Today’s Hukamnama from Gurdwara Baba Darbara Singh Ji

ਐਤਵਾਰ 17 ਸਤੰਬਰ 2017 (2 ਅੱਸੂ ਸੰਮਤ 549 ਨਾਨਕਸ਼ਾਹੀ)

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ {ਪੰਨਾ 641-642}
ਪਦਅਰਥ: ਪੜਿਓ—ਪੜ੍ਹਿਆ (ਕਈਆਂ ਨੇ)। ਅਰੁ—ਅਤੇ। ਨਿਵਲਿ—ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ—ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ—ਪੇਟ ਕਰੀਦਾ ਹੈ। ਭੁਅੰਗਮ—ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ—ਸਾਧਨ ਕੀਤੇ (ਕਈਆਂ ਨੇ)। ਸਿਉ—ਨਾਲ। ਸੰਗੁ—ਸਾਥ। ਛੁਟਕਿਓ—ਮੁੱਕ ਸਕਿਆ। ਅਧਿਕ—ਬਹੁਤ ਵਧੀਕ। ਅਹੰਬੁਧਿ—ਅਹੰਕਾਰ—ਭਰੀ ਮਤਿ। ਬਾਧੇ—ਬੱਝ ਗਏ।੧।
ਪਿਆਰੇ—ਹੇ ਸੱਜਣ! ਇਨ ਬਿਧਿ—ਇਹਨਾਂ ਤਰੀਕਿਆਂ ਨਾਲ। ਮੈ—ਮੇਰੇ ਵੇਖਦਿਆਂ। ਹਾਰਿ—ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ—ਪਿਆ ਹਾਂ। ਕੈ ਦੁਆਰੈ—ਦੇ ਦਰ ਉਤੇ। ਬਿਬੇਕਾ—ਪਰਖ।ਰਹਾਉ।
ਮੋਨਿ ਭਇਓ—ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ—{ਕਰ—ਹੱਥ। ਪਾਤ੍ਰ—ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ—ਵਿਚ। ਤਟ—ਦਰੀਆ ਦਾ ਕੰਢਾ। ਸਭ—ਸਾਰੀ। ਭ੍ਰਮਿਓ—ਭਟਕਦਾ ਫਿਰਿਆ। ਦੁਬਿਧਾ—ਦੁ—ਚਿੱਤਾ—ਪਨ, ਮੇਰ—ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ—ਮੁੱਕਦੀ ਨਹੀਂ।੨।
ਕਾਮਨਾ—ਇੱਛਾ, ਫੁਰਨਾ। ਸਿਰਿ—ਸਿਰ ਉਤੇ। ਕਰਵਤ—ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ—ਮੰਦਰ ਵਿਚ ਹੈ। ਸ਼ਿਵ—ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ—ਇਸ ਤਰੀਕੇ ਨਾਲ।੩।
ਕਨਿਕ—ਸੋਨਾ। ਕਾਮਿਨੀ—ਇਸਤ੍ਰੀ। ਹੈਵਰ—{हयवर} ਵਧੀਆ ਘੋੜੇ। ਗੈਵਰ—{गजवर} ਵਧੀਆ ਹਾਥੀ। ਦਾਤਾਰਾ—ਦੇਣ ਵਾਲਾ। ਅਰਪੇ—ਦਾਨ ਕਰਦਾ ਹੈ। ਹਰਿ ਦੁਆਰਾ—ਹਰੀ ਦੇ ਦਰ ਤੇ।੪।
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

About thatta

Comments are closed.

Scroll To Top
error: