ਬੁੱਧਵਾਰ 5 ਜੂਨ 2019 (22 ਜੇਠ ਸੰਮਤ 551 ਨਾਨਕਸ਼ਾਹੀ)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ {ਪੰਨਾ 657-658}
ਪਦਅਰਥ: ਜਬ = ਜਿਤਨਾ ਚਿਰ। ਹਮ = ਅਸੀ, ਹਉਮੈ, ਆਪਾ = ਭਾਵ। ਹੋਤੇ = ਹੁੰਦੇ ਹਾਂ। ਮੈ = ਮੇਰੀ ਅਪਣੱਤ, ਹਉਮੈ। ਅਨਲ = {Skt. अनिल} ਹਵਾ। ਅਨਲ ਅਗਮ = ਭਾਰੀ ਹਨੇਰੀ (ਦੇ ਕਾਰਨ) । ਲਹਰਿ ਮਇ = ਲਹਰਿ ਮਯ, ਲਹਰਿ ਮੈ, {ਸੰ: ਮਯ = ਜਿਸ ਲਫ਼ਜ਼ ਦੇ ਅਖ਼ੀਰ ਵਿਚ ਲਫ਼ਜ਼ ‘ਮਯ’ ਵਰਤਿਆ ਜਾਏ, ਉਸ ਦੇ ਅਰਬ ਵਿਚ ‘ਬਹੁਲਤਾ’ ਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ = ਦਇਆ ਨਾਲ ਭਰਪੂਰ} ਲਹਰਾਂ ਨਾਲ ਭਰਪੂਰ। ਓਦਧਿ = {Skt. ਉਦਧਿ, उदधि} ਸਮੁੰਦਰ।੧।ਮਾਧਵੇ = ਹੇ ਮਾਧੋ! (ਨੋਟ: ਲਫ਼ਜ਼ ‘ਮਾਧੋ’ ਭਗਤ ਰਵਿਦਾਸ ਜੀ ਦਾ ਖ਼ਾਸ ਪਿਆਰਾ ਲਫ਼ਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫ਼ਜ਼ ਵਰਤਦੇ ਹਨ, ਸੰਸਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ। ਜੇ ਰਵਿਦਾਸ ਜੀ ਸ੍ਰੀ ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫ਼ਜ਼ ਉਹ ਨਾਹ ਵਰਤਦੇ) । ਕਿਆ ਕਹੀਐ = ਕੀਹ ਆਖੀਏ? ਕਿਹਾ ਨਹੀਂ ਜਾ ਸਕਦਾ। ਭ੍ਰਮੁ = ਭੁਲੇਖਾ। ਮਾਨੀਐ = ਮੰਨਿਆ ਜਾ ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ।੧।ਰਹਾਉ।ਨਰਪਿਤ = ਰਾਜਾ। ਸਿੰਘਾਸਨਿ = ਤਖ਼ਤ ਉੱਤੇ। ਭਿਖਾਰੀ = ਮੰਗਤਾ। ਅਛਤ = ਹੁੰਦਿਆਂ ਸੁੰਦਿਆਂ। ਗਤਿ = ਹਾਲਤ।੨।ਰਾਜ = ਰੱਜੂ, ਰੱਸੀ। ਭੁਇਅੰਗ = ਸੱਪ। ਪ੍ਰਸੰਗ = ਵਾਰਤਾ, ਗੱਲ। ਮਰਮੁ = ਭੇਤ, ਰਾਜ਼। ਕਟਕ = ਕੜੇ। ਕਹਤੇ = ਆਖਦਿਆਂ।੩।ਸਰਬੇ = ਸਾਰਿਆਂ ਵਿਚ। ਅਨੇਕੈ = ਅਨੇਕ = ਰੂਪ ਹੋ ਕੇ। ਭਗਵੈ = {ਨੋਟ: ਅੱਖਰ ‘ਭ’ ਦੇ ਨਾਲ ਦੋ ਲਗਾਂ ਹਨ (ੋ) ਤੇ (ੁ) । ਅਸਲ ਲਫ਼ਜ਼ ਹੈ ‘ਭੋਗਵੈ’ ਪਰ ਇਥੇ ਪੜ੍ਹਨਾ ਹੈ ‘ਭੁਗਵੈ’} ਭੋਗ ਰਿਹਾ ਹੈ, ਮੌਜੂਦ ਹੈ। ਪੈ = ਤੋਂ।ਸਹਜੇ = ਸੁਤੇ ਹੀ, ਉਸ ਦੀ ਰਜ਼ਾ ਵਿਚ।੪।
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ ‘ਮੈਂ’ ਦੂਰ ਹੋ ਜਾਂਦੀ ਹੈ; (ਇਸ ‘ਮੈਂ’ ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ। ਪਰ ਜੀਵ ਆਪਣੀ ‘ਹਉਂ’ ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ। ਜਿਤਨਾ ਚਿਰ ‘ਹਉਂ’ ਹੈ, ਉਤਨਾ ਚਿਰ ਵਿਤਕਰੇ ਹਨ।