Today’s Hukamnama from Gurdwara Baoli Sahib Goindwal Sahib

ਐਤਵਾਰ 12 ਅਗਸਤ 2018 (28 ਸਾਵਣ ਸੰਮਤ 550 ਨਾਨਕਸ਼ਾਹੀ)

ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥{ਅੰਗ 775}

ਪਦਅਰਥ: ਆਵਹੋ = ਆਵਹੁ, ਆਓ। ਸੰਤ ਜਨਹੁ = ਹੇ ਸੰਤ ਜਨੋ! ਗਾਵਹ = ਆਓ, ਅਸੀ ਗਾਵੀਏ। ਕੇਰੇ = ਦੇ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਮਿਲਿ ਰਹੀਐ = (ਪ੍ਰਭੂ = ਚਰਨਾਂ ਵਿਚ) ਖੜੇ ਰਹਿਣਾ ਚਾਹੀਦਾ ਹੈ। ਘਰਿ = (ਹਿਰਦੇ-) ਘਰ ਵਿਚ। ਵਾਜਹਿ = ਵੱਜ ਪੈਂਦੇ ਹਨ, ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਸਬਦ = (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਸ਼ਬਦ। ਘਨੇਰੇ = ਅਨੇਕਾਂ, ਬਹੁਤ। ਪ੍ਰਭ = ਹੇ ਪ੍ਰਭੂ! ਥਾਈ = ਥਾਈਂ, ਥਾਵਾਂ ਵਿਚ। ਅਹਿ = ਦਿਨ। ਨਿਸਿ = ਰਾਤ। ਜਪੀ = ਜਪੀਂ, ਮੈਂ ਜਪਦਾ ਰਹਾਂ। ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਰਹਾਂ। ਸਾਚ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ। ਲਿਵ ਲਾਈ = ਲਿਵ ਲਾਈਂ, ਸੁਰਤਿ ਜੋੜੀ ਰੱਖਾਂ। ਅਨਦਿਨੁ = {अनुदिनांਹਰ ਰੋਜ਼, ਹਰ ਵੇਲੇ। ਸਹਜਿ = ਆਤਮਕ ਅਡੋਲਤਾ ਵਿਚ। ਰੰਗਿ = ਪ੍ਰੇਮ = ਰੰਗ ਵਿਚ। ਰਾਤਾ ਰਹੈ– ਰੰਗਿਆ ਰਹਿੰਦਾ ਹੈ। ਰਿਦ ਪੂਜਾ = ਹਿਰਦੇ ਦੀ ਪੂਜਾ (ਬਣਾਂਦਾ ਹੈ੧।

ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ।

ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ।

ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ {ਅੰਗ 775}

ਪਦਅਰਥ: ਰਵਿ ਰਹਿਆ = ਵਿਆਪਕ ਹੈ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ। ਸਬਦਿ = ਸ਼ਬਦ ਦੀ ਰਾਹੀਂ। ਰਵੈ = ਸਿਮਰਦਾ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਰਵਿਆ = ਵਿਆਪਕ। ਸੋਈ = ਉਹੀ। ਸਚੁ = ਸਦਾ-ਥਿਰ ਪ੍ਰਭੂ। ਪਾਈਐ = ਮਿਲਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸਮਾਈਐ = ਟਿਕੇ ਰਹੀਦਾ ਹੈ। ਅਵਰੁ = ਹੋਰ। ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ। ਗਾਵਾ = ਗਾਵਾਂ, ਮੈਂ ਗਾ ਸਕਦਾ ਹਾਂ। ਪ੍ਰਭ ਭਾਵਾ = ਪ੍ਰਭੂ ਨੂੰ ਭਾਵਾਂ, ਪ੍ਰਭੂ ਨੂੰ ਚੰਗਾ ਲੱਗਾਂ। ਆਪੇ = ਆਪ ਹੀ। ਸਬਦੇ = ਸ਼ਬਦ ਦੀ ਰਾਹੀਂ। ਜਾਪੈ = ਜਾਣਿਆ ਜਾ ਸਕਦਾ ਹੈ, ਡੂੰਘੀ ਸਾਂਝ ਪੈ ਸਕਦੀ ਹੈ। ਅਹਿ = ਦਿਨ। ਨਿਸਿ = ਰਾਤ।੨।

ਅਰਥ: ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ।

ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨।

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ {ਅੰਗ 775}

ਪਦਅਰਥ: ਜਗੋ = ਜਗੁਜਗਤ। ਦੁਤਰੁ = {दुस्तरਜਿਸ ਤੋਂ ਪਾਰ ਲੰਘਣਾ ਔਖਾ ਹੈ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਪਾਰਿ ਨ ਪਾਈ = ਪਰਲੇ ਪਾਸੇ ਨਹੀਂ ਪਹੁੰਚ ਸਕਦਾ। ਅੰਤਰੇ = (ਮਨਮੁਖ ਦੇ) ਅੰਦਰ ਹੀ। ਮਮਤਾ = ਅਪਣੱਤ, ਮਲਕੀਅਤ ਦੀ ਲਾਲਸਾ। ਥਾਇ = ਥਾਂ ਵਿਚ। ਥਾਇ ਨ ਪਾਈ = (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। ਬਿਰਥਾ = ਵਿਅਰਥ {व्यथा}। ਜਮ ਮਗਿ = ਜਮਰਾਜ ਦੇ ਰਸਤੇ ਉੱਤੇ। ਪਾਵੈ = ਸਹਿੰਦਾ ਹੈ। ਅੰਤਿ = ਆਖ਼ਰ ਵੇਲੇ, ਅੰਤ ਵੇਲੇ। ਕੋ = ਕੋਈ ਮਨੁੱਖ। ਬੇਲੀ = ਮਦਦਗਾਰ। ਸੁਤੁ = ਪੁੱਤਰ। ਭਾਈ = ਭਰਾ। ਪਸਾਰਾ = ਖਿਲਾਰਾ। ਆਗੈ = ਪਰਲੋਕ ਵਿਚ। ਸਾਥਿ = ਨਾਲ।੩।

ਅਰਥ: ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ।

ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰ)ਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩।

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ {ਅੰਗ 775-776}

ਪਦਅਰਥ: ਹਉ = ਹਉਂਮੈਂ। ਪੂਛਉ = ਪੂਛਉਂ, ਮੈਂ ਪੁੱਛਦਾ ਹਾਂ। ਕਿਨ ਬਿਧਿ = ਕਿਸ ਤਰੀਕੇ ਨਾਲਦੁਤਰੁ = ਔਖਿਆਈ ਨਾਲ ਤਰਿਆ ਜਾ ਸਕਣ ਵਾਲਾ ਸਮੁੰਦਰ। ਤਰੀਐ = ਤਰਿਆ ਜਾ ਸਕਦਾ ਹੈ। ਸਤਿਗੁਰ ਭਾਇ = ਗੁਰੂ ਦੀ ਰਜ਼ਾ ਵਿਚ। ਇਵ = ਇਸ ਤਰ੍ਹਾਂ। ਮਰੀਐ = ਮਰ ਸਕੀਦਾ ਹੈ, ਵਿਕਾਰਾਂ ਵਲੋਂ ਮੁਰਦਾ ਹੋ ਜਾਈਦਾ ਹੈ। ਭਉਜਲੁ = ਸੰਸਾਰ = ਸਮੁੰਦਰ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਨਾਮਿ = ਨਾਮ ਵਿਚ। ਸਮਾਵੈ = ਲੀਨ ਰਹਿੰਦਾ ਹੈ। ਵਡਭਾਗੀ = ਵੱਡੇ ਭਾਗਾਂ ਨਾਲ। ਸਚਿ = ਸਦਾ-ਥਿਰ ਵਿਚ। ਸਚਿ ਨਾਮਿ = ਸਦਾ-ਥਿਰ ਹਰਿ = ਨਾਮ ਵਿਚ। ਲਿਵ ਲਾਵੈ = ਸੁਰਤਿ ਜੋੜੀ ਰੱਖਦਾ ਹੈ। ਪਰਗਾਸੁ = ਆਤਮਕ ਜੀਵਨ ਦੀ ਸੂਝ ਨਾਲ ਰੌਸ਼ਨ। ਮਾਨਿਆ = ਪਤੀਜ ਜਾਂਦਾ ਹੈ। ਵਡਿਆਈ = ਇੱਜ਼ਤ, ਸੋਭਾ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਜੋਤੀ = ਪ੍ਰਭੂ ਦੀ ਜੋਤਿ ਵਿਚ। ਜੋਤਿ = ਜਿੰਦੇ।੪।

ਅਰਥ: ਹੇ ਭਾਈ! ਜਦੋਂ) ਮੈਂ (ਨਾਮ ਦੀਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।

About thatta

Comments are closed.

Scroll To Top
error: