ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਤੋਂ ਅੱਜ ਦਾ ਫੁਰਮਾਨ-ਸ਼ੁੱਕਰਵਾਰ 31 ਜੁਲਾਈ 2015 (16 ਸਾਉਣ ਸੰਮਤ 547 ਨਾਨਕਸ਼ਾਹੀ)

128
Today's Mukhwak from G.Damdama Sahib Thatta

Huqam

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਅੰਗ 669-670}

ਅਰਥ: ਹੇ ਮਨ! ਸਦਾਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।