ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਭਾਈ ਰਾਜੋਆਣਾ ਨੂੰ ਫਾਂਸੀ ਦੇ ਫੈਸਲੇ ਦੀ ਸਖਤ ਨਿੰਦਾ

45

ਬੇਅੰਤ ਸਿੰਘ ਕਤਲ ਕਾਂਡ ‘ਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਵਾਲੇ ਫੈਸਲੇ ਤੋਂ ਬਾਅਦ ਦੁਨੀਆ ਭਰ ‘ਚ ਵੱਸਦੇ ਸਿੱਖ ਭਾਈਚਾਰੇ ‘ਚ ਰੋਹ ਦੀ ਲਹਿਰ ਉਠਣੀ ਸ਼ੁਰੂ ਹੋ ਗਈ ਹੈ। ਇਸੇ ਸੰਬੰਧ ‘ਚ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਗੁਰੂ ਘਰ ਪਾਰਕਲੀ (ਗਲੈਨਵੁੱਡ) ਸਿਡਨੀ ਦਾ ਪ੍ਰਬੰਧ ਚਲਾਉਣ ਵਾਲੀ ਕਮੇਟੀ ‘ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ’ ਵਲੋਂ ਇਕ ਹੰਗਾਮੀ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਮਤਾ ਪਾਸ ਕਰਕੇ ਭਾਈ ਰਾਜੋਆਣਾ ਨੂੰ ਫਾਂਸੀ ਦੇਣ ਦੇ ਫੈਸਲੇ ਨੂੰ ਬਿਲਕੁਲ ਇਕਪਾਸੜ ਅਤੇ ਸਿੱਖਾਂ ਦੇ ਹਿਰਦੈ ਵਲੂੰਧਰਨ ਵਾਲਾ ਦੱਸਿਆ। ਇਸ ਮੌਕੇ ਜਨਰਲ ਸਕੱਤਰ ਭਾਈ ਜਸਬੀਰ ਸਿੰਘ ਥਿੰਦ ਨੇ ਕਿਹਾ ਕਿ ਇਕ ਪਾਸੇ ਜਿੱਥੇ ਭਾਈ ਰਾਜੋਆਣਾ ਨੂੰ ਫਾਂਸੀ ਦਾ ਫੈਸਲਾ ਸੁਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਉਥੇ ਹੀ 84 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਅਤੇ ਜਗਦੀਸ਼ ਟਾਇਟਲਰ ਵਿਰੁੱਧ 27 ਸਾਲ ਬੀਤ ਜਾਣ ਤੋਂ ਬਾਅਦ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ 84 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਉੱਚੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖਮਾਂ ‘ਤੇ ਹੋਰ ਨਮਕ ਛਿੜਕਿਆ ਗਿਆ ਹੈ। ਇਸ ਮੌਕੇ ਪ੍ਰਧਾਨ ਸ. ਅਮਰਜੀਤ ਸਿੰਘ ਗਿਰਨ ਨੇ ਭਾਰਤੀ ਨਿਆਂ ਪ੍ਰਣਾਲੀ ਤੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਭਾਈ ਰਾਜੋਆਣਾ ਨੂੰ 31 ਮਾਰਚ ਨੂੰ ਫਾਂਸੀ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕੀਤਾ ਜਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਚਾਹਲ (ਚੇਅਰਮੈਨ), ਕੁਲਦੀਪ ਸਿੰਘ ਦਿਓ (ਉਪ ਚੇਅਰਮੈਨ), ਮੋਹਣ ਸਿੰਘ ਪੂਨੀ, ਮਨਜੀਤ ਸਿੰਘ ਪੂਨੀ, ਇਕਬਾਲ ਸਿੰਘ ਕਾਲਕਟ, ਰਿਸ਼ਪਾਲ ਸਿੰਘ, ਦਲਜੀਤ ਸਿੰਘ ਬੱਲ੍ਹ ਅਤੇ ਭਾਰੀ ਗਿਣਤੀ ‘ਚ ਸੰਗਤ ਮੌਜੂਦ ਸੀ।