Today’s Hukamnama from Gurdwara Sri Ber Sahib Ji Sultanpur Lodhi

35

ਵੀਰਵਾਰ 16 ਜਨਵਰੀ 2025 (3 ਮਾਘ ਸੰਮਤ 556 ਨਾਨਕਸ਼ਾਹੀ)

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ {ਪੰਨਾ 725}

ਪਦਅਰਥ: ਕੀਆ = ਦੀਆਂ। ਕਥਾ ਕਹਾਣੀਆ = ਸਿਫ਼ਤਿ-ਸਾਲਾਹ ਦੀਆਂ ਗੱਲਾਂ। ਗੁਰਿ = ਗੁਰੂ ਨੇ। ਮੀਤਿ = ਮਿੱਤਰ ਨੇ। ਕਉ = ਨੂੰ, ਤੋਂ। ਬਲਿ ਜਾਈਆ = ਮੈਂ ਸਦਕੇ ਜਾਂਦਾ ਹਾਂ, ਬਲਿ ਜਾਂਦੀਆਂ।੧।

ਆਇ = ਆ ਕੇ। ਗੁਰਸਿਖ = ਹੇ ਗੁਰੂ ਦੇ ਸਿੱਖ!।ਰਹਾਉ।

ਭਾਵਦੇ = ਚੰਗੇ ਲੱਗਦੇ ਹਨ। ਸੇ = ਉਹ ਗੁਣ (ਬਹੁ-ਵਚਨ) । ਤੇ = ਤੋਂ, ਪਾਸੋਂ। ਭਾਣਾ = ਰਜ਼ਾ। ਘੁਮਿ ਘੁਮਿ ਜਾਏ = ਘੁਮਿ ਘੁਮਿ ਜਾਈਂ, ਮੈਂ ਮੁੜ ਮੁੜ ਸਦਕੇ ਜਾਂਦਾ ਹਾਂ।੨।

ਹਉ = ਮੈਂ, ਹਉਂ। ਵਾਰੀ = ਕੁਰਬਾਨ। ਚਾਕਰੀ = ਸੇਵਾ। ਸਦ = ਸਦਾ।੩।

ਹਰਿ = ਹੇ ਹਰੀ! ਤੇ = ਤੋਂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਨਿਸਤਾਰਾ = ਪਾਰ = ਉਤਾਰਾ।੪।

ਤੇ = ਉਹ {ਬਹੁ-ਵਚਨ}। ਪਰਵਾਨਾ = ਕਬੂਲ, ਮਨਜ਼ੂਰ। ਵਿਟਹੁ = ਤੋਂ।੫।

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ {ਪੰਨਾ 725}

ਪਦਅਰਥ: ਸਾ = ਉਹ {ਇਸਤ੍ਰੀ ਲਿੰਗ}। ਹਰਿ ਪ੍ਰਭ = ਹੇ ਹਰੀ ਪ੍ਰਭੂ! ਭਾਵੈ = (ਤੈਨੂੰ) ਚੰਗੀ ਲੱਗਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਵੈ = ਦੇਂਦਾ ਹੈ।੬।

ਸੇਤੀ = ਨਾਲ। ਪਿਰਹੜੀ = ਪ੍ਰੇਮ। ਤਿਨਾ ਜੀਅ = ਉਹਨਾਂ ਦੇ ਦਿਲ। ਜੀਅ = {ਲਫ਼ਜ਼ ‘ਜੀਉ’ ਤੋਂ ਬਹੁ-ਵਚਨ}। ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ} ਉਹ ਬੰਦੇ। ਜਪਿ = ਜਪ ਕੇ। ਜੀਵਦੇ = ਆਤਮਕ ਜੀਵਨ ਹਾਸਲ ਕਰਦੇ ਹਨ। ਸਮਾਲੇ = ਸਮਾਲਿ, ਹਿਰਦੇ ਵਿਚ ਸੰਭਾਲ ਕੇ।੭।

ਕਉ = ਨੂੰ, ਤੋਂ। ਘੁਮਿ ਜਾਇਆ = ਮੈਂ ਸਦਕੇ ਜਾਂਦਾ ਹਾਂ। ਸਿਉ = ਸਮੇਤ। ਸਭੁ = ਸਾਰਾ।੮।

ਗੁਰਿ ਪਿਆਰੈ = ਪਿਆਰੇ ਗੁਰੂ ਦੀ ਰਾਹੀਂ। ਧੰਨੁ = {धन्य} ਸਲਾਹੁਣ = ਜੋਗ। ਗੁਰਿ = ਗੁਰੂ ਨੇ। ਮਾਰਗੁ = ਰਸਤਾ। ਗੁਰ ਪੁੰਨੁ = ਗੁਰੂ ਦਾ ਉਪਕਾਰ।੯।

ਗੁਰਸਿਖ = ਗੁਰੂ ਦੇ ਸਿੱਖ। ਪੁੰਨ = {ਵਿਸ਼ੇਸ਼ਣ} ਪਵਿਤ੍ਰ, ਭਾਗਾਂ ਵਾਲੇ। ਸੇ ਪਰਾਣੀ = ਉਹ ਬੰਦੇ।੧੦।

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।