Today’s Hukamnama from State Gurdwara Sahib Kapurthala

54

ਮੰਗਲਵਾਰ 27 ਮਾਰਚ 2018 (14 ਚੇਤ ਸੰਮਤ 550 ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥ {ਅੰਗ 681}

ਪਦਅਰਥ: ਚਤੁਰ = ਚਾਰ। ਦਿਸਾ = ਤਰਫ਼ਾਂ, ਪਾਸੇ। ਥਲੁ = ਸ਼ਕਤੀ। ਕਰੁ = ਹੱਥ {ਇਕ-ਵਚਨ}। ਕਟਾਖ੍ਹ = ਨਿਗਾਹ। ਅਵਲੋਕਨੁ = ਵੇਖਣ। ਅਵਲੋਕਨੁ ਕੀਨੋ = ਵੇਖਿਆ। ਬਿਦਾਰਿਓ = ਦੂਰ ਕਰ ਦਿੱਤਾ।੧।

ਜਨ = ਸੇਵਕ, ਦਾਸ {ਬਹੁ-ਵਚਨ}। ਗੁਰ ਗੋਵਿੰਦ = ਵੱਡੇ ਮਾਲਕ ਨੇ। ਗੋਵਿੰਦ = ਪ੍ਰਿਥਵੀ ਦਾ ਮਾਲਕ। ਕੰਠਿ = ਗਲ ਨਾਲ। ਲਾਇ = ਲਾ ਕੇ। ਸਭਿ = ਸਾਰੇ। ਪੁਰਖ = ਸਰਬ = ਵਿਆਪਕ।ਰਹਾਉ।

ਮਾਗਹਿ = ਮੰਗਦੇ ਹਨ। ਤੇ = ਤੋਂ। ਮੁਖ ਤੇ = ਮੂੰਹੋਂ। ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਸਚੁ = ਸਦਾ-ਥਿਰ ਰਹਿਣ ਵਾਲਾ ਬਚਨ, ਅਟੱਲ ਬਚਨ।੨।

ਅਰਥ: ਹੇ ਭਾਈ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ। (ਸੇਵਕਾਂ ਨੂੰ ਆਪਣੇ) ਗਲ ਨਾਲ ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖ਼ਸ਼ਣਹਾਰ ਪ੍ਰਭੂ ਉਹਨਾਂ ਦੇ ਸਾਰੇ ਔਗੁਣ ਮਿਟਾ ਦੇਂਦਾ ਹੈ।ਰਹਾਉ।

ਹੇ ਭਾਈ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ। ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ ਤੱਕਦਾ ਹੈਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੇਂਦਾ ਹੈ।੧।

ਹੇ ਭਾਈ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੇਂਦਾ ਹੈ। ਹੇ ਨਾਨਕ! ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ।੨।੧੪।੪੫।