ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ {ਪਾਵਨ ਅੰਗ 644}
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ),ਮਨਮੁਖ (ਇਸ ‘ਮਮਤਾ‘ ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ। (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ–ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।