Today’s Hukamnama 13.10.2019: Ber Sahib, Baoli Sahib, Damdama Sahib, Baba Darbara Singh, State Gurdwara Sahib

127
Today’s Hukamnama from Gurdwara Sri Ber Sahib Sultanpur Lodhi

ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ {ਪੰਨਾ 787}

ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ; ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।

ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ {ਪੰਨਾ 787}

ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।

ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ {ਪੰਨਾ 787}

ਪਦਅਰਥ: ਗੁਣੁ = (ਆਪਣੇ ਆਪ ਨੂੰ) ਲਾਭ। ਉਪਕਾਰੁ = (ਕਿਸੇ ਹੋਰ ਨੂੰ) ਲਾਭ। ਸੇਤੀ ਖੁਸੀ = ਖ਼ੁਸ਼ੀ ਨਾਲ। ਸਾਰੁ = ਚੰਗਾ।

ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।

ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ {ਪੰਨਾ 787}

ਪਦਅਰਥ: ਹਠਿ = ਹਠ ਨਾਲ। ਜਿਪਈ = ਜਿੱਤਿਆ ਜਾਂਦਾ। ਜਿਣੈ = ਜਿੱਤਦਾ ਹੈ। ਸਤ ਭਾਉ = ਚੰਗੀ ਭਾਵਨਾ, ਨੇਕ ਨੀਅਤ। ਦੇ = ਦੇ ਕੇ। ਤਰਫ = (ਰੱਬ ਵਾਲਾ) ਪਾਸਾ।

ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।

ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥ {ਪੰਨਾ 787-788}

ਪਦਅਰਥ: ਕਾਰਣੁ = ਜਗਤ। ਗੋਈ = ਨਾਸ ਕੀਤੀ। ਫੁਨਿ = ਫਿਰ, ਮੁੜ। ਜੁਗ ਚਾਰੇ = ਚਹੁ ਜੁਗਾਂ ਵਿਚ। ਭਵਿ = ਭਉਂ ਕੇ। ਕਿਨਿ = ਕਿਸ ਪਾਸੋਂ?

ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ; ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।

ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ; ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।

Today’s Hukamnama from Gurdwara Baoli Sahib Goindwal Sahib

ਸੋਰਠਿ ਮਹਲਾ ੫ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ {ਪੰਨਾ 612}

ਨੋਟ: ਇਥੋਂ ‘ਘਰੁ ੨’ ਦੇ ਸ਼ਬਦ ਸ਼ੁਰੂ ਹੁੰਦੇ ਹਨ। ਪਹਿਲੇ ਸ਼ਬਦਾਂ ਦਾ ਸੰਗ੍ਰਹ ੧੧ ਹੈ।

ਪਦਅਰਥ: ਗੁਰ ਹਾਈ = ਗੁਰਭਾਈ। ਮੀਤਾ = ਹੇ ਮਿੱਤਰ! ਜੀਉ = ਜਿੰਦ। ਬਲਿ ਜਾਸੀ = ਸਦਕੇ ਜਾਵੇਗੀ।੧।

ਕਉ = ਤੋਂ। ਬਲਿ ਜਾਈ = ਜਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਭਾਈ = ਹੇ ਭਾਈ!।ਰਹਾਉ।

ਪਾਵ = {ਲਫ਼ਜ਼ ‘ਪਾਉ’ ਤੋਂ ਬਹੁ-ਵਚਨ} ਦੋਵੇਂ ਪੈਰ। ਮਲੋਵਾ = ਮਲੋਵਾਂ, ਮੈਂ ਮਲਾਂਗਾ। ਮਲਿ = ਮਲ ਕੇ। ਧੋਵਾ = ਧੋਵਾਂ, ਮੈਂ ਧੋਵਾਂਗਾ। ਤੈ ਕੂ = ਤੈਨੂੰ। ਦੇਸਾ = ਦੇਸਾਂ, ਮੈਂ ਦਿਆਂਗਾ। ਹਉ = ਮੈਂ। ਪ੍ਰਭ ਮਿਲਉ = ਮੈਂ ਪ੍ਰਭੂ ਨੂੰ ਮਿਲ ਪਵਾਂ, ਮਿਲਉਂ।੨।

ਮਾਨੁ = ਅਹੰਕਾਰ। ਕੀਜੈ = ਕਰਨਾ ਚਾਹੀਦਾ। ਪਰੀਜੈ = ਪੈਣਾ ਚਾਹੀਦਾ ਹੈ। ਪਿੰਡੁ = ਸਰੀਰ। ਅਰਪੀਜੈ = ਭੇਟ ਕਰ ਦੇਣਾ ਚਾਹੀਦਾ ਹੈ। ਇਉ = ਇਉਂ, ਇਸ ਤਰ੍ਹਾਂ।੩।

ਅਨੁਗ੍ਰਹੁ = ਮੇਹਰ, ਕਿਰਪਾ। ਪ੍ਰਸਾਦਿ = ਕਿਰਪਾ ਨਾਲ। ਗੁਰਿ = ਗੁਰੂ ਨੇ। ਅਕੁਲ = ਅ = ਕੁਲ, ਜਿਸ ਦੀ ਕੋਈ ਖ਼ਾਸ ਕੁਲ ਨਹੀਂ। ਨਿਰੰਜਨੁ = {ਨਿਰ = ਅੰਜਨੁ। ਅੰਜਨੁ = ਸੁਰਮਾ, ਮਾਇਆ ਦੀ ਕਾਲਖ} ਮਾਇਆ ਦੇ ਪ੍ਰਭਾਵ ਤੋਂ ਰਹਿਤ।੪।

ਜ਼ਰੂਰੀ ਨੋਟ: ਇਸ ਸ਼ਬਦ ਵਿਚ ਇਕ ਜਿਗਿਆਸੂ ਪਾਸੋਂ ਸਵਾਲ ਕਰਾ ਕੇ, ਤੇ, ਕਿਸੇ ਗੁਰਮੁਖਿ ਪਾਸੋਂ ਉੱਤਰ ਦਿਵਾ ਕੇ ਪਰਮਾਤਮਾ ਦੇ ਮਿਲਾਪ ਦੀ ਜੁਗਤੀ ਦੱਸੀ ਗਈ ਹੈ।

ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।

ਹੇ ਮਿੱਤਰ! ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।

ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।

{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}

ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।

ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

Today’s Hukamnama from Gurdwara Damdama Sahib Thatta (Kapurthala)


ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ {ਪੰਨਾ 713-714}

ਪਦਅਰਥ: ਰਸਨਾ = ਜੀਭ (ਨਾਲ) । ਨਿਧਿ = ਖ਼ਜ਼ਾਨਾ, ਸੁਖਾਂ ਦਾ ਖ਼ਜ਼ਾਨਾ। ਸਹਜੁ = ਆਤਮਕ ਅਡੋਲਤਾ। ਰਹਸੁ = ਖ਼ੁਸ਼ੀ। ਮੁਨਿ = ਮਨ ਵਿਚ। ਪਲਾਇਣ = ਦੌੜ ਜਾਂਦੇ ਹਨ।੧।ਰਹਾਉ।

ਮਾਗਹਿ = (ਜੀਵ) ਮੰਗਦੇ ਹਨ। ਸੇਵਿ = ਸੇਵ ਕੇ। ਰਸਾਇਣ = ਸਾਰੇ ਰਸਾਂ ਦਾ ਘਰ। ਤੇ = ਤੋਂ। ਛੂਟਹਿ = ਬਚ ਜਾਂਦੇ ਹਨ। ਭਵਜਲੁ = ਸੰਸਾਰ = ਸਮੁੰਦਰ।੧।

ਤਤੁ = ਅਸਲੀਅਤ, ਅਸਲ ਸਿੱਟਾ। ਪਰਾਇਣ = ਆਸਰੇ। ਅਬਿਨਾਸੀ ਖੇਮ = ਕਦੇ ਨਾਸ ਨਾਹ ਹੋਣ ਵਾਲਾ ਸੁਖ। ਚਾਹਹਿ = ਤੂੰ ਚਾਹੁੰਦਾ ਹੈਂ।੨।

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂ, ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ) ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

Today’s Hukamnama from Gurdwara Baba Darbara Singh Ji Tibba (Kapurthala)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਤੇ’ ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ।੧।

ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ।ਰਹਾਉ।

ਜਾ ਕੈ ਘਰਿ = ਜਿਸ (ਪ੍ਰਭੂ) ਦੇ ਘਰ ਵਿਚ। ਨਉ ਨਿਧਿ = ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ। ਭੰਡਾਰ = ਖ਼ਜ਼ਾਨੇ। ਤਿਸ ਕੀ = {ਲਫ਼ਜ਼ ‘ਤਿਸ’ ਦਾ ੁ ਸੰਬੰਧਕ ‘ਕੀ’ ਦੇ ਕਾਰਨ ਉੱਡ ਗਿਆ ਹੈ}। ਅਗਮ = ਅਪਹੁੰਚ। ਅਪਾਰ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਸਾਰ = ਸੰਭਾਲ। ਭੇਟੀਐ = ਲੱਭੀਏ। ਸਬਦਿ = ਸ਼ਬਦ ਵਿਚ (ਜੋੜ ਕੇ) । ਮਿਲਾਵਣਹਾਰ = ਮਿਲਾ ਸਕਣ ਵਾਲਾ।੨।

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ {ਪੰਨਾ 639-640}

ਪਦਅਰਥ: ਸਚੇ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ। ਸਰੇਵੀਅਹਿ = ਸੇਵੇ ਜਾਣੇ ਚਾਹੀਦੇ ਹਨ। ਭ੍ਰਮੁ = ਭਟਕਣਾ। ਮਿਲਿ = ਮਿਲ ਕੇ। ਮਾਂਜੀਐ = ਮਾਂਜਣਾ ਚਾਹੀਦਾ ਹੈ। ਕੈ ਨਾਮਿ = ਦੇ ਨਾਮ ਵਿਚ। ਗਿਆਨ = ਆਤਮਕ ਜੀਵਨ ਦੀ ਸੂਝ। ਅਗਿਆਨਤਾ = ਆਤਮਕ ਜੀਵਨ ਵਲੋਂ ਬੇ = ਸਮਝੀ। ਕਮਲ ਪਰਗਾਸੁ = (ਹਿਰਦੇ ਦੇ) ਕੌਲ ਫੁੱਲ ਦਾ ਖਿੜਾਉ। ਸਭਿ = ਸਾਰੇ।੩।

ਮੇਰਾ ਤੇਰਾ = ਮੇਰ = ਤੇਰ, ਵਿਤਕਰਾ। ਹੋਈਐ = ਬਣ ਜਾਣਾ ਚਾਹੀਦਾ ਹੈ। ਧੂਰਿ = ਖ਼ਾਕ। ਘਟਿ ਘਟਿ = ਹਰੇਕ ਘਟ ਵਿਚ। ਹਜੂਰਿ = ਅੰਗ = ਸੰਗ ਹੋ ਕੇ। ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਜਿਤੁ ਦਿਨਿ = ਜਿਸ ਦਿਨ ਵਿਚ। ਤਿਤੁ ਦਿਨਿ = ਉਸ ਦਿਨ ਵਿਚ। ਮਰੀਐ = ਮਰੀਦਾ ਹੈ। ਝੂਰਿ = ਪਛੁਤਾ ਕੇ। ਕਰਨ ਕਰਾਵਨ ਸਮਰਥੋ = ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ। ਕਲਾ = ਤਾਕਤ।੪।

ਪਦਾਰਥੁ = ਕੀਮਤੀ ਧਨ। ਮੋਹ ਬਿਨਾਸੁ = ਮੋਹ ਦਾ ਨਾਸ। ਤਿਸੁ ਭਾਵੈ = ਉਸ (ਪਰਮਾਤਮਾ) ਨੂੰ ਚੰਗਾ ਲੱਗੇ। ਹਿਰਦੈ = ਹਿਰਦੇ ਵਿਚ। ਗੁਰਮੁਖਿ = ਗੁਰੂ ਦੀ ਸ਼ਰਨ ਪਿਆਂ। ਰਿਦੈ = ਹਿਰਦੈ ਵਿਚ। ਪਰਗਾਸੁ = ਚਾਨਣ। ਪ੍ਰਗਟ ਭਇਆ = ਉੱਘੜ ਪੈਂਦਾ ਹੈ। ਪਰਤਾਪੁ = ਤਾਕਤ। ਮਉਲਿਆ = ਖਿੜਿਆ ਹੋਇਆ।੫।

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ {ਪੰਨਾ 640}

ਪਦਅਰਥ: ਗੁਰਿ = ਗੁਰੂ ਨੇ। ਸੰਤੋਖਿਆ = ਸੰਤੋਖ ਦਿੱਤਾ। ਅਹਿ = ਦਿਨ। ਨਿਸਿ = ਰਾਤ। ਭਾਉ = ਪ੍ਰੇਮ। ਰਸਨਾ = ਜੀਭ (ਨਾਲ) । ਰਵੈ = ਸਿਮਰਦਾ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ। ਸੁਆਉ = ਸੁਆਰਥ, ਮਨੋਰਥ। ਕਰਨੀ = ਕੰਨਾਂ ਨਾਲ, ਕਰਨੀਂ। ਜੀਅੜਾ = (ਨਿਭਾਗੀ) ਜਿੰਦ। ਜਲਿ ਜਾਉ = ਜਲਿ ਜਾਇ, (ਵਿਕਾਰਾਂ ਵਿਚ) ਸੜ ਜਾਂਦੀ ਹੈ।੬।

ਸਾਹਿਬੈ = ਸਾਹਿਬ ਵਿਚ। ਹਉ = ਮੈਂ। ਤਿਸ ਕੈ = ਉਸ ਤੋਂ {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡ ਗਿਆ ਹੈ}। ਬਲਿ = ਸਦਕੇ। ਜਾਉ = ਜਾਉਂ, ਜਾਂਦਾ ਹਾਂ। ਦੇਇ = ਦੇਂਦਾ ਹੈ। ਸੰਬਾਹੇ = ਅਪੜਾਂਦਾ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਗੂੜਾ = ਗੂੜ੍ਹਾ ਪ੍ਰੇਮ = ਰੰਗ ਦੇਣ ਵਾਲਾ। ਭੇਟੀਐ = ਮਿਲ ਪੈਂਦਾ ਹੈ। ਕਰਮਾਉ = ਕਿਸਮਤ।੭।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ {ਪੰਨਾ 640}

ਪਦਅਰਥ: ਨ ਜੀਵੀਐ = ਨਹੀਂ ਜੀ ਸਕੀਦਾ, ਆਤਮਕ ਜੀਵਨ ਨਹੀਂ ਮਿਲ ਸਕਦਾ। ਕਲਾ = ਤਾਕਤਾਂ। ਸਾਸਿ = (ਹਰੇਕ) ਸਾਹ ਦੇ ਨਾਲ। ਗਿਰਾਸਿ = ਗਿਰਾਹੀ ਦੇ ਨਾਲ। ਸਾਸਿ ਗਿਰਾਸਿ = ਸਾਹ ਲੈਂਦਿਆਂ ਤੇ ਖਾਂਦਿਆਂ। ਪੇਖਉ = ਪੇਖਉਂ, ਮੈਂ ਵੇਖਦਾ ਹਾਂ। ਹਜੂਰਿ = ਅੰਗ = ਸੰਗ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਮਰਦੇ = ਆਤਮਕ ਮੌਤ ਸਹੇੜਦੇ ਹਨ। ਝੂਰਿ = ਚਿੰਤਾਤੁਰ ਹੋ ਕੇ।੮।

ਅੰਚਲਿ = ਪੱਲੇ ਨਾਲ, ਲੜ ਨਾਲ। ਭਉਜਲੁ = ਸੰਸਾਰ = ਸਮੁੰਦਰ। ਕਰਿ = ਕਰ ਕੇ। ਨਦਰਿ = ਮੇਹਰ ਦੀ ਨਿਗਾਹ। ਨਿਹਾਲਿਆ = ਤੱਕਿਆ। ਕੀਤੋਨੁ = ਉਸ ਨੇ ਕੀਤਾ। ਅੰਗੁ = ਪੱਖ। ਅਪਾਰੁ = ਬੇਅੰਤ। ਸੀਤਲੁ = ਠੰਢਾ। ਅਧਾਰੁ = ਆਸਰਾ। ਕਿਲਬਿਖ = ਪਾਪ। ਕਾਟਣਹਾਰੁ = ਕੱਟ ਸਕਣ ਵਾਲਾ। ਜਿ = ਜੇਹੜਾ।੯।

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

Today’s Hukamnama from State Gurdwara Sahib Kapurthala

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}

ਪਦਅਰਥ: ਕੁਮਤਿ = ਭੈੜੀ ਮਤਿ। ਦਾਰਾ = ਇਸਤ੍ਰੀ। ਰਾਸਿ = ਰਸ ਵਿਚ। ਰਚਿਓ = ਮਸਤ ਹੈਂ।ਰਹਾਉ।

ਮੁਕਤਿ ਪੰਥੁ = (ਇਹਨਾਂ) ਵਿਕਾਰਾਂ ਤੋਂ ਖ਼ਲਾਸੀ ਦਾ ਰਾਹ। ਨਾਹਨਿ = ਨਹੀਂ। ਧਾਇਆ = ਦੌੜਿਆ ਫਿਰਦਾ ਹੈਂ। ਸੰਗ = ਸਾਥ। ਕਾਹੂ = ਕਿਸੇ ਨੇ ਭੀ। ਬਿਰਥਾ = ਵਿਅਰਥ ਹੀ। ਆਪੁ = ਆਪਣੇ ਆਪ ਨੂੰ।੧।

ਗਿਆਨਾ = ਆਤਮਕ ਜੀਵਨ ਦੀ ਸੂਝ। ਘਟ = ਹਿਰਦਾ। ਤੇਰੈ ਘਟ ਹੀ ਮਾਹਿ = ਤੇਰੇ ਹਿਰਦੇ ਵਿਚ ਹੀ। ਉਦਿਆਨਾ = ਜੰਗਲ।੨।

ਤੈ ਹਾਰਿਓ = ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ। ਅਸਥਿਰ = ਅਡੋਲਤਾ ਵਿਚ ਰੱਖਣ ਵਾਲੀ। ਮਾਨਸ ਦੇਹ ਪਦ = ਮਨੁੱਖਾ ਸਰੀਰ ਦਾ ਦਰਜਾ। ਪਾਇ = ਹਾਸਲ ਕਰ ਕੇ। ਨਾਨਕ = ਹੇ ਨਾਨਕ!।੩।

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।