣਾ ਮਿਥੀ ਰੱਖਦਾ ਹੈ, ਇਹ ਅਪਣੱਤ ਹੀ (ਮਨੁੱਖ ਵਾਸਤੇ) ਜਨਮ ਮਰਨ (ਦੇ ਗੇੜ ਦਾ ਕਾਰਨ ਬਣੀ ਰਹਿੰਦੀ) ਹੈ। ਜਿਸ ਪਰਮਾਤਮਾ ਨੇ ਇਹ ਜਿੰਦ ਦਿੱਤੀ ਹੈ ਇਹ ਸਰੀਰ ਦਿੱਤਾ ਹੈ ਉਹ ਇਸ ਦੇ ਚਿੱਤ ਵਿਚ (ਕਦੇ) ਨਹੀਂ ਵੱਸਦਾ, ਅੰਨ੍ਹਾ ਮਨੁੱਖ (ਜਿੰਦ ਤੇ ਸਰੀਰ ਦੇ) ਮੋਹ ਵਿਚ ਫਸਿਆ ਰਹਿੰਦਾ ਹੈ।੩।

ਹੇ ਭਾਈ! ਜਿਸ ਪਰਮਾਤਮਾ ਨੇ (ਇਹ ਖੇਲ) ਬਣਾਇਆ ਹੈ ਉਹੀ (ਇਸ ਨੂੰ ਚਲਾਣਾ) ਜਾਣਦਾ ਹੈ, ਉਸ ਪਰਮਾਤਮਾ ਦਾ ਟਿਕਾਣਾ ਅਪਹੁੰਚ ਹੈ (ਜੀਵ ਉਸ ਪਰਮਾਤਮਾ ਦੀ ਰਜ਼ਾ ਨੂੰ ਸਮਝ ਨਹੀਂ ਸਕਦਾ) । ਹੇ ਨਾਨਕ! ਆਖ-ਹੇ ਪ੍ਰਭੂ!) ਮੈਂ ਤੇਰਾ ਦਾਸ ਹਾਂ (ਮੇਹਰ ਕਰ) ਮੈਂ ਤੇਰੀ ਭਗਤੀ ਕਰਦਾ ਰਹਾਂ, ਮੈਂ ਤੇਰੇ ਗੁਣ ਗਾਂਦਾ ਰਹਾਂ।੪।੧।


ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ {ਪੰਨਾ 666}

ਪਦਅਰਥ: ਨਾਵੈ ਕੀ = (ਪਰਮਾਤਮਾ ਦੇ) ਨਾਮ ਦੀ। ਮਿਤਿ = ਮਾਪ, ਮਰਯਾਦਾ। ਸੇ = ਉਹ {ਬਹੁ-ਵਚਨ}। ਧੰਨੁ = ਭਾਗਾਂ ਵਾਲੇ। ਨਾਮਿ = ਨਾਮ ਵਿਚ। ਲਿਵ = ਲਗਨ। ਸਾਚੀ = ਅਟੱਲ, ਕਦੇ ਉਕਾਈ ਨਾਹ ਖਾਣ ਵਾਲੀ। ਸਾਚਾ ਵੀਚਾਰੁ = ਸਦਾ-ਥਿਰ ਪ੍ਰਭੂ ਦੇ ਗੁਣਾਂ ਦਾ ਵਿਚਾਰ। ਦੇ = ਦੇਂਦਾ ਹੈ।੧।

ਅਚਰਜੁ = ਹੈਰਾਨ ਕਰਨ ਵਾਲਾ। ਕਲੀ ਕਾਲ ਵਿਚਿ = ਝਗੜਿਆਂ = ਭਰੇ ਜੀਵਨ = ਸਮੇ ਵਿਚ।੧।ਰਹਾਉ।

ਹਮ = ਅਸੀ ਜੀਵ। ਮਨ ਮਾਹਿ = (ਜੇ) ਮਨ ਵਿਚ (ਵਿਚਾਰ ਕਰ ਵੇਖੀਏ) । ਕਮਾਹਿ = (ਅਸੀ) ਕਰਦੇ ਹਾਂ। ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ ਹੀ। ਆਪੇ = (ਪ੍ਰਭੂ) ਆਪ ਹੀ।੨।

ਬਿਖਿਆ = ਮਾਇਆ। ਅਭਿਮਾਨੁ = ਅਹੰਕਾਰ। ਅਹੰਕਾਰਿ = ਅਹੰਕਾਰ ਵਿਚ। ਮਾਨੁ = ਆਦਰ। ਆਪੁ = ਆਪਾ = ਭਾਵ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਹਾਂ। ਸਚੁ = ਸਦਾ-ਥਿਰ ਪ੍ਰਭੂ।੩।

ਸਾਜੇ = ਪੈਦਾ ਕਰਦਾ ਹੈ। ਸਚਿ = ਸਦਾ-ਥਿਰ ਨਾਮ ਵਿਚ। ਨਾਮਿ = ਨਾਮ ਵਿਚ (ਜੁੜਿਆਂ) । ਆਗੈ = ਪਰਲੋਕ ਵਿਚ (ਭੀ) ।੪।

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।

(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।

ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।