ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਅੰਗ 626}
ਪਦਅਰਥ: ਜਿਤੁ—ਜਿਸ ਵਿਚ। ਚਿਤਿ—ਚਿੱਤ ਵਿਚ, ਹਿਰਦੇ ਵਿਚ। ਜਿਤੁ ਚਿਤਿ—ਜਿਸ ਹਿਰਦੇ—ਘਰ ਵਿਚ। ਸੋ ਘਰੁ—ਉਹ ਹਿਰਦਾ—ਘਰ। ਦਯਿ—ਪਿਆਰ ਕਰਨ ਵਾਲੇ ਪ੍ਰਭੂ ਨੇ। ਸੁਖ ਸਾਗਰੁ—ਸੁਖਾਂ ਦਾ ਸਮੁੰਦਰ। ਤਾ—ਤਦੋਂ। ਸਹਸਾ—ਸਹਿਮ।੧। ਵਡਿਆਈ—ਸੋਭਾ, ਸਿਫ਼ਤਿ–ਸਾਲਾਹ। ਆਠ ਪਹਿਰ—ਹਰ ਵੇਲੇ। ਤੇ—ਤੋਂ। ਪਾਈ—ਪ੍ਰਾਪਤ ਕੀਤੀ।ਰਹਾਉ। ਅਕਥ: ਬਿਆਨ ਨਾਹ ਹੋ ਸਕਣ ਵਾਲੀ। ਕਹਾਣੀ—ਸਰੂਪ ਦਾ ਵਰਣਨ। ਬੋਲਹਿ—ਬੋਲਦੇ ਹਨ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲੀ। ਵਖਾਣੀ—ਉਚਾਰੀ। ਤੇ—ਤੋਂ।੨।
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ–ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ–ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ। ਹੇ ਭਾਈ! ਜਿਸ ਦੇ ਹਿਰਦੇ–ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ–ਪ੍ਰਭੂ ਨੇ ਉਹ ਹਿਰਦਾ–ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! (ਜਦੋਂ ਕਿਸੇ ਵਡ–ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧। ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ–ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ–ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।