ਮੰਗਲਵਾਰ 6 ਅਕਤੂਬਰ 2015 (20 ਅੱਸੂ ਸੰਮਤ 547 ਨਾਨਕਸ਼ਾਹੀ)

41
Today's Mukhwak from G.Damdama Sahib Thatta

Today's Mukhwak from G.Damdama Sahib Thatta

ਸਲੋਕੁ ਮਃ ੩ ॥ ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥ ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥੧॥ ਮਃ ੧ ॥ ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥੨॥ ਪਉੜੀ ॥ ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥ ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥ ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥ {ਪੰਨਾ 648}

ਅਰਥ: ਪੂਰੀ ਮੇਹਰ ਦੁਆਰਾ ਹਰੀਨਾਮ ਲੱਭ ਸਕਦਾ ਹੈ, ਮੇਹਰ ਤੋਂ ਬਿਨਾ ਨਾਮ ਨਹੀਂ ਮਿਲਦਾ; ਹੇ ਨਾਨਕ! ਜੇ ਹਰੀ ਆਪਣੀ ਕ੍ਰਿਪਾਦ੍ਰਿਸ਼ਟੀ ਕਰੇ, ਤਾਂ ਸਤਿਗੁਰੂ ਦੀ ਸਿੱਖਿਆ ਵਿਚ ਲੀਨ ਕਰ ਕੇ ਮਿਲਾ ਲੈਂਦਾ ਹੈ।੧।(ਮਰਨ ਤੇ) ਕੋਈ ਸਾੜੇ ਜਾਂਦੇ ਹਨ, ਕੋਈ ਦੱਬੇ ਜਾਂਦੇ ਹਨ, ਇਕਨਾਂ ਨੂੰ ਕੁੱਤੇ ਖਾਂਦੇ ਹਨ, ਕੋਈ ਜਲਪ੍ਰਵਾਹ ਕੀਤੇ ਜਾਂਦੇ ਹਨ ਤੇ ਕੋਈ ਸੁੱਕੇ ਖੂਹ ਵਿਚ ਰੱਖੇ ਜਾਂਦੇ ਹਨ। ਪਰ, ਹੇ ਨਾਨਕ! (ਸਰੀਰ ਦੇ) ਇਸ ਸਾੜਨ ਦੱਬਣ ਆਦਿਕ ਨਾਲ ਇਹ ਨਹੀਂ ਪਤਾ ਲੱਗ ਸਕਦਾ ਕਿ ਰੂਹਾਂ ਕਿੱਥੇ ਜਾ ਵੱਸਦੀਆਂ ਹਨ।੨।ਜੋ ਮਨੁੱਖ ਹਰੀ ਦੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦਾ ਮਾਇਆ ਨੂੰ ਵਰਤਣਾ, ਖਾਣਾ ਪਹਿਨਣਾ ਸਭ ਕੁਝ ਪਵਿੱਤ੍ਰ ਹੈ; ਉਹਨਾਂ ਦੇ ਘਰ, ਮੰਦਰ, ਮਹਿਲ ਤੇ ਸਰਾਵਾਂ ਸਭ ਪਵਿੱਤ੍ਰ ਹਨ, ਜਿਨ੍ਹਾਂ ਵਿਚੋਂ ਗੁਰਮੁਖਿ ਸੇਵਕ ਸਿੱਖ ਤੇ ਅਭਿਆਗਤ ਜਾ ਕੇ ਸੁਖ ਲੈਂਦੇ ਹਨ। ਉਹਨਾਂ ਦੇ ਘੋੜੇ, ਜ਼ੀਨਾਂ, ਤਾਹਰੂ ਸਭ ਪਵਿੱਤ੍ਰ ਹਨ, ਜਿਨ੍ਹਾਂ ਉਤੇ ਗੁਰਮੁਖਿ ਸਿੱਖ ਸਾਧ ਸੰਤ ਚੜ੍ਹਦੇ ਹਨ; ਉਹਨਾਂ ਦੇ ਕੰਮਕਾਜ ਸਭ ਪਵ੍ਰਿੱਤ ਹਨ, ਜੋ ਹਰ ਵੇਲੇ ਹਰੀ ਦਾ ਨਾਮ ਉਚਾਰਦੇ ਹਨ। (ਪਹਿਲੇ ਕੀਤੇ ਕੰਮਾਂ ਦੇ ਅਨੁਸਾਰ) ਜਿਨ੍ਹਾਂ ਦੇ ਪੱਲੇ (ਭਲੇ ਸੰਸਕਾਰਰੂਪ) ਪੁੰਨ ਹੈ, ਉਹ ਗੁਰਮੁਖ ਸਿੱਖ ਸਤਿਗੁਰੂ ਦੀ ਸ਼ਰਨ ਆਉਂਦੇ ਹਨ।੧੬।