Today’s Hukamnama 09.10.2019: Ber Sahib, Baoli Sahib, Damdama Sahib, Baba Darbara Singh, State Gurdwara Sahib

149
Today’s Hukamnama from Gurdwara Sri Ber Sahib Sultanpur Lodhi


ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥ {ਪੰਨਾ 529-530}

ਪਦਅਰਥ: ਪ੍ਰਾਨ ਦਾਤੇ = ਹੇ ਜਿੰਦ ਦੇਣ ਵਾਲੇ! ਸੁਖਦਾਤੇ = ਹੇ ਸੁਖ ਦੇਣ ਵਾਲੇ! ਪ੍ਰਸਾਦਿ = ਕਿਰਪਾ ਨਾਲ। ਕਾਹੂ = ਕਿਸੇ ਵਿਰਲੇ ਨੇ। ਜਾਤੇ = ਤੇਰੇ ਨਾਲ ਡੂੰਘੀ ਸਾਂਝ ਪਾਈ।੧।ਰਹਾਉ।

ਪ੍ਰੀਤਮ = ਹੇ ਪ੍ਰੀਤਮ! ਕਾਲ = ਆਤਮਕ ਮੌਤ। ਨਾ ਖਾਤੇ = ਨਹੀਂ ਖਾ ਜਾਂਦੀ। ਰੰਗਿ = ਪ੍ਰੇਮ = ਰੰਗ ਵਿਚ। ਲਾਲ = ਚਾ = ਭਰੇ। ਰਸਿ = ਰਸ ਵਿਚ। ਮਾਤੇ = ਮਸਤ।੧।

ਕਿਲਬਿਖ = ਪਾਪ। ਕੋਟਿ = ਕ੍ਰੋੜਾਂ। ਦੋਖ = ਐਬ। ਪ੍ਰਭ = ਹੇ ਪ੍ਰਭੂ! ਦ੍ਰਿਸਟਿ = ਨਿਗਾਹ। ਹਾਤੇ = ਨਾਸ ਹੋ ਜਾਂਦੇ ਹਨ, ਹਤੇ ਜਾਂਦੇ ਹਨ। ਪਰਾਤੇ = ਪੈਂਦੇ ਹਨ।੨।

ਅਰਥ: ਹੇ ਜਿੰਦ ਦੇਣ ਵਾਲੇ ਹਰੀ! ਹੇ ਸੁਖ ਦੇਣ ਵਾਲੇ ਪ੍ਰਭੂ! ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਦੀ ਰਾਹੀਂ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।੧।ਰਹਾਉ।

ਹੇ ਪ੍ਰੀਤਮ ਪ੍ਰਭੂ! ਜੇਹੜੇ ਤੇਰੇ ਸੰਤ ਤੇਰੇ ਹੀ ਬਣੇ ਰਹਿੰਦੇ ਹਨ, ਆਤਮਕ ਮੌਤ ਉਹਨਾਂ ਦੇ ਸੁੱਚੇ ਜੀਵਨ ਨੂੰ ਮੁਕਾ ਨਹੀਂ ਸਕਦੀ। ਹੇ ਪ੍ਰਭੂ! ਉਹ ਤੇਰੇ ਸੰਤ ਤੇਰੇ ਪ੍ਰੇਮ-ਰੰਗ ਵਿਚ ਲਾਲ ਹੋਏ ਰਹਿੰਦੇ ਹਨ, ਉਹ ਤੇਰੇ ਨਾਮ-ਰਸ ਵਿਚ ਮਸਤ ਰਹਿੰਦੇ ਹਨ।੧।

ਹੇ ਪ੍ਰਭੂ! ਜੀਵਾਂ ਦੇ ਕੀਤੇ ਹੋਏ) ਵੱਡੇ ਵੱਡੇ ਪਾਪ, ਕ੍ਰੋੜਾਂ ਐਬ ਤੇ ਰੋਗ ਤੇਰੀ ਮੇਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ।

ਹੇ ਨਾਨਕ! ਆਖ-) ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਪੈਂਦੇ ਹਨ ਉਹ ਸੁੱਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ।੨।੮।

Today’s Hukamnama from Gurdwara Baoli Sahib Goindwal Sahib

ਸੋਰਠਿ ਮਹਲਾ ੧ ਘਰੁ ੧ ॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥ {ਪੰਨਾ 595}

ਪਦਅਰਥ: ਹਾਲੀ = ਹਲ ਵਾਹੁਣ ਵਾਲਾ। ਕਿਰਸਾਣੀ = ਵਾਹੀ ਦਾ ਕੰਮ। ਕਰਣੀ = ਉੱਚਾ ਆਚਰਨ। ਸਰਮੁ = {श्रम} ਮੇਹਨਤ, ਉੱਦਮ। ਰਖੁ = ਰਾਖਾ। ਗਰੀਬੀ ਵੇਸੁ = ਸਾਦਾ ਲਿਬਾਸ, ਸਾਦਗੀ, ਸਾਦਾ ਜੀਵਨ। ਭਾਉ = ਪ੍ਰੇਮ। ਕਰਮ = ਬਖ਼ਸ਼ਸ਼। ਕਰਮ ਕਰਿ = (ਪਰਮਾਤਮਾ ਦੀ) ਮੇਹਰ ਨਾਲ। ਜੰਮਸੀ = ਉੱਗੇਗਾ, ਪੈਦਾ ਹੋਵੇਗਾ। ਭਾਗਠ = ਭਾਗਾਂ ਵਾਲੇ, ਧਨਾਢ।੧।

ਬਾਬਾ = ਹੇ ਭਾਈ! ਇਨਿ = ਇਸ ਨੇ।ਰਹਾਉ।

ਹਾਣੁ = ਬੀਤਣਾ, ਗੁਜ਼ਰਨਾ। ਆਰਜਾ = ਉਮਰ। ਆਰਜਾ ਹਾਣੁ = ਉਮਰ ਦਾ ਬੀਤਣਾ, ਸੁਆਸਾਂ ਦਾ ਚਲਣਾ, ਹਰੇਕ ਸੁਆਸ ਦੇ ਨਾਲ ਨਾਮ ਨੂੰ ਪ੍ਰੋਣਾ। ਹਟੁ = ਦੁਕਾਨ। ਵਥੁ = ਸੌਦਾ। ਸੋਚ = ਵਿਚਾਰ। ਭਾਂਡਸਾਲ = ਭਾਂਡਿਆਂ ਦੀ ਕਤਾਰ। ਤਿਸੁ ਵਿਚ = ਉਸ ਭਾਂਡਸਾਲ ਵਿਚ। ਤਿਸ ਨੋ = ਉਸ ਨਾਮ = ਵਥ ਨੂੰ {ਨੋਟ: ‘ਜਿਸੁ, ਕਿਸੁ, ਤਿਸੁ, ਉਸੁ’ ਦਾ ਅੰਤਲਾ ੁ ਹੇਠ = ਲਿਖੇ ਸੰਬੰਧਕਾਂ ਦੇ ਨਾਲ ਉੱਡ ਜਾਂਦਾ ਹੈ– ਕਾ, ਕੇ, ਕੀ, ਦਾ, ਦੇ, ਦੀ, ਨੈ, ਨੋ, ਤੇ}। ਵਣਜਾਰੇ = ਸਤਸੰਗੀ। ਮਨ ਹਸੁ = ਮਨ ਦਾ ਹਾਸਾ, ਮਨ ਦਾ ਖਿੜਾਉ।੨।

ਸਾਸਤ = ਧਰਮ = ਪੁਸਤਕ। ਸਤੁ = ਉੱਚਾ ਆਚਰਨ। ਮਨ = ਹੇ ਮਨ! ਮਤੁ ਜਾਣਹਿ ਕਲੁ = ਮਤਾਂ ਕੱਲ ਜਾਣੇ, ਕੱਲ ਤੇ ਨਾਹ ਪਾਈਂ। ਦੇਸਿ = ਦੇਸ ਵਿਚ। ਸੁਖਿ = ਸੁਖ ਵਿਚ, ਆਤਮਕ ਆਨੰਦ ਵਿਚ। ਮਹਲੁ = ਟਿਕਾਣਾ।੩।

ਚਾਕਰੀ = ਨੌਕਰੀ। ਕੰਮੁ = ਨੌਕਰੀ ਦਾ ਕੰਮ। ਬੰਨੁ = ਰੋਕ ਰੱਖ। ਧਾਵਣੀ = ਨੌਕਰੀ ਦੀ ਦੌੜ = ਭੱਜ। ਤਾ = ਤਦੋਂ ਹੀ। ਧੰਨੁ = ਸ਼ਾਬਾਸ਼ੇ। ਚਵਗਣ = ਚੌਗੁਣਾ। ਵੰਨੁ = ਰੰਗ।੪।

ਨੋਟ: ਧਨ ਕਮਾਣ ਲਈ ਆਮ ਤੌਰ ਤੇ ਚਾਰ ਵਸੀਲੇ ਹਨ-ਵਾਹੀ, ਦੁਕਾਨ, ਵਪਾਰ, ਤੇ ਨੌਕਰੀ। ਇਸ ਸ਼ਬਦ ਵਿਚ ਫ਼ੁਰਮਾਂਦੇ ਹਨ ਕਿ ਦੁਨੀਆ ਦਾ ਧਨ ਤਾਂ ਇਥੋਂ ਤੁਰਨ ਵੇਲੇ ਸਾਥ ਛੱਡ ਦੇਵੇਗਾ, ਨਾਲ ਨਿਭਣ ਵਾਲਾ ਨਾਮ-ਧਨ ਹੈ, ਉਸ ਨੂੰ ਇਕੱਠਾ ਕਰਨ ਲਈ ਉਵੇਂ ਹੀ ਮੇਹਨਤ ਕਰਨੀ ਹੈ ਜਿਵੇਂ ਕਿਸਾਨ ਵਾਹੀ ਦੀ ਮੇਹਨਤ ਕਰਦਾ ਹੈ, ਜਿਵੇਂ ਦੁਕਾਨਦਾਰ ਦੁਕਾਨ ਵਿਚ, ਜਿਵੇਂ ਵਪਾਰੀ ਵਪਾਰ ਵਿਚ ਤੇ ਜਿਵੇਂ ਮੁਲਾਜ਼ਮ ਨੌਕਰੀ ਵਿਚ।

ਅਰਥ: ਹੇ ਭਾਈ! ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) ।੧।ਰਹਾਉ।

(ਹੇ ਭਾਈ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ (ਨਾਮ ਫ਼ਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ। (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫ਼ਸਲ ਦੀ ਰਾਖੀ ਕਰਨ ਲਈ) ਰਾਖਾ ਹੈ। (ਹੇ ਭਾਈ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ। ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ।੧।

(ਹੇ ਭਾਈ!) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ। ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ। ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ। ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ।੨।

(ਹੇ ਭਾਈ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫ਼ਰ ਵਿਚ ਭੀ ਖ਼ਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ। ਹੇ ਮਨ! ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ। ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ।੩।

(ਹੇ ਭਾਈ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ। ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ। (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ। ਹੇ ਨਾਨਕ! ਇਹ ਨੌਕਰੀ ਕੀਤਿਆਂ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ।੪।੨।

Today’s Hukamnama from Gurdwara Damdama Sahib Thatta (Kapurthala)

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਪੰਨਾ 716}

ਪਦਅਰਥ: ਗੁਨੁ = ਉਪਕਾਰ। ਪੰਚ ਦੋਖ = (ਕਾਮਾਦਿਕ) ਪੰਜੇ ਵਿਕਾਰ। ਅਰੁ = ਅਤੇ। ਅਹੰ ਰੋਗ = ਹਉਮੈ ਦਾ ਰੋਗ। ਤੇ = ਤੋਂ। ਸਗਲ = ਸਾਰੇ।ਰਹਾਉ।

ਬੰਧਨ = ਫਾਹੀਆਂ। ਤੋਰਿ = ਤੋੜ ਕੇ। ਛੋਰਿ = ਛੁਡਾ ਕੇ। ਬਿਖਿਆ ਤੇ = ਮਾਇਆ (ਦੇ ਮੋਹ) ਤੋਂ। ਕੋ = ਦਾ। ਮੇਰੈ ਹੀਅਰੈ = ਮੇਰੇ ਹਿਰਦੇ ਵਿਚ। ਰੂਪੁ = ਸੁਹਜ। ਅਨਰੂਪੁ = ਕੁਹਜ। ਗਹਿਓ = ਫੜ ਲਿਆ, ਬੰਨ੍ਹ ਦਿੱਤਾ। ਮੋਹਿ = ਮੈਨੂੰ। ਰੰਗਿ = ਪ੍ਰੇਮ = ਰੰਗ ਵਿਚ। ਭੀਨ = ਭਿਉਂ ਦਿੱਤਾ।੧।

ਲਾਲਨੁ = ਸੋਹਣਾ ਲਾਲ। ਪਾਟ ਬੀਚ = ਵਿਚਲੇ ਪਰਦੇ। ਖੋਏ = ਖੋਇ, ਦੂਰ ਕਰਕੇ। ਹਰਖੇ = ਖ਼ੁਸ਼ੀ ਵਿਚ। ਪਤੀਨ = ਪਤੀਜ ਗਿਆ। ਤਿਸ ਹੀ = {ਲਫ਼ਜ਼ ‘ਤਿਸੁ’ ਦਾ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ}। ਗ੍ਰਿਹੁ = ਸਰੀਰ = ਘਰ। ਠਾਕੁਰੁ = ਮਾਲਕ। ਕੋ ਧੀਨ = ਕਾ ਅਧੀਨ, ਦਾ ਸੇਵਕ।੨।

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

Today’s Hukamnama from Gurdwara Baba Darbara Singh Ji Tibba (Kapurthala)

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ {ਪੰਨਾ 703}

ਪਦਅਰਥ: ਪਿਆਸੀ = ਤਿਹਾਈ, ਚਾਹਵਾਨ। ਚਿਤਵਉ = ਚਿਤਵਉਂ, ਮੈਂ ਚਿਤਾਰਦੀ ਹਾਂ। ਅਨਦਿਨੁ = ਹਰ ਰੋਜ਼ {अनुदिनां} ਹਰ ਵੇਲੇ। ਨੀਤ = ਨਿੱਤ, ਸਦਾ। ਖੋਲ੍ਹ੍ਹਿ = ਖੋਹਲ ਕੇ। ਕਪਟ = ਕਪਾਟ, ਕਿਵਾੜ। ਖੋਲ੍ਹ੍ਹਿ ਕਪਟ = ਮੇਰੇ ਮਨ ਦੇ ਕਿਵਾੜ ਖੋਹਲ ਕੇ, ਮੇਰੇ ਮਾਇਆ ਦੇ ਛੌੜ ਕੱਟ ਕੇ। ਗੁਰਿ = ਗੁਰੂ ਨੇ। ਮੇਲੀਆ = ਮਿਲਾ ਦਿੱਤਾ। ਸੰਗਿ = ਨਾਲ।੧।

ਛੰਤ। ਯਾਰ = ਹੇ ਯਾਰ! ਸਜਣ = ਹੇ ਸੱਜਣ! ਕਰਉ = ਕਰਉਂ, ਮੈਂ ਕਰਦੀ ਹਾਂ। ਹਉ ਫਿਰਉ = ਹਉ ਫਿਰਉਂ, ਮੈਂ ਫਿਰਦੀ ਹਾਂ। ਤਿਸੁ ਦਸਿ = ਉਸ ਦੀ ਦੱਸ ਪਾ। ਧਰੀ = ਧਰੀਂ, ਮੈਂ ਧਰਾਂ। ਉਤਾਰੇ = ਉਤਾਰਿ, ਲਾਹ ਕੇ। ਇਕ ਭੋਰੀ = ਰਤਾ ਭਰ ਹੀ। ਦੀਜੈ = ਦੇਹ। ਨੈਨ = ਅੱਖਾਂ। ਪ੍ਰਿਅ ਰੰਗ = ਪਿਆਰੇ ਦੇ ਪ੍ਰੇਮ = ਰੰਗ। ਨਾ ਧੀਰੀਜੈ = ਧੀਰਜ ਨਹੀਂ ਕਰਦਾ। ਸਿਉ = ਨਾਲ। ਲੀਨਾ = ਮਸਤ। ਜਲ ਮੀਨਾ = ਪਾਣੀ ਦੀ ਮੱਛੀ। ਚਾਤ੍ਰਿਕ = ਪਪੀਹਾ। ਤਿਸੰਤੀਆ = ਤਿਹਾਇਆ। ਤਿਖਾ = ਤ੍ਰੇਹ, ਪਿਆਸ।੧।

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥{ਪੰਨਾ 703}

ਪਦਅਰਥ: ਪ੍ਰਿਅ = ਪਿਆਰੇ ਦੀਆਂ। ਹਭੇ = ਸਾਰੀਆਂ। ਮੂ = ਮੈਂ। ਕਹੀ ਨ ਜੇਹੀਆ = ਕਿਸੇ ਵਰਗੀ ਭੀ ਨਹੀਂ। ਡੂੰ = ਤੋਂ। ਹਿਕਿ = ਇਕਿ {ਲਫ਼ਜ਼ ‘ਇਕ’ ਤੋਂ ਬਹੁ-ਵਚਨ}। ਚਾੜੈ = ਚੜ੍ਹਦੀਆਂ; ਵਧੀਆ, ਸੋਹਣੀਆਂ। ਹਉ = ਮੈਂ। ਕਿਸੁ ਚਿਤੇਹੀਆ = ਕਿਸ ਨੂੰ ਚੇਤੇ ਹਾਂ? ਡੂੰ = ਤੋਂ। ਭੋਗ ਬਿਲਾਸਾ = ਮਿਲਾਪ ਦਾ ਆਨੰਦ। ਦੇਖਿ = ਵੇਖ ਕੇ। ਮਨਿ = ਮਨ ਵਿਚ। ਕਦਿ = ਕਦੋਂ? ਪਾਈ = ਪਾਈਂ, ਮੈਂ ਮਿਲ ਸਕਾਂ। ਦੇਖਿ = ਵੇਖ ਕੇ ਗੁਣਾਂ ਦਾ ਖ਼ਜ਼ਾਨਾ ਹਰੀ। ਮੈਡਾ = ਮੇਰਾ। ਰੀਝਾਇਆ = ਪ੍ਰਸੰਨ ਕਰ ਲਿਆ। ਜਿਨੀ = ਜਿਨਿ, ਜਿਸ ਨੇ। ਡੇਂਹੀਆ = ਦੇ ਦਿਆਂ। ਨਾਨਕੁ ਕਹੈ– ਨਾਨਕ ਆਖਦਾ ਹੈ। ਬਿਨਉ = {विनय} ਬੇਨਤੀ। ਸੁਹਾਗਣਿ = ਹੇ ਸੋਹਾਗ ਵਾਲੀਏ! ਮੂ = ਮੈਨੂੰ। ਡਿਖਾ = ਵੇਖਾਂ।੨।

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂ) ਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ? ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।


ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ {ਪੰਨਾ 704}

ਪਦਅਰਥ: ਯਾਰ ਵੇ = ਹੇ ਸਤਸੰਗੀ ਮਿੱਤਰ! ਭਾਣਾ = ਚੰਗਾ ਲੱਗ ਪਿਆ। ਨੀਸੀ = ਨਹੀਂ। ਛੰਦਾ = ਮੁਥਾਜੀ। ਤੈ = ਤੈਂ, ਤੂੰ। ਰਾਵਿਆ = ਮਿਲਾਪ ਹਾਸਲ ਕੀਤਾ। ਮੂ = ਮੈਨੂੰ। ਦਸੰਦਾ = ਪੁੱਛਦਾ ਹਾਂ। ਆਪੁ = ਆਪਾ = ਭਾਵ। ਜੈ ਧਨ ਮਥਾਣੇ = ਜਿਸ (ਜੀਵ-) ਇਸਤ੍ਰੀ ਦੇ ਮੱਥੇ ਉਤੇ। ਪਕੜਿ = ਫੜ ਕੇ। ਠਾਕੁਰਿ = ਠਾਕੁਰ ਨੇ। ਘਿਧੀ = ਲੈ ਲਈ, ਆਪਣੀ ਬਣਾ ਲਈ। ਗੁਣ ਹਾਰੁ = ਗੁਣਾਂ ਦਾ ਹਾਰ। ਹਭੋ ਕਿਛੁ = ਸਭ ਕੁਝ, ਸਾਰਾ ਜੀਵਨ। ਤਿਸੁ = ਤਿਸੁ (ਮਿਲਿ) । ਸਾਈ = ਉਹੀ। ਸੰਗਿ = ਨਾਲ।੩।

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ) । (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ {ਪੰਨਾ 704}

ਪਦਅਰਥ: ਸੁਖ = ਸੁੱਖਣਾ। ਸੁਖੇਦੀ = ਮੈਂ ਸੁੱਖਦੀ ਸਾਂ। ਸਾ = ਉਹ (ਸੁੱਖਣਾ) । ਲੋੜੀਦਾ = ਜਿਸ ਨੂੰ ਮੈਂ ਲੋੜਦੀ ਸਾਂ। ਵਧਾਈ = ਚੜ੍ਹਦੀ ਕਲਾ, ਉਤਸ਼ਾਹ। ਰਹਸੁ = ਆਨੰਦ। ਸਦ = ਸਦਾ। ਨਵ ਰੰਗੀਆ = ਨਵੇਂ ਰੰਗ ਵਾਲਾ। ਭਾਗਿ = ਕਿਸਮਤ ਨਾਲ। ਗੁਰਿ = ਗੁਰੂ ਨੇ। ਕੈ ਸਤਸੰਗੀਆ = ਦੀ ਸੰਗਤਿ ਵਿਚ। ਮਨਸਾ = ਮੁਰਾਦ। ਅੰਕਿ = ਅੰਕ ਵਿਚ। ਅੰਕੁ = ਅੰਗ, ਆਪਾ। ਮਿਲਿ = ਮਿਲ ਕੇ। ਗੁਰ ਮਿਲਿ = ਗੁਰੂ ਨੂੰ ਮਿਲ ਕੇ।੪।

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ) । ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

Today’s Hukamnama from State Gurdwara Sahib Kapurthala

ਸੋਰਠਿ ਮਹਲਾ ੫ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ {ਪੰਨਾ 612}

ਨੋਟ: ਇਥੋਂ ‘ਘਰੁ ੨’ ਦੇ ਸ਼ਬਦ ਸ਼ੁਰੂ ਹੁੰਦੇ ਹਨ। ਪਹਿਲੇ ਸ਼ਬਦਾਂ ਦਾ ਸੰਗ੍ਰਹ ੧੧ ਹੈ।

ਪਦਅਰਥ: ਗੁਰ ਹਾਈ = ਗੁਰਭਾਈ। ਮੀਤਾ = ਹੇ ਮਿੱਤਰ! ਜੀਉ = ਜਿੰਦ। ਬਲਿ ਜਾਸੀ = ਸਦਕੇ ਜਾਵੇਗੀ।੧।

ਕਉ = ਤੋਂ। ਬਲਿ ਜਾਈ = ਜਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਭਾਈ = ਹੇ ਭਾਈ!।ਰਹਾਉ।

ਪਾਵ = {ਲਫ਼ਜ਼ ‘ਪਾਉ’ ਤੋਂ ਬਹੁ-ਵਚਨ} ਦੋਵੇਂ ਪੈਰ। ਮਲੋਵਾ = ਮਲੋਵਾਂ, ਮੈਂ ਮਲਾਂਗਾ। ਮਲਿ = ਮਲ ਕੇ। ਧੋਵਾ = ਧੋਵਾਂ, ਮੈਂ ਧੋਵਾਂਗਾ। ਤੈ ਕੂ = ਤੈਨੂੰ। ਦੇਸਾ = ਦੇਸਾਂ, ਮੈਂ ਦਿਆਂਗਾ। ਹਉ = ਮੈਂ। ਪ੍ਰਭ ਮਿਲਉ = ਮੈਂ ਪ੍ਰਭੂ ਨੂੰ ਮਿਲ ਪਵਾਂ, ਮਿਲਉਂ।੨।

ਮਾਨੁ = ਅਹੰਕਾਰ। ਕੀਜੈ = ਕਰਨਾ ਚਾਹੀਦਾ। ਪਰੀਜੈ = ਪੈਣਾ ਚਾਹੀਦਾ ਹੈ। ਪਿੰਡੁ = ਸਰੀਰ। ਅਰਪੀਜੈ = ਭੇਟ ਕਰ ਦੇਣਾ ਚਾਹੀਦਾ ਹੈ। ਇਉ = ਇਉਂ, ਇਸ ਤਰ੍ਹਾਂ।੩।

ਅਨੁਗ੍ਰਹੁ = ਮੇਹਰ, ਕਿਰਪਾ। ਪ੍ਰਸਾਦਿ = ਕਿਰਪਾ ਨਾਲ। ਗੁਰਿ = ਗੁਰੂ ਨੇ। ਅਕੁਲ = ਅ = ਕੁਲ, ਜਿਸ ਦੀ ਕੋਈ ਖ਼ਾਸ ਕੁਲ ਨਹੀਂ। ਨਿਰੰਜਨੁ = {ਨਿਰ = ਅੰਜਨੁ। ਅੰਜਨੁ = ਸੁਰਮਾ, ਮਾਇਆ ਦੀ ਕਾਲਖ} ਮਾਇਆ ਦੇ ਪ੍ਰਭਾਵ ਤੋਂ ਰਹਿਤ।੪।

ਜ਼ਰੂਰੀ ਨੋਟ: ਇਸ ਸ਼ਬਦ ਵਿਚ ਇਕ ਜਿਗਿਆਸੂ ਪਾਸੋਂ ਸਵਾਲ ਕਰਾ ਕੇ, ਤੇ, ਕਿਸੇ ਗੁਰਮੁਖਿ ਪਾਸੋਂ ਉੱਤਰ ਦਿਵਾ ਕੇ ਪਰਮਾਤਮਾ ਦੇ ਮਿਲਾਪ ਦੀ ਜੁਗਤੀ ਦੱਸੀ ਗਈ ਹੈ।

ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।

ਹੇ ਮਿੱਤਰ! ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।

ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।

{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}

ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।

ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।