ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਠੱਟਾ ਪੁਰਾਣਾ, ਠੱਟਾ ਨਵਾਂ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂਭਾਟੀਆ, ਦੰਦੂਪੁਰ, ਸੂਜੋਕਾਲੀਆ ਤੇ ਸੈਦਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਸੰਗਤ ਵੱਲੋਂ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ। ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਬਲਵਿੰਦਰ ਸਿੰਘ ਆਲਮ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਅਤੇ ਨਗਰ ਕੀਰਤਨ ਪਿੰਡ ਪਹੁੰਚਣ ਤੇ ਸਮੂਹ ਗਰਾਮ ਪੰਚਾਇਤ ਠੱਟਾ ਨਵਾਂ ਅਤੇ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਸਵਾਗਤ ਲਈ ਨੌਜਵਾਨਾਂ ਵੱਲੋਂ ਪਿੰਡ ਦੇ ਆਲੇ ਦੁਆਲੇ ਤੇ ਗਲੀਆਂ ਬਜ਼ਾਰਾਂ ਦੀ ਸਫਾਈ ਅਤੇ ਸਜਾਵਟ ਵੀ ਕੀਤੀ ਗਈ।