ਪਿੰਡ ਬਿਧੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਦੀਆਂ ਸਮੂਹ ਸੰਗਤਾਂ ਵੱਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਦੂਜਾ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਗੁਰਦੁਆਰਾ ਦਮਦਮਾ ਸਾਹਿਬ ਵੱਲੋਂ ਸੰਗਤਾਂ ਨਾਲ ਆਪਣੇ ਪ੍ਰਵਚਨਾਂ ਨਾਲ ਸਾਂਝ ਪਾਈ | ਇਸ ਮੌਕੇ ਸੰਤ ਆਤਮਾ ਨੰਦ ਜੀ ਬਿਧੀਪੁਰ ਵਾਲਿਆਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ | ਰਾਤਰੀ ਦੇ ਧਾਰਮਿਕ ਸਮਾਗਮਾਂ ਵਿਚ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਭਾਈ ਹਰਮਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਮੰਦਿਰ ਸਾਹਿਬ ਤੇ ਭਾਈ ਬਲਦੇਵ ਸਿੰਘ ਵਡਾਲਾ ਨੇ ਆਪਣੇ ਸ਼ਬਦ ਗਾਇਣ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਕਥਾਵਾਚਕ ਵੱਲੋਂ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਿੱਖ ਸਿੱਖੀ ਤੋਂ ਦੂਰ ਜਾ ਰਿਹਾ ਹੈ | ਸਿੱਖੀ ਅਸੂਲਾਂ ਤੇ ਸਿਧਾਂਤਾਂ ਦੀ ਪਾਲਣਾ ਕਰਨਾ ਸਿੱਖ ਦਾ ਫ਼ਰਜ਼ ਹੈ, ਤੇ ਪਤਿਤ ਹੋ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਸਿੱਖੀ ਦੇ ਬੂਟੇ ਦੀ ਪਾਲਣਾ ਕਰਨੀ ਚਾਹੀਦੀ ਹੈ |