ਸਨਿੱਚਰਵਾਰ 15 ਨਵੰਬਰ 2025 (29 ਕਤਿਕਿ ਸੰਮਤ 557 ਨਾਨਕਸ਼ਾਹੀ)

ਧਨਾਸਰੀ ਮਹਲਾ ੩ ॥

ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥

ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥

ਗੁਰਮਤਿ ਸਾਚੀ ਸਾਚਾ ਵੀਚਾਰੁ ॥

ਆਪੇ ਬਖਸੇ ਦੇ ਵੀਚਾਰੁ ॥੧॥

ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥

ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥

ਹਮ ਮੂਰਖ ਮੂਰਖ ਮਨ ਮਾਹਿ ॥

ਹਉਮੈ ਵਿਚਿ ਸਭ ਕਾਰ ਕਮਾਹਿ ॥

ਗੁਰ ਪਰਸਾਦੀ ਹੰਉਮੈ ਜਾਇ ॥

ਆਪੇ ਬਖਸੇ ਲਏ ਮਿਲਾਇ ॥੨॥

ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥

ਅਹੰਕਾਰਿ ਡੂਬੈ ਨ ਪਾਵੈ ਮਾਨੁ ॥

ਆਪੁ ਛੋਡਿ ਸਦਾ ਸੁਖੁ ਹੋਈ ॥

ਗੁਰਮਤਿ ਸਾਲਾਹੀ ਸਚੁ ਸੋਈ ॥੩॥

ਆਪੇ ਸਾਜੇ ਕਰਤਾ ਸੋਇ ॥

ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥

ਜਿਸੁ ਸਚਿ ਲਾਏ ਸੋਈ ਲਾਗੈ ॥

ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ।

ਨਾਵੈ ਕੀ = (ਪਰਮਾਤਮਾ ਦੇ) ਨਾਮ ਦੀ। ਮਿਤਿ = ਮਾਪ, ਮਰਯਾਦਾ।

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ।

ਸੇ = ਉਹ {ਬਹੁ-ਵਚਨ}। ਧੰਨੁ = ਭਾਗਾਂ ਵਾਲੇ। ਨਾਮਿ = ਨਾਮ ਵਿਚ। ਲਿਵ = ਲਗਨ।

ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ।

ਸਾਚੀ = ਅਟੱਲ, ਕਦੇ ਉਕਾਈ ਨਾਹ ਖਾਣ ਵਾਲੀ। ਸਾਚਾ ਵੀਚਾਰੁ = ਸਦਾ-ਥਿਰ ਪ੍ਰਭੂ ਦੇ ਗੁਣਾਂ ਦਾ ਵਿਚਾਰ।

ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥

ਦੇ = ਦੇਂਦਾ ਹੈ ॥੧॥

ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ।

ਅਚਰਜੁ = ਹੈਰਾਨ ਕਰਨ ਵਾਲਾ।

ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥

ਕਲੀ ਕਾਲ ਵਿਚਿ = ਝਗੜਿਆਂ-ਭਰੇ ਜੀਵਨ-ਸਮੇ ਵਿਚ ॥੧॥ ਰਹਾਉ ॥

ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ।

ਹਮ = ਅਸੀਂ ਜੀਵ। ਮਨ ਮਾਹਿ = (ਜੇ) ਮਨ ਵਿਚ (ਵਿਚਾਰ ਕਰ ਵੇਖੀਏ)।

ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ,

ਕਮਾਹਿ = (ਅਸੀ) ਕਰਦੇ ਹਾਂ।

ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ।

ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ ਹੀ।

(ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥

ਆਪੇ = (ਪ੍ਰਭੂ) ਆਪ ਹੀ ॥੨॥

(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)।

ਬਿਖਿਆ = ਮਾਇਆ। ਅਭਿਮਾਨੁ = ਅਹੰਕਾਰ।

ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ।

ਅਹੰਕਾਰਿ = ਅਹੰਕਾਰ ਵਿਚ। ਮਾਨੁ = ਆਦਰ।

ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।

ਆਪੁ = ਆਪਾ-ਭਾਵ।

ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥

ਸਾਲਾਹੀ = ਸਾਲਾਹੀਂ, ਮੈਂ ਸਲਾਹੁੰਦਾ ਹਾਂ। ਸਚੁ = ਸਦਾ-ਥਿਰ ਪ੍ਰਭੂ ॥੩॥

ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ,

ਸਾਜੇ = ਪੈਦਾ ਕਰਦਾ ਹੈ।

ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ।

ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ।

ਸਚਿ = ਸਦਾ-ਥਿਰ ਨਾਮ ਵਿਚ।

ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥

ਨਾਮਿ = ਨਾਮ ਵਿਚ (ਜੁੜਿਆਂ)। ਆਗੈ = ਪਰਲੋਕ ਵਿਚ (ਭੀ) ॥੪॥੮॥