Today’s Hukamnama from Gurdwara Baba Darbara Singh Ji Tibba

ਸ਼ੁੱਕਰਵਾਰ 13 ਜੁਲਾਈ 2018 (29 ਹਾੜ ਸੰਮਤ 550 ਨਾਨਕਸ਼ਾਹੀ)

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ {ਅੰਗ 703}

ਪਦਅਰਥ: ਪਿਆਸੀ = ਤਿਹਾਈ, ਚਾਹਵਾਨ। ਚਿਤਵਉ = ਚਿਤਵਉਂ, ਮੈਂ ਚਿਤਾਰਦੀ ਹਾਂ। ਅਨਦਿਨੁ = ਹਰ ਰੋਜ਼ {अनुदिनांਹਰ ਵੇਲੇ। ਨੀਤ = ਨਿੱਤ, ਸਦਾ। ਖੋਲ੍ਹ੍ਹਿ = ਖੋਹਲ ਕੇ। ਕਪਟ = ਕਪਾਟ, ਕਿਵਾੜ। ਖੋਲ੍ਹ੍ਹਿ ਕਪਟ = ਮੇਰੇ ਮਨ ਦੇ ਕਿਵਾੜ ਖੋਹਲ ਕੇ, ਮੇਰੇ ਮਾਇਆ ਦੇ ਛੌੜ ਕੱਟ ਕੇ। ਗੁਰਿ = ਗੁਰੂ ਨੇ। ਮੇਲੀਆ = ਮਿਲਾ ਦਿੱਤਾ। ਸੰਗਿ = ਨਾਲ।੧।

ਛੰਤ। ਯਾਰ = ਹੇ ਯਾਰ! ਸਜਣ = ਹੇ ਸੱਜਣ! ਕਰਉ = ਕਰਉਂਮੈਂ ਕਰਦੀ ਹਾਂ। ਹਉ ਫਿਰਉ = ਹਉ ਫਿਰਉਂ, ਮੈਂ ਫਿਰਦੀ ਹਾਂ। ਤਿਸੁ ਦਸਿ = ਉਸ ਦੀ ਦੱਸ ਪਾ। ਧਰੀ = ਧਰੀਂ, ਮੈਂ ਧਰਾਂ। ਉਤਾਰੇ = ਉਤਾਰਿ, ਲਾਹ ਕੇ। ਇਕ ਭੋਰੀ = ਰਤਾ ਭਰ ਹੀ। ਦੀਜੈ = ਦੇਹ। ਨੈਨ = ਅੱਖਾਂ। ਪ੍ਰਿਅ ਰੰਗ = ਪਿਆਰੇ ਦੇ ਪ੍ਰੇਮ = ਰੰਗ। ਨਾ ਧੀਰੀਜੈ = ਧੀਰਜ ਨਹੀਂ ਕਰਦਾ। ਸਿਉ = ਨਾਲ। ਲੀਨਾ = ਮਸਤ। ਜਲ ਮੀਨਾ = ਪਾਣੀ ਦੀ ਮੱਛੀ। ਚਾਤ੍ਰਿਕ = ਪਪੀਹਾ। ਤਿਸੰਤੀਆ = ਤਿਹਾਇਆ। ਤਿਖਾ = ਤ੍ਰੇਹ, ਪਿਆਸ।੧।

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ {ਪੰਨਾ 703}

ਪਦਅਰਥ: ਪ੍ਰਿਅ = ਪਿਆਰੇ ਦੀਆਂ। ਹਭੇ = ਸਾਰੀਆਂ। ਮੂ = ਮੈਂ। ਕਹੀ ਨ ਜੇਹੀਆ = ਕਿਸੇ ਵਰਗੀ ਭੀ ਨਹੀਂ। ਡੂੰ = ਤੋਂ। ਹਿਕਿ = ਇਕਿ {ਲਫ਼ਜ਼ ‘ਇਕ‘ ਤੋਂ ਬਹੁ-ਵਚਨ}। ਚਾੜੈ = ਚੜ੍ਹਦੀਆਂਵਧੀਆ, ਸੋਹਣੀਆਂ। ਹਉ = ਮੈਂ। ਕਿਸੁ ਚਿਤੇਹੀਆ = ਕਿਸ ਨੂੰ ਚੇਤੇ ਹਾਂਡੂੰ = ਤੋਂ। ਭੋਗ ਬਿਲਾਸਾ = ਮਿਲਾਪ ਦਾ ਆਨੰਦ। ਦੇਖਿ = ਵੇਖ ਕੇ। ਮਨਿ = ਮਨ ਵਿਚ। ਕਦਿ = ਕਦੋਂਪਾਈ = ਪਾਈਂ, ਮੈਂ ਮਿਲ ਸਕਾਂ। ਦੇਖਿ = ਵੇਖ ਕੇ ਗੁਣਾਂ ਦਾ ਖ਼ਜ਼ਾਨਾ ਹਰੀ। ਮੈਡਾ = ਮੇਰਾ। ਰੀਝਾਇਆ = ਪ੍ਰਸੰਨ ਕਰ ਲਿਆ। ਜਿਨੀ = ਜਿਨਿ, ਜਿਸ ਨੇ। ਡੇਂਹੀਆ = ਦੇ ਦਿਆਂ। ਨਾਨਕੁ ਕਹੈ– ਨਾਨਕ ਆਖਦਾ ਹੈ। ਬਿਨਉ = {विनयਬੇਨਤੀ। ਸੁਹਾਗਣਿ = ਹੇ ਸੋਹਾਗ ਵਾਲੀਏ! ਮੂ = ਮੈਨੂੰ। ਡਿਖਾ = ਵੇਖਾਂ।੨।

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ {ਪੰਨਾ 704}

ਪਦਅਰਥ: ਯਾਰ ਵੇ = ਹੇ ਸਤਸੰਗੀ ਮਿੱਤਰ! ਭਾਣਾ = ਚੰਗਾ ਲੱਗ ਪਿਆ। ਨੀਸੀ = ਨਹੀਂ। ਛੰਦਾ = ਮੁਥਾਜੀ। ਤੈ = ਤੈਂ, ਤੂੰ। ਰਾਵਿਆ = ਮਿਲਾਪ ਹਾਸਲ ਕੀਤਾ। ਮੂ = ਮੈਨੂੰ। ਦਸੰਦਾ = ਪੁੱਛਦਾ ਹਾਂ। ਆਪੁ = ਆਪਾ = ਭਾਵ। ਜੈ ਧਨ ਮਥਾਣੇ = ਜਿਸ (ਜੀਵ-) ਇਸਤ੍ਰੀ ਦੇ ਮੱਥੇ ਉਤੇ। ਪਕੜਿ = ਫੜ ਕੇ। ਠਾਕੁਰਿ = ਠਾਕੁਰ ਨੇ। ਘਿਧੀ = ਲੈ ਲਈ, ਆਪਣੀ ਬਣਾ ਲਈ। ਗੁਣ ਹਾਰੁ = ਗੁਣਾਂ ਦਾ ਹਾਰ। ਹਭੋ ਕਿਛੁ = ਸਭ ਕੁਝ, ਸਾਰਾ ਜੀਵਨ। ਤਿਸੁ = ਤਿਸੁ (ਮਿਲਿ। ਸਾਈ = ਉਹੀ। ਸੰਗਿ = ਨਾਲ।੩।

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ {ਪੰਨਾ 704}

ਪਦਅਰਥ: ਸੁਖ = ਸੁੱਖਣਾ। ਸੁਖੇਦੀ = ਮੈਂ ਸੁੱਖਦੀ ਸਾਂ। ਸਾ = ਉਹ (ਸੁੱਖਣਾ। ਲੋੜੀਦਾ = ਜਿਸ ਨੂੰ ਮੈਂ ਲੋੜਦੀ ਸਾਂ। ਵਧਾਈ = ਚੜ੍ਹਦੀ ਕਲਾ, ਉਤਸ਼ਾਹ। ਰਹਸੁ = ਆਨੰਦ। ਸਦ = ਸਦਾ। ਨਵ ਰੰਗੀਆ = ਨਵੇਂ ਰੰਗ ਵਾਲਾ। ਭਾਗਿ = ਕਿਸਮਤ ਨਾਲ। ਗੁਰਿ = ਗੁਰੂ ਨੇ। ਕੈ ਸਤਸੰਗੀਆ = ਦੀ ਸੰਗਤਿ ਵਿਚ। ਮਨਸਾ = ਮੁਰਾਦ। ਅੰਕਿ = ਅੰਕ ਵਿਚ। ਅੰਕੁ = ਅੰਗ, ਆਪਾ। ਮਿਲਿ = ਮਿਲ ਕੇ। ਗੁਰ ਮਿਲਿ = ਗੁਰੂ ਨੂੰ ਮਿਲ ਕੇ।੪।

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

About thatta

Comments are closed.

Scroll To Top
error: