Today’s Hukamnama from Gurdwara Baba Darbara Singh Ji Tibba

86

ਐਤਵਾਰ 24 ਫਰਵਰੀ 2019 (12 ਫੱਗਣ ਸੰਮਤ 550 ਨਾਨਕਸ਼ਾਹੀ)

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ {ਅੰਗ 703}

ਪਦਅਰਥ: ਪਿਆਸੀ = ਤਿਹਾਈ, ਚਾਹਵਾਨ। ਚਿਤਵਉ = ਚਿਤਵਉਂ, ਮੈਂ ਚਿਤਾਰਦੀ ਹਾਂ। ਅਨਦਿਨੁ = ਹਰ ਰੋਜ਼ {अनुदिनां} ਹਰ ਵੇਲੇ। ਨੀਤ = ਨਿੱਤ, ਸਦਾ। ਖੋਲ੍ਹ੍ਹਿ = ਖੋਹਲ ਕੇ। ਕਪਟ = ਕਪਾਟ, ਕਿਵਾੜ। ਖੋਲ੍ਹ੍ਹਿ ਕਪਟ = ਮੇਰੇ ਮਨ ਦੇ ਕਿਵਾੜ ਖੋਹਲ ਕੇ, ਮੇਰੇ ਮਾਇਆ ਦੇ ਛੌੜ ਕੱਟ ਕੇ। ਗੁਰਿ = ਗੁਰੂ ਨੇ। ਮੇਲੀਆ = ਮਿਲਾ ਦਿੱਤਾ। ਸੰਗਿ = ਨਾਲ।੧।

ਛੰਤ। ਯਾਰ = ਹੇ ਯਾਰ! ਸਜਣ = ਹੇ ਸੱਜਣ! ਕਰਉ = ਕਰਉਂ, ਮੈਂ ਕਰਦੀ ਹਾਂ। ਹਉ ਫਿਰਉ = ਹਉ ਫਿਰਉਂ, ਮੈਂ ਫਿਰਦੀ ਹਾਂ। ਤਿਸੁ ਦਸਿ = ਉਸ ਦੀ ਦੱਸ ਪਾ। ਧਰੀ = ਧਰੀਂ, ਮੈਂ ਧਰਾਂ। ਉਤਾਰੇ = ਉਤਾਰਿ, ਲਾਹ ਕੇ। ਇਕ ਭੋਰੀ = ਰਤਾ ਭਰ ਹੀ। ਦੀਜੈ = ਦੇਹ। ਨੈਨ = ਅੱਖਾਂ। ਪ੍ਰਿਅ ਰੰਗ = ਪਿਆਰੇ ਦੇ ਪ੍ਰੇਮ = ਰੰਗ। ਨਾ ਧੀਰੀਜੈ = ਧੀਰਜ ਨਹੀਂ ਕਰਦਾ। ਸਿਉ = ਨਾਲ। ਲੀਨਾ = ਮਸਤ। ਜਲ ਮੀਨਾ = ਪਾਣੀ ਦੀ ਮੱਛੀ। ਚਾਤ੍ਰਿਕ = ਪਪੀਹਾ। ਤਿਸੰਤੀਆ = ਤਿਹਾਇਆ। ਤਿਖਾ = ਤ੍ਰੇਹ, ਪਿਆਸ।੧।

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ {ਪੰਨਾ 703}

ਪਦਅਰਥ: ਪ੍ਰਿਅ = ਪਿਆਰੇ ਦੀਆਂ। ਹਭੇ = ਸਾਰੀਆਂ। ਮੂ = ਮੈਂ। ਕਹੀ ਨ ਜੇਹੀਆ = ਕਿਸੇ ਵਰਗੀ ਭੀ ਨਹੀਂ। ਡੂੰ = ਤੋਂ। ਹਿਕਿ = ਇਕਿ {ਲਫ਼ਜ਼ ‘ਇਕ’ ਤੋਂ ਬਹੁ-ਵਚਨ}। ਚਾੜੈ = ਚੜ੍ਹਦੀਆਂ; ਵਧੀਆ, ਸੋਹਣੀਆਂ। ਹਉ = ਮੈਂ। ਕਿਸੁ ਚਿਤੇਹੀਆ = ਕਿਸ ਨੂੰ ਚੇਤੇ ਹਾਂ? ਡੂੰ = ਤੋਂ। ਭੋਗ ਬਿਲਾਸਾ = ਮਿਲਾਪ ਦਾ ਆਨੰਦ। ਦੇਖਿ = ਵੇਖ ਕੇ। ਮਨਿ = ਮਨ ਵਿਚ। ਕਦਿ = ਕਦੋਂ? ਪਾਈ = ਪਾਈਂ, ਮੈਂ ਮਿਲ ਸਕਾਂ। ਦੇਖਿ = ਵੇਖ ਕੇ ਗੁਣਾਂ ਦਾ ਖ਼ਜ਼ਾਨਾ ਹਰੀ। ਮੈਡਾ = ਮੇਰਾ। ਰੀਝਾਇਆ = ਪ੍ਰਸੰਨ ਕਰ ਲਿਆ। ਜਿਨੀ = ਜਿਨਿ, ਜਿਸ ਨੇ। ਡੇਂਹੀਆ = ਦੇ ਦਿਆਂ। ਨਾਨਕੁ ਕਹੈ– ਨਾਨਕ ਆਖਦਾ ਹੈ। ਬਿਨਉ = {विनय} ਬੇਨਤੀ। ਸੁਹਾਗਣਿ = ਹੇ ਸੋਹਾਗ ਵਾਲੀਏ! ਮੂ = ਮੈਨੂੰ। ਡਿਖਾ = ਵੇਖਾਂ।੨।

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂ) ਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ? ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।