ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਤੋਂ ਅੱਜ ਦਾ ਫੁਰਮਾਨ-ਸ਼ੁੱਕਰਵਾਰ 14 ਅਗਸਤ 2015 (30 ਸਾਉਣ ਸੰਮਤ 547 ਨਾਨਕਸ਼ਾਹੀ)

320
Today's Mukhwak from G.Damdama Sahib Thatta

Huqam

ਸੂਹੀ ਮਹਲਾ ੫ ॥

ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ {ਅੰਗ 750}

ਅਰਥ: ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ। ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧। ਹੇ ਭਾਈ! ਅੱਠੇ ਪਹਰ ਆਪਣੇ ਮਾਲਕਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈ! ਆਪਾਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ,ਇਸ ਤਰ੍ਹਾਂ ਦੁਨੀਆ ਦੀ ਕਿਰਤਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩। ਹੇ ਨਾਨਕ! (ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।