Today’s Hukamnama from Gurdwara Baoli Sahib Goindwal Sahib

60

ਮੰਗਲਵਾਰ 17 ਅਪ੍ਰੈਲ 2018 (4 ਵੈਸਾਖ ਸੰਮਤ 550 ਨਾਨਕਸ਼ਾਹੀ)

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥{ਅੰਗ 771}

ਪਦਅਰਥ: ਵਰੁ = ਖਸਮ = ਪ੍ਰਭੂ (ਦਾ ਮਿਲਾਪ। ਬਾਲੜੀਏ = ਹੇ ਅੰਞਾਣ ਜੀਵ = ਇਸਤ੍ਰੀ! ਲਾਏ = ਲਾਇ। ਸੋਹਾਗਣੀ = ਸੁਹਾਗ = ਭਾਗ ਵਾਲੀ। ਜਾਏ = ਨਾਸ ਹੁੰਦਾ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ। ਸਾਧਨ = ਜੀਵ = ਇਸਤ੍ਰੀ। ਸਚਿ = ਸਦਾ-ਥਿਰ ਹਰਿ = ਨਾਮ ਵਿਚ। ਸੰਜਮਿ = ਸੰਜਮ ਵਿਚ, ਬੰਦਸ਼ ਵਿਚ। ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੀਗਾਰੀ = ਆਤਮਕ ਜੀਵਨ ਨੂੰ ਸੋਹਣਾ ਬਣਾਂਦੀ ਹੈ। ਸਾਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪ੍ਰਭੂ) ਨੇ। ਆਪੇ = ਆਪ ਹੀ। ਆਪੁ = ਆਪਣੇ ਆਪ ਨੂੰ। ਜਿਨਿ = ਜਿਸ ਜੀਵ = ਇਸਤ੍ਰੀ ਨੇ।੧।

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।