ਸਨਿੱਚਰਵਾਰ 5 ਦਸੰਬਰ 2015 (20 ਮੱਘਰ ਸੰਮਤ 547 ਨਾਨਕਸ਼ਾਹੀ)

43
Today's Mukhwak from G.Damdama Sahib Thatta

Today's Mukhwak from G.Damdama Sahib Thatta

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਅੰਗ 730}

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ)੧।੪।੬।

ਨੋਟ: ਇਸ ਸ਼ਬਦ ਵਿਚ ਵਖ ਵਖ ਬੰਦ ਨਹੀਂ ਹਨ। ਸਾਰਾ ਸ਼ਬਦ ਸਮੁੱਚੇ ਤੌਰ ਤੇ ਇੱਕ ਬੰਦ ਗਿਣਿਆ ਗਿਆ ਹੈ। ਘਰੁ ੬ਦਾ ਇਹ ਚੌਥਾ ਸ਼ਬਦ ਹੈ।