ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ {ਅੰਗ 619}
ਪਦਅਰਥ: ਸਿਮਰਿ ਸਿਮਰਿ—ਮੁੜ ਮੁੜ ਯਾਦ ਕਰ ਕੇ। ਸਗਲਾ—ਸਾਰਾ। ਗੁਰ ਬਚਨੀ—ਗੁਰੂ ਦੇ ਬਚਨਾਂ ਉੱਤੇ ਤੁਰ ਕੇ।੧।
ਕਰਣ ਕਾਰਣ—ਜਗਤ ਦਾ ਮੂਲ। ਸਮਰਥ—ਸਾਰੀਆਂ ਤਾਕਤਾਂ ਦਾ ਮਾਲਕ। ਬਿਧਾਤਾ—ਸਿਰਜਣਹਾਰ।ਰਹਾਉ।
ਬਿਨੋਦ—ਕੌਤਕ, ਤਮਾਸ਼ੇ, ਖ਼ੁਸ਼ੀਆਂ। ਜੈ ਜੈ ਕਾਰ—ਸੋਭਾ। ਭੀਤਰਿ—ਵਿਚ।੨।
ਅਰਥ: ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖ਼ਸ਼ਣ ਵਾਲਾ ਹੈ। ਗੁਰੂ ਉਸ ਸਰਬ–ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ।ਰਹਾਉ।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ। ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਹ ਮਨ–ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੧।
ਹੇ ਨਾਨਕ! (ਆਖ–ਹੇ ਭਾਈ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫ਼ਤਿ–ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫ਼ਤਿ–ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਆਨੰਦ ਖ਼ੁਸ਼ੀਆਂ ਸੁਖ ਬਣੇ ਰਹਿਣਗੇ। (ਸਿਫ਼ਤਿ–ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ। (ਇਹ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ।੨।੧੫।੪੩।