Today’s Hukamnama from Gurdwara Sri Ber Sahib Sultanpur Lodhi

48

ਮੰਗਲਵਾਰ 11 ਜੂਨ 2019 (28 ਜੇਠ ਸੰਮਤ 551 ਨਾਨਕਸ਼ਾਹੀ)

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ {ਪੰਨਾ 690}

ਪਦਅਰਥ: ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧।

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ {ਪੰਨਾ 690}

ਪਦਅਰਥ: ਸਾਚਾ = ਸਦਾ-ਥਿਰ ਰਹਿਣ ਵਾਲਾ। ਨੇਹੁ = ਪ੍ਰੇਮ। ਪੂਰੇ ਸਤਿਗੁਰੈ = ਪੂਰੇ ਗੁਰੂ ਦੀ ਰਾਹੀਂ। ਹਉ = ਮੈਂ। ਤਿਸੁ = ਉਸ (ਪ੍ਰਭੂ) ਨੂੰ। ਸੇਵੀ = ਸੇਵੀਂ, ਮੈਂ ਸੇਂਵਦਾ ਹਾਂ। ਵੀਸਰੈ = ਭੁੱਲਦਾ। ਮੈ = ਮੈਨੂੰ। ਵਿਸਾਰੀ = ਵਿਸਾਰੀਂ, ਮੈਂ ਭੁਲਾਂਦਾ। ਸਮ੍ਹ੍ਹਾਰੀ = ਸਮ੍ਹ੍ਹਾਰੀਂ, ਮੈਂ ਸੰਭਾਲਦਾ। ਲਈ = ਲਈਂ। ਜੀਵਾ = ਜੀਵਾਂ। ਸ੍ਰਵਣੀ = ਕੰਨਾਂ ਨਾਲ। ਸੁਣੀ = ਸੁਣੀਂ। ਤ੍ਰਿਪਤੈ = ਰੱਜ ਜਾਂਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਪੀਵਾ = ਪੀਵਾਂ। ਬਿਬੇਕ = (ਚੰਗੇ ਮੰਦੇ ਦੀ) ਪਰਖ। ਬਿਚਰੈ = ਵਿਚਰਦੀ ਹੈ, ਵਰਤਦੀ ਹੈ।੨।

ਅਰਥ: ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ {ਪੰਨਾ 690}

ਪਦਅਰਥ: ਭਾਗਿ = ਭਾਗ ਨਾਲ, ਕਿਸਮਤ ਨਾਲ। ਰਸੁ = ਸੁਆਦ। ਆਵਏ = ਆਉਂਦਾ ਹੈ, ਆਵੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਲਿਵ = ਲਗਨ। ਸਮਾਵਏ = ਸਮਾਵੈ। ਮਨਿ = ਮਨ ਵਿਚ। ਭਾਵੈ = ਪਿਆਰਾ ਲੱਗਦਾ ਹੈ। ਅਤੀਤੁ = ਵਿਰਕਤ, ਮਾਇਆ ਦੇ ਮੋਹ ਤੋਂ ਪਾਰ ਲੰਘਿਆ ਹੋਇਆ। ਬੈਰਾਗੀ = ਨਿਰਮੋਹ। ਹਲਤਿ = ਇਸ ਲੋਕ ਵਿਚ {अत्र}। ਪਲਤਿ = {परत्र} ਪਰਲੋਕ ਵਿਚ। ਅੰਤਰਿ = ਵਿਚ। ਨਾਮਿ = ਨਾਮ ਵਿਚ। ਹਰਖ = ਖ਼ੁਸ਼ੀ। ਸੋਗ = ਗ਼ਮ। ਤੇ = ਤੋਂ। ਮੁਕਤਾ = ਸੁਤੰਤਰ। ਭਾਵਏ = ਭਾਵੈ।੩।

ਅਰਥ: (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ 690}

ਪਦਅਰਥ: ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ। ਮਨਮੁਖ = ਆਪਣੇ ਮਨ ਦੇ ਪਿਛੇ ਤੁਰਨ ਵਾਲਾ। ਜਮਿ = ਜਮ ਨੇ, ਮੌਤ ਨੇ, ਆਤਮਕ ਮੌਤ ਨੇ। ਜੋਹਿਆ = ਤੱਕ ਵਿਚ ਰੱਖਿਆ। ਦੁਖਿ = ਦੁੱਖ ਵਿਚ। ਮੋਹਿਆ = ਫਸਿਆ ਹੋਇਆ। ਰੋਹਿਆ = ਰੋਹ ਵਿਚ ਰਹਿੰਦਾ ਹੈ, ਕ੍ਰੋਧਵਾਨ। ਕਰਤ = ਕਰਦਿਆਂ। ਵਿਹਾਵਏ = ਵਿਹਾਵੈ, ਬੀਤ ਜਾਂਦੀ ਹੈ। ਦੇਇ = ਦੇਂਦਾ ਹੈ। ਤਿਸੁ = ਉਸ (ਪ੍ਰਭੂ) ਨੂੰ। ਕਲਤ੍ਰ = ਇਸਤ੍ਰੀ। ਧੋਹਿਆ = ਛਲ, ਧ੍ਰੋਹ, ਠੱਗੀ।੪।

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ {ਪੰਨਾ 690}

ਪਦਅਰਥ: ਕਰਿ = ਕਰ ਕੇ। ਲੇਹੁ ਮਿਲਾਇ = (ਤੂੰ) ਮਿਲਾ ਲੈਂਦਾ ਹੈਂ। ਮਹਲੁ = ਹਜ਼ੂਰੀ, (ਚਰਨਾਂ ਵਿਚ) ਥਾਂ। ਹਰਿ = ਹੇ ਹਰੀ! ਕਰ = {ਬਹੁ-ਵਚਨ} ਦੋਵੇਂ ਹੱਥ। ਜੋੜਿ = ਜੋੜ ਕੇ। ਮਨਿ = (ਉਸ ਦੇ) ਮਨ ਵਿਚ। ਭਾਇਆ = ਪਿਆਰਾ ਲੱਗਾ। ਭਾਵੈ = ਪਿਆਰਾ ਲੱਗਦਾ ਹੈ। ਤਾ = ਤਦੋਂ। ਹੁਕਮਿ = ਹੁਕਮ ਵਿਚ। ਮੰਨਿ = ਮੰਨ ਕੇ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਨਾਮੋ ਨਾਮੁ = ਨਾਮ ਹੀ ਨਾਮ।੫।

ਅਰਥ: ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।