ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ {ਅੰਗ 716}
ਪਦਅਰਥ: ਗੁਨੁ—ਉਪਕਾਰ। ਪੰਚ ਦੋਖ—(ਕਾਮਾਦਿਕ) ਪੰਜੇ ਵਿਕਾਰ। ਅਰੁ—ਅਤੇ। ਅਹੰ ਰੋਗ—ਹਉਮੈ ਦਾ ਰੋਗ। ਤੇ—ਤੋਂ। ਸਗਲ—ਸਾਰੇ।ਰਹਾਉ।
ਬੰਧਨ—ਫਾਹੀਆਂ। ਤੋਰਿ—ਤੋੜ ਕੇ। ਛੋਰਿ—ਛੁਡਾ ਕੇ। ਬਿਖਿਆ ਤੇ—ਮਾਇਆ (ਦੇ ਮੋਹ) ਤੋਂ। ਕੋ—ਦਾ। ਮੇਰੈ ਹੀਅਰੈ—ਮੇਰੇ ਹਿਰਦੇ ਵਿਚ। ਰੂਪੁ—ਸੁਹਜ। ਅਨਰੂਪੁ—ਕੁਹਜ। ਗਹਿਓ—ਫੜ ਲਿਆ, ਬੰਨ੍ਹ ਦਿੱਤਾ। ਮੋਹਿ—ਮੈਨੂੰ। ਰੰਗਿ—ਪ੍ਰੇਮ—ਰੰਗ ਵਿਚ। ਭੀਨ—ਭਿਉਂ ਦਿੱਤਾ।੧।
ਲਾਲਨੁ—ਸੋਹਣਾ ਲਾਲ। ਪਾਟ ਬੀਚ—ਵਿਚਲੇ ਪਰਦੇ। ਖੋਏ—ਖੋਇ, ਦੂਰ ਕਰਕੇ। ਹਰਖੇ—ਖ਼ੁਸ਼ੀ ਵਿਚ। ਪਤੀਨ—ਪਤੀਜ ਗਿਆ। ਤਿਸ ਹੀ—{ਲਫ਼ਜ਼ ‘ਤਿਸੁ‘ ਦਾ ੁ ਕ੍ਰਿਆ ਵਿਸ਼ੇਸ਼ਣ ‘ਹੀ‘ ਦੇ ਕਾਰਨ ਉੱਡ ਗਿਆ ਹੈ}। ਗ੍ਰਿਹੁ—ਸਰੀਰ—ਘਰ। ਠਾਕੁਰੁ—ਮਾਲਕ। ਕੋ ਧੀਨ—ਕਾ ਅਧੀਨ, ਦਾ ਸੇਵਕ।੨।
ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ–ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।
(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ–ਰੰਗ ਵਿਚ ਭਿਉਂ ਦਿੱਤਾ ਹੈ।੧।
ਹੇ ਨਾਨਕ! (ਆਖ–ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ–ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ), ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।