ਸ਼ੁੱਕਰਵਾਰ 24 ਜੂਨ 2016 (11 ਹਾੜ ਸੰਮਤ 548 ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ {ਅੰਗ 619}
ਅਰਥ: ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖ਼ਸ਼ਣ ਵਾਲਾ ਹੈ। ਗੁਰੂ ਉਸ ਸਰਬ–ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ। ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਹ ਮਨ–ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੧। ਹੇ ਨਾਨਕ! (ਆਖ–ਹੇ ਭਾਈ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫ਼ਤਿ–ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫ਼ਤਿ–ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਆਨੰਦ ਖ਼ੁਸ਼ੀਆਂ ਸੁਖ ਬਣੇ ਰਹਿਣਗੇ।(ਸਿਫ਼ਤਿ–ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ। (ਇਹ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ।੨।੧੫।੪੩।
ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥
www.thatta.in | fb/PindThatta | WhatsApp: 98728-98928