ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ।

61

ਪਿੰਡ ਠੱਟਾ ਪੁਰਾਣਾ ਵਿਖੇ ਸੁੱਖਾ ਸਿੰਘ ਮੁੱਤੀ ਅਮਰੀਕਾ ਨਿਵਾਸੀ ਵੱਲੋਂ ਬਣਵਾਏ ਗਏ ਸ਼ਹੀਦ ਊਧਮ ਸਿੰਘ ਦੇ ਸਮਾਰਕ ਵਿਚ ਸ਼ਹੀਦ ਦੇ ਬੁੱਤ ਦੇ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਦਿਆਲ ਸਿੰਘ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਮੰਗਲਵਾਰ ਦੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ ਦੇ ਬੁੱਤ ਦੇ ਇਕ ਹੱਥ ਵਿਚ ਫੜ੍ਹੇ ਪਿਸਤੌਲ ਨਾਲ ਭੰਨ ਤੋੜ ਭੰਨ ਕੀਤੀ ਗਈ। ਇਸ ਹਰਕਤ ਨਾਲ ਉਨ੍ਹਾਂ ਦੇ ਹਿਰਦਿਆਂ ਨੂੰ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਅਜਿਹੇ ਯੋਧਿਆਂ ਦੀਆਂ ਯਾਦਗਾਰਾਂ ਦੀ ਸਾਂਭ-ਸੰਭਾਲ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਇਸ ਤਰ੍ਹਾਂ ਦੀ ਹਰਕਤ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਸ਼ਰਾਰਤੀ ਅਨਸਰ ਪੰਜਾਬ ਦੀ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣ ਲਈ ਅਜਿਹੇ ਘਿਨੌਣੇ ਅਪਰਾਧ ਕਰ ਰਹੇ ਹਨ। ਸਰਕਾਰ ਨੂੰ ਸ਼ਰਾਰਤੀ ਅਨਸਰਾਂ ਦੀ ਸ਼ਨਾਖਤ ਕਰਨੀ ਚਾਹੀਦੀ ਹੈ। ਇਸ ਘਟਨਾ ਦੀ ਸਖਤ ਸ਼ਬਦਾਂ ‘ਚ ਨਿੰਦਾ ਕਰਦਿਆਂ ਉਹਨਾਂ ਕਿਹਾ ਕਿ ਦੋਸ਼ੀਆਂ ਦੀ ਸ਼ਨਾਖਤ ਕਰ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।