Breaking News
Home / ਹੁਕਮਨਾਮਾ ਸਾਹਿਬ / Hukamnama 13.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

Hukamnama 13.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਪੰਨਾ 755}

ਪਦਅਰਥ: ਮਰਿ ਵੰਞਸੀ = ਮਰ ਜਾਇਗੀ। ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ।੧।

ਵਾਹੁ = ਧੰਨ, ਸਲਾਹੁਣ = ਜੋਗ। ਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ = ਮੁਥਾਜ।੧।ਰਹਾਉ।

ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ। ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ।੨।

ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲੇ ਮਨੁੱਖ। ਸਕਾਰਥਾ = ਸਫਲ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਆਤਮ ਰਾਮੁ = ਸਰਬ = ਵਿਆਪਕ ਪਰਮਾਤਮਾ। ਸਹਜੇ = ਆਤਮਕ ਅਡੋਲਤਾ ਵਿਚ। ਸੁਖਿ = ਅਨੰਦ ਵਿਚ।੩।

ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਅਨਦਿਨੁ = {अनुदिनं} ਹਰ ਰੋਜ਼, ਹਰ ਵੇਲੇ।੪।

ਕਰੰਨਿ = ਕਰਦੇ ਹਨ। ਦੁਸਟ = ਮੰਦ = ਕਰਮੀ, ਭੈੜੇ। ਸਿਉ = ਸਮੇਤ। ਡੋਬੰਨਿ = ਡੋਬ ਦੇਂਦੇ ਹਨ।੫।

ਮੁਗਧ = ਮੂਰਖ। ਨਰਕੇ ਘੋਰਿ = ਘੋਰ ਨਰਕ ਵਿਚ, ਭਿਆਨਕ ਨਰਕ ਵਿਚ। ਪਵੰਨਿ = ਪ ੈਂਦੇ ਹਨ।੬।

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ {ਪੰਨਾ 755}

ਪਦਅਰਥ: ਏ ਮਨ = ਹੇ ਮਨ! ਹੇ ਜੀਵ! ਜੈਸਾ ਸੇਵਹਿ = ਜਿਹੋ ਜਿਹੇ ਦੀ ਤੂੰ ਸੇਵਾ = ਭਗਤੀ ਕਰਦਾ ਹੈਂ। ਤੈਸਾ ਹੋਵਹਿ = ਤੂੰ ਉਹੋ ਜਿਹਾ ਬਣ ਜਾਂਦਾ ਹੈਂ। ਤੇਹੇ = ਉਹੋ ਜਿਹੇ। ਕਮਾਇ = ਕਮਾ ਕੇ। ਬੀਜਿ = (ਕਰਮਾਂ ਦਾ ਬੀਜ) ਬੀਜ ਕੇ। ਆਪੇ = ਆਪ ਹੀ। ਕਹਣਾ ਕਿਛੂ ਨ ਜਾਇ = (ਇਸ ਨਿਯਮ ਵਿਚ) ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ।੭।

ਕਿਤੈ ਪਰਥਾਇ = ਕਿਸੇ ਪਰਸੰਗ ਅਨੁਸਾਰ। ਓਇ = ਮਹਾ ਪੁਰਖ {ਬਹੁ-ਵਚਨ ਲਫ਼ਜ਼ ‘ਓਹ’ ਤੋਂ}। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ = ਰਸ। ਹਹਿ = ਹੁੰਦੇ ਹਨ। ਤਮਾਇ = ਲਾਲਚ, ਆਪਣੀ ਗ਼ਰਜ਼।੮।

ਗੁਣਕਾਰੀ = ਗੁਣ ਕਰਨ ਵਾਲਾ, ਉਪਕਾਰੀ, ਗੁਰਮੁਖਿ। ਸੰਘਰੈ = ਇੱਕਠਾ ਕਰਦਾ ਹੈ। ਉਪਦੇਸੇਨਿ = ਉਪਦੇਸ਼ ਦੇਂਦੇ ਹਨ। ਸੇ = ਉਹ {ਬਹੁ-ਵਚਨ}। ਜਿ = ਜੇਹੜੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਲਏਨਿ = ਲੈਂਦੇ ਹਨ।੯।

ਦੇਸੀ = ਦੇਵੇਗਾ। ਸੰਬਾਹਿ = ਅਪੜਾ ਕੇ। ਜਿਨਿ = ਜਿਸ (ਪਰਮਾਤਮਾ) ਨੇ। ਮੇਦਨੀ = ਸ੍ਰਿਸ਼ਟੀ। ਧਣੀ = ਮਾਲਕ।੧੦।

ਸਚੁ = ਸਦਾ ਕਾਇਮ ਰਹਿਣ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਦਰਿ ਨਿਹਾਲਿ = ਗਹੁ ਨਾਲ ਵੇਖ। ਸਮਾਲਿ = ਹਿਰਦੇ ਵਿਚ ਸਾਂਭ ਰੱਖ।੧੧।

ਨਿਰਮਲਾ = ਪਵਿਤ੍ਰ। ਸਬਦਿ = ਸ਼ਬਦ ਦੀ ਰਾਹੀਂ। ਜਲਾਇ = ਸਾੜ ਕੇ।੧੨।

ਅਰਥ: ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।੮।

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ {ਪੰਨਾ 755}

ਪਦਅਰਥ: ਸਹੁ = ਖਸਮ, ਸ਼ਹੁ। ਧ੍ਰਿਗੁ = ਫਿਟਕਾਰ = ਜੋਗ। ਸੰਸਾਰਿ = ਸੰਸਾਰ ਵਿਚ। ਨਦਰਿ = ਮੇਹਰ ਦੀ ਨਿਗਾਹ। ਗੁਰਮਤੀ = ਗੁਰੂ ਦੀ ਮਤਿ ਲੈ ਕੇ। ਵੀਚਾਰਿ = ਹਰਿ = ਨਾਮ ਦੀ ਵਿਚਾਰ ਕਰਦਾ ਹੈ।੧੩।

ਮਿਲਿ ਰਹਾ = ਮਿਲਿ ਰਹਾਂ, ਮੈਂ ਮਿਲਿਆ ਰਹਿ ਸਕਦਾ ਹਾਂ। ਰਖਾ = ਰੱਖਾਂ, ਮੈਂ ਰੱਖ ਸਕਦਾ ਹਾਂ। ਉਰ = ਹਿਰਦਾ। ਧਾਰਿ = ਟਿਕਾ ਕੇ। ਕੈ ਹੇਤਿ ਪਿਆਰਿ = ਦੇ ਪਿਆਰ ਹਿਤ ਦੀ ਬਰਕਤਿ ਨਾਲ।੧੪।

ਪਿਰੁ ਸਾਲਾਹੀ = ਹੇ ਭਾਈ! ਤੂੰ ਪ੍ਰਭੂ = ਪਤੀ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਵੀਚਾਰਿ = ਸੁਰਤਿ ਜੋੜ ਕੇ। ਸਬਦਿ = ਸ਼ਬਦ ਵਿਚ। ਮਿਲਿ = ਮਿਲ ਕੇ।੧੫।

ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅਤਿ = ਬਹੁਤ। ਚਿਤਿ = ਚਿੱਤ ਵਿਚ। ਸਪੈ = ਸੱਪ ਨੂੰ। ਵਿਸੁ = ਜ਼ਹਿਰ। ਨਿਕੋਰ = ਨਿਰੋਲ।੧੬।

ਸਬਦੀ = ਸ਼ਬਦ ਦੀ ਰਾਹੀਂ। ਸਚੁ = ਸਦਾ-ਥਿਰ ਰਹਿਣ ਵਾਲਾ।੧੭।

ਵਣਜਾਰੇ = ਵਣਜ ਕਰਨ ਵਾਲੇ। ਓਥੈ = ਉਸ ਸ਼ਾਹ ਦੇ ਦਰਬਾਰ ਵਿਚ। ਕੂੜੇ = ਮਾਇਆ ਨਾਲ ਹੀ ਪਿਆਰ ਕਰਨ ਵਾਲੇ। ਟਿਕੰਨਿ = ਟਿਕ ਸਕਦੇ। ਨ ਭਾਵਈ = ਨ ਭਾਵੈ, ਪਸੰਦ ਨਹੀਂ ਆਉਂਦਾ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਪਚੰਨਿ = ਖ਼ੁਆਰ ਹੁੰਦੇ ਹਨ।੧੮।

ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।

ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।

ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।

ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ {ਪੰਨਾ 756}

ਪਦਅਰਥ: ਮੈਲਾ = ਮੈਲੇ ਮਨ ਵਾਲਾ। ਵਾਰੋ ਵਾਰ = ਮੁੜ ਮੁੜ। ਪਇਐ ਕਿਰਤਿ = ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ।੧੯।

ਸਚਿ = ਸਦਾ-ਥਿਰ ਪ੍ਰਭੂ ਵਿਚ। ਸਲਾਹੀ = ਸਾਲਾਹਿ, ਸਿਫ਼ਤਿ-ਸਾਲਾਹ ਕਰ। ਮਨਿ = ਮਨ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰੁ = ਸੁਰਖ਼ = ਰੂ।੨੦।

ਪੂਰੀ = ਉਕਾਈ = ਹੀਣ। ਅਹਿ = ਦਿਨ। ਨਿਸਿ = ਰਾਤ। ਠਾਕਿ ਰਹਾਇ = ਰੋਕ ਕੇ ਰੱਖਦਾ ਹੈ।੨੧।

ਸਾਲਾਹੀ = ਸਾਲਾਹੀਂ, ਮੈਂ ਸਿਫ਼ਤਿ-ਸਾਲਾਹ ਕਰਾਂ। ਨਿਵਿ = ਨਿਊਂ ਕੇ। ਲਾਗਾ = ਲਾਗਾਂ, ਮੈਂ ਲੱਗਾਂ। ਪਾਇ = ਪੈਰੀਂ। ਸਉਪੀ = ਸਉਪੀਂ, ਮੈਂ ਸਉਂਪ ਦਿਆਂ। ਧਰੀ = ਧਰੀਂ, ਮੈਂ ਧਰ ਦਿਆਂ। ਆਪੁ = ਆਪਾ = ਭਾਵ। ਗਵਾਇ = ਦੂਰ ਕਰ ਕੇ।੨੨।

ਖਿੰਚੋਤਾਣਿ = ਖਿੰਚੋਤਾਣ ਵਿਚ, ਡਾਂਵਾਂ = ਡੋਲ ਹਾਲਤ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਲਿਵ ਲਾਇ = ਪਿਆਰ ਜੋੜ। ਮੇਰਾ = ਮਮਤਾ। ਸਚਿ = ਸਦਾ-ਥਿਰ ਪ੍ਰਭੂ ਵਿਚ।੨੩।

ਅਰਥ: ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।

ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।

ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।

ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ।੨੨।

ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ {ਪੰਨਾ 756}

ਪਦਅਰਥ: ਨੇ = ਨੂੰ। ਸਿ = ਉਹ ਮਨੁੱਖ {ਸੇ=ਬਹੁ = ਬਚਨ}। ਭਾਇਰਾ = (ਮੇਰੇ) ਭਰਾ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਲਗੰਨਿ = ਲੱਗਦੇ ਹਨ, ਚਿੱਤ ਜੋੜਦੇ ਹਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ।੨੪।

ਸੇ = ਉਹ ਮਨੁੱਖ {ਬਹੁ-ਵਚਨ}। ਸੇਵੰਨਿ = ਸਿਮਰਦੇ ਹਨ। ਵਿਕਣਿ = ਵਿਕਣ ਨਾਲ। ਅਵਗਣ ਵਿਕਣਿ = ਅਉਗਣਾਂ ਦੇ ਵਿਕ ਜਾਣ ਨਾਲ। ਪਲ੍ਹ੍ਹਰਨਿ = ਪਲ੍ਹਰਦੇ ਹਨ, ਪ੍ਰਫੁਲਤ ਹੁੰਦੇ ਹਨ।੨੫।

ਸਚੀ ਭਗਤਿ = ਸਦਾ ਕਾਇਮ ਰਹਿਣ ਵਾਲੀ ਹਰਿ = ਭਗਤੀ। ਕਰੰਨ੍ਹ੍ਹਿ = ਕਰਦੇ ਹਨ। ਵਣੰਜਹਿ = ਵਿਹਾਝਦੇ ਹਨ। ਸਿਉ = ਨਾਲ, ਦੀ ਰਾਹੀਂ। ਲਾਹਾ = ਲਾਭ। ਲਏਨਿ = ਲੈਂਦੇ ਹਨ।੨੬।

ਰੁਪਾ = ਚਾਂਦੀ। ਸੰਚੀਐ = ਇਕੱਠਾ ਕਰੀਦਾ ਹੈ। ਨ ਚਲਸੀ = ਨਹੀਂ ਚੱਲੇਗਾ। ਸਭ = ਸਾਰੀ ਲੁਕਾਈ। ਮੁਠੀ = ਲੁੱਟ ਲਈ। ਜਮਕਾਲਿ = ਜਮ = ਕਾਲ ਨੇ, ਮੌਤ ਨੇ, ਆਤਮਕ ਮੌਤ ਨੇ।੨੭।

ਤੋਸਾ = ਰਸਤੇ ਦਾ ਖ਼ਰਚ। ਸਮ੍ਹ੍ਹਾਲਿ = ਸੰਭਾਲ ਕੇ। ਅਖੁਟੁ = ਕਦੇ ਨਾਹ ਮੁੱਕਣ ਵਾਲਾ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ।੨੮।

ਮੂਲਹੁ = ਮੂਲ ਤੋਂ, ਪਰਮਾਤਮਾ ਤੋਂ। ਜਾਸਹਿ = ਜਾਵੇਂਗਾ। ਪਤਿ = ਇੱਜ਼ਤ। ਗਵਾਇ = ਗਵਾ ਕੇ। ਮੋਹ = ਮੋਹ ਵਿਚ। ਮੋਹਿ ਦੂਜੇ = ਦੂਜੇ ਦੇ ਮੋਹ ਵਿਚ, ਮਾਇਆ ਦੇ ਮੋਹ ਵਿਚ। ਵਿਆਖਿਆ: ਫਸਿਆ ਹੋਇਆ ਹੈ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ।੨੯।

ਅਰਥ: ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।

ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।

ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ।੨੬।

ਹੇ ਭਾਈ! ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।੨੭।

ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।

ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।

ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ {ਪੰਨਾ 756}

ਪਦਅਰਥ: ਜਸੁ = ਸੋਭਾ, ਵਡਿਆਈ। ਕੈ ਸਬਦਿ = ਦੇ ਸ਼ਬਦਿ ਵਿਚ। ਸਿਉ = ਨਾਲ।੩੦।

ਸਹੁ = ਸ਼ਹੁ, ਖਸਮ = ਪ੍ਰਭੂ। ਰੰਗੁਲਾ = ਰੰਗੀਲਾ, ਆਨੰਦ = ਸਰੂਪ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਕਾਮਣਿ = ਜੀਵ = ਇਸਤ੍ਰੀ। ਰੰਗੁ = ਪ੍ਰੇਮ ਰੰਗ। ਤਾ = ਤਾਂ, ਤਦੋਂ। ਜਾ = ਜਾਂ, ਜਦੋਂ। ਕੈ ਅੰਕਿ = ਦੀ ਗੋਦ ਵਿਚ, ਦੇ ਚਰਨਾਂ ਵਿਚ।੩੧।

ਮਿਲਨਿ = ਮਿਲ ਪੈਂਦੇ ਹਨ। ਸੇਵੰਨਿ = ਸਰਨ ਪੈਂਦੇ ਹਨ। ਅੰਤਰਿ = (ਹਰੇਕ ਦੇ) ਅੰਦਰ। ਨਵਨਿਧਿ = ਧਰਤੀ ਦੇ ਸਾਰੇ ਨੌ ਖ਼ਜ਼ਾਨੇ। ਖਾਨਿ = ਖਾਂਦੇ ਹਨ। ਖਰਚਨਿ = ਖ਼ਰਚਦੇ ਹਨ। ਰਵੰਨਿ = ਸਿਮਰਦੇ ਹਨ।੩੨।

ਓਇ = {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਸਹੰਨਿ = ਸਹਿੰਦੇ ਹਨ। ਗੁਰਿ = ਗੁਰੂ ਨੇ। ਉਬਰੇ = (ਜਨਮ ਮਰਨ ਦੇ ਗੇੜ ਵਿਚੋਂ) ਬਚ ਗਏ। ਸਿਉ = ਨਾਲ। ਕੇਲ = ਆਨੰਦ।੩੩।

ਜਿ = ਜੇਹੜੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनां}। ਜਾਣੀਅਹਿ = ਜਾਣੇ ਜਾਂਦੇ ਹਨ। ਸਚੁ = ਸਦਾ-ਥਿਰ ਪ੍ਰਭੂ। ਲਹੰਨਿ = ਲੈਂਦੇ ਹਨ, ਮੇਲ ਪ੍ਰਾਪਤ ਕਰਦੇ ਹਨ।੩੪।

ਅਰਥ: ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।

ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।

ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।

ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।


ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਪੰਨਾ 633}

ਪਦਅਰਥ: ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ) । ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ}। ਜਾ ਕੈ = ਜਿਸ ਦੇ ਮਨ ਵਿਚ। ਕੰਚਨ = ਸੋਨਾ।੧।ਰਹਾਉ।

ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧।

ਮਨਸਾ = {मनीषा} ਮਨੋਕਾਮਨਾ। ਤੇ = ਤੋਂ। ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨।

ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।੩।

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।


ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ {ਪੰਨਾ 730}

ਪਦਅਰਥ: ਭਾਂਡਾ = ਹਿਰਦਾ। ਹਛਾ = ਪਵਿਤ੍ਰ। ਤਿਸੁ = ਉਸ (ਪਰਮਾਤਮਾ) ਨੂੰ। ਭਾਵਸੀ = ਚੰਗਾ ਲੱਗੇ। ਧੋਤਾ = ਬਾਹਰੋਂ ਸਾਫ਼ ਕੀਤਿਆਂ, ਤੀਰਥ ਆਦਿਕ ਦੇ ਇਸ਼ਨਾਨ ਨਾਲ। ਦੁਆਰੈ = ਦਰ ਤੇ। ਹੋਇ = ਹੋ ਕੇ, ਮੰਗਤਾ ਬਣ ਕੇ। ਸੋਝੀ = (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ। ਪਾਇਸੀ = ਪ੍ਰਾਪਤ ਕਰਦਾ ਹੈ। ਏਤੁ ਦੁਆਰੈ = ਇਸ ਦਰ ਤੇ, ਗੁਰੂ ਦੇ ਦਰ ਤੇ। ਧੋਇ = ਧੋ ਕੇ, ਸੁੱਧ ਕੀਤਿਆਂ। ਵੀਚਾਰੁ = ਸਮਝ। ਆਪਿ = ਪ੍ਰਭੂ ਆਪ। ਵਰਤਾਇਸੀ = ਦੇਂਦਾ ਹੈ। ਮਤੁ ਕੋ ਜਾਣੈ = ਕੋਈ ਮਨੁੱਖ ਇਹ ਨਾਹ ਸਮਝੇ। ਜਾਇ= (ਇਥੋਂ ਜਗਤ ਤੋਂ) ਜਾ ਕੇ। ਅਗੈ = ਪਰਲੋਕ ਵਿਚ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਪਤਿ ਸਿਉ = ਇੱਜ਼ਤ ਨਾਲ। ਵਾਇਸੀ = ਵਜਾਏਗਾ। ਤਿਹੁ ਲੋਕ = ਤਿੰਨਾਂ ਹੀ ਲੋਕਾਂ ਵਿਚ। ਨਿਹਾਲ = ਪ੍ਰਸੰਨ = ਚਿੱਤ। ਸਭਿ = ਸਾਰੇ।੧।

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ।੧।੪।੬।

ਨੋਟ: ਇਸ ਸ਼ਬਦ ਵਿਚ ਵਖ ਵਖ ਬੰਦ ਨਹੀਂ ਹਨ। ਸਾਰਾ ਸ਼ਬਦ ਸਮੁੱਚੇ ਤੌਰ ਤੇ ਇੱਕ ਬੰਦ ਗਿਣਿਆ ਗਿਆ ਹੈ। ‘ਘਰੁ ੬’ ਦਾ ਇਹ ਚੌਥਾ ਸ਼ਬਦ ਹੈ।


ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥{ਪੰਨਾ 664}

ਪਦਅਰਥ: ਨਿਰਮਲੁ = ਪਵਿਤ੍ਰ। ਅਪਾਰਾ = ਬੇਅੰਤ, ਕਦੇ ਨਾਹ ਮੁੱਕਣ ਵਾਲਾ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਭੰਡਾਰਾ = ਖ਼ਜ਼ਾਨੇ। ਬਿਖੁ = ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ) । ਜਾਣੁ = ਸਮਝ। ਮੋਹਿ = ਮੋਹ ਵਿਚ। ਅਭਿਮਾਨੁ = ਅਹੰਕਾਰ।੧।

ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕੋਇ = ਜੇਹੜਾ ਕੋਈ। ਭਾਗਿ = ਕਿਸਮਤ ਨਾਲ।ਰਹਾਉ।

ਦੀਪਕੁ = ਦੀਵਾ। ਵਰਤੈ = ਕੰਮ ਕਰਦਾ ਹੈ, ਚਾਨਣ ਦੇਂਦਾ ਹੈ। ਤਿਹੁ ਲੋਇ = ਤਿੰਨਾਂ ਲੋਕਾਂ ਵਿਚ। ਨਾਮਿ = ਨਾਮ ਦੀ ਰਾਹੀਂ। ਮਲੁ = ਮੈਲ। ਧੋਇ = ਧੋ ਲੈਂਦਾ ਹੈ। ਸਾਚੀ = ਸਦਾ ਕਾਇਮ ਰਹਿਣ ਵਾਲੀ।੨।

ਜਿਨਿ = ਜਿਸ (ਮਨੁੱਖ) ਨੇ। ਹਰਿ ਜਨੁ = ਹਰੀ ਦਾ ਸੇਵਕ। ਹਰਖੁ = ਖ਼ੁਸ਼ੀ। ਸੋਗੁ = ਗ਼ਮ। ਮੁਕਤੁ = (ਦੁੱਖਾਂ ਵਿਕਾਰਾਂ ਤੋਂ) ਆਜ਼ਾਦ। ਅਵਰਾ = ਹੋਰਨਾਂ ਨੂੰ। ਤੇ = ਤੋਂ, ਪਾਸੋਂ।੩।

ਸਭ = ਸਾਰੀ ਲੁਕਾਈ। ਮੁਈ = ਆਤਮਕ ਮੌਤੇ ਮਰ ਗਈ। ਬਿਲਲਾਇ = ਵਿਲਕ ਕੇ, ਦੁੱਖੀ ਹੋ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਦਾਝਹਿ = ਸਾੜਦੇ ਹਨ। ਸਾਤਿ = ਸ਼ਾਂਤੀ। ਨ ਪਾਇ = ਨਹੀਂ ਪ੍ਰਾਪਤ ਕਰਦਾ। ਸਭ = ਸਾਰੀ। ਨਾਮਿ = ਨਾਮ ਵਿਚ (ਜੁੜ ਕੇ) ।੪।

ਅਰਥ: ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) । (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧।

ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।


ਆਸਾ ਮਹਲਾ ੪ ਛੰਤ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥ {ਪੰਨਾ 451}

ਪਦ ਅਰਥ: ਵੇ ਮਨ = ਹੇ ਮਨ! ਪਰਦੇਸੀ = ਪਰਾਏ ਦੇਸ਼ਾਂ ਵਿਚ ਰਹਿਣ ਵਾਲੇ, ਥਾਂ ਥਾਂ ਭਟਕਣ ਵਾਲੇ। ਘਰੇ = ਘਰਿ, ਘਰ ਵਿਚ, ਪ੍ਰਭੂ-ਚਰਨਾਂ ਵਿਚ। ਮਿਲਾਵਹੁ = ਮਿਲ। ਵਸੈ = ਵੱਸਦਾ ਹੈ। ਹਰੇ = ਹਰੀ। ਰੰਗਿ = ਪ੍ਰੇਮ ਵਿਚ (ਟਿਕ ਕੇ) । ਰਲੀਆਂ = ਮੌਜਾਂ। ਤੁਠਾ = ਦਇਆਵਾਨ, ਪ੍ਰਸੰਨ।1। 

ਅਰਥ:  ਹੇ ਥਾਂ ਥਾਂ ਭਟਕ ਰਹੇ ਮਨ! ਹੇ ਪਿਆਰੇ ਮਨ! ਕਦੇ ਤਾਂ ਪ੍ਰਭੂ-ਚਰਨਾਂ ਵਿਚ ਜੁੜ। ਹੇ ਮੇਰੇ ਪਿਆਰੇ ਮਨ! ਹਰਿ-ਰੂਪ ਗੁਰੂ ਨੂੰ ਮਿਲ (ਤੈਨੂੰ ਸਮਝ ਪੈ ਜਾਇਗੀ ਕਿ ਸਭ ਸੁਖਾਂ ਦਾ ਦਾਤਾ) ਪਰਮਾਤਮਾ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਮੇਰੇ ਪਿਆਰੇ ਮਨ! ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਆਤਮਕ ਆਨੰਦ ਮਾਣ (ਅਰਦਾਸ ਕਰਦਾ ਰਹੁ ਕਿ ਤੇਰੇ ਉਤੇ) ਪ੍ਰਭੂ ਇਹ ਮੇਹਰ (ਦੀ ਦਾਤਿ) ਕਰੇ। ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ ਮਨ! ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ ਉਸ ਨੂੰ ਪਰਮਾਤਮਾ ਨਾਲ ਮਿਲਾ ਦੇਂਦਾ ਹੈ।1। 

ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥ {ਪੰਨਾ 451}

ਪਦ ਅਰਥ: ਭਾਉ ਕਰੇ = ਭਾਉ ਕਰਿ, ਪਿਆਰ ਕਰ ਕੇ। ਮਨਿ = ਮਨ ਵਿਚ (ਵੱਸ ਰਹੀ) । ਆਸ = (ਮਾਇਆ ਦੀਆਂ) ਆਸਾਂ। ਜੋਬਨੁ = ਜਵਾਨੀ। ਜਾਵੈ = ਬੀਤਦਾ ਜਾ ਰਿਹਾ ਹੈ। ਹਿਰੇ = ਹੇਰੇ, ਤੱਕ ਰਿਹਾ ਹੈ। ਭਾਗਮਣੀ = ਭਾਗਾਂ ਦੀ ਮਣੀ। ਉਰਿ = ਹਿਰਦੇ ਵਿਚ।2। 

ਅਰਥ:  ਹੇ ਮੇਰੇ ਪਿਆਰੇ! ਮੈਂ (ਪ੍ਰਭੂ-ਚਰਨਾਂ ਵਿਚ) ਪ੍ਰੇਮ ਜੋੜ ਕੇ ਉਸ ਦੇ ਪਿਆਰ ਦਾ ਸੁਆਦ (ਕਦੇ ਭੀ) ਨਹੀਂ ਚੱਖਿਆ, (ਕਿਉਂਕਿ) ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਵੱਸ ਰਹੀ ਮਾਇਆ ਦੀ) ਤ੍ਰਿਸ਼ਨਾ ਕਦੇ ਮੁੱਕੀ ਹੀ ਨਹੀਂ, (ਮੇਰਾ ਮਨ) ਸਦਾ (ਮਾਇਆ ਦੀਆਂ ਹੀ) ਆਸਾਂ ਬਣਾਂਦਾ ਰਹਿੰਦਾ ਹੈ। ਹੇ ਮੇਰੇ ਪਿਆਰੇ! ਸਦਾ (ਇਸੇ ਹਾਲਤ ਵਿਚ ਹੀ) ਮੇਰੀ ਜਵਾਨੀ ਲੰਘਦੀ ਜਾ ਰਹੀ ਹੈ ਤੇ ਮੌਤ ਦਾ ਦੇਵਤਾ ਮੇਰੇ ਸੁਆਸਾਂ ਨੂੰ (ਗਹੁ ਨਾਲ) ਤੱਕ ਰਿਹਾ ਹੈ (ਕਿ ਸੁਆਸ ਪੂਰੇ ਹੋਣ ਤੇ ਇਸ ਨੂੰ ਆ ਫੜਾਂ) । 

ਹੇ ਨਾਨਕ! (ਆਖ–) ਹੇ ਮੇਰੇ ਪਿਆਰੇ! ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਬਣਦੀ ਹੈ ਉਸ ਦੇ ਮੱਥੇ ਉਤੇ ਭਾਗਾਂ ਦੀ ਮਣੀ ਚਮਕਦੀ ਹੈ ਜੇਹੜੀ ਪਰਮਾਤਮਾ (ਦੀ ਯਾਦ) ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ।2।

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ {ਪੰਨਾ 452}

ਪਦ ਅਰਥ: ਰਤਿਅੜੇ = ਰੱਤੇ ਹੋਏ, ਪ੍ਰੇਮ-ਰੰਗ ਨਾਲ ਰੰਗੇ ਹੋਏ। ਮੈਡੇ = ਮੇਰੇ। ਲੋਇਣ = ਨੇਤਰ, ਅੱਖਾਂ। ਚਾਤ੍ਰਿਕ = ਪਪੀਹਾ। ਸੀਤਲੁ = ਠੰਡਾ। ਪੀਵੈ = ਪੀਂਦਾ ਹੈ। ਤਨਿ = ਸਰੀਰ ਵਿਚ (ਉਪਜਿਆ ਹੋਇਆ) । ਬਿਰਹੁ = ਵਿਛੋੜੇ ਦਾ ਦਰਦ। ਕਿਵੈ = ਕਿਸੇ ਤਰ੍ਹਾਂ ਭੀ। ਲਿਵ = ਸੁਰਤਿ।3। 

ਅਰਥ:  ਹੇ ਮੇਰੇ ਪਿਆਰੇ! ਮੇਰੀਆਂ ਅੱਖਾਂ ਪ੍ਰਭੂ-ਪਤੀ ਦੇ ਦਰਸ਼ਨ ਵਿਚ ਮਸਤ ਹਨ ਜਿਵੇਂ ਪਪੀਹਾ (ਸ੍ਵਾਂਤੀ ਵਰਖਾ ਦੀ) ਬੂੰਦ (ਲਈ ਤਾਂਘਦਾ ਹੈ) । ਹੇ ਮੇਰੇ ਪਿਆਰੇ! ਜਦੋਂ ਮੇਰਾ ਮਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਪੀਂਦਾ ਹੈ ਤਾਂ ਠੰਢਾ-ਠਾਰ ਹੋ ਜਾਂਦਾ ਹੈ। ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈ, ਕਿਸੇ ਤਰ੍ਹਾਂ ਭੀ ਮੈਨੂੰ ਨੀਂਦ ਨਹੀਂ ਪੈਂਦੀ। ਹੇ ਨਾਨਕ! (ਆਖ–) ਹੇ ਮੇਰੇ ਪਿਆਰੇ! ਗੁਰੂ ਦੀ ਬਖ਼ਸ਼ੀ ਲਗਨ ਦੀ ਬਰਕਤਿ ਨਾਲ ਮੈਂ ਸੱਜਣ ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ।3। 

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ {ਪੰਨਾ 452}

ਪਦ ਅਰਥ: ਚੜਿ = ਚੜ੍ਹੈ, ਚੜ੍ਹਦਾ ਹੈ। ਭਲੀਅ = ਸੋਹਣੀ। ਰੁਤੇ = ਰੁਤਿ। ਬਾਝੜਿਅਹੁ = ਬਿਨਾ। ਆਂਗਣਿ = (ਹਿਰਦੇ ਦੇ) ਵੇਹੜੇ ਵਿਚ। ਧੂੜਿ = ਘੱਟਾ। ਲੁਤੇ = ਉੱਡ ਰਹੀ ਹੈ। ਮਨਿ = ਮਨ ਵਿਚ। ਉਡੀਣੀ = ਉਦਾਸ। ਨੈਨ = ਅੱਖਾਂ। ਜੁਤੇ = ਜੁੜੇ ਹੋਏ, ਟੱਕ ਨੀਝ ਲਾ ਰਹੇ। ਦੇਖਿ = ਵੇਖ ਕੇ। ਵਿਗਸੀ = ਖਿੜ ਪਈ। ਸੁਤੇ = ਸੁਤ, ਪੁੱਤਰ ਨੂੰ।4। 

ਅਰਥ:  ਹੇ ਮੇਰੇ ਪਿਆਰੇ! ਚੇਤ (ਦਾ ਮਹੀਨਾ) ਚੜ੍ਹਦਾ ਹੈ, ਬਸੰਤ (ਦਾ ਮੌਸਮ) ਆਉਂਦਾ ਹੈ, (ਸਾਰਾ ਸੰਸਾਰ ਆਖਦਾ ਹੈ ਕਿ ਇਹ) ਸੋਹਣੀ ਰੁੱਤ (ਆ ਗਈ ਹੈ, ਪਰ) ਹੇ ਮੇਰੇ ਪਿਆਰੇ! ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ (ਮੇਰੇ ਹਿਰਦੇ ਦੇ) ਵੇਹੜੇ ਵਿਚ ਧੂੜ ਉੱਡ ਰਹੀ ਹੈ। ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ। 

ਨਾਨਕ (ਆਖਦਾ ਹੈ– ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ।4। 

ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ {ਪੰਨਾ 452}

ਪਦ ਅਰਥ: ਵਿਟੜਿਅਹੁ = ਤੋਂ। ਹਉ = ਮੈਂ। ਘੋਲੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੀਆਂ। ਮਨਿ ਚਿੰਦਿਅੜਾ = ਮਨ ਵਿਚ ਚਿਤਵਿਆ ਹੋਇਆ। ਤੁਠੜਾ = ਪ੍ਰਸੰਨ। ਨਾਮਿ = ਨਾਮ ਵਿਚ। ਨਾਨਕੁ = (ਆਖਦਾ ਹੈ) ।5। 

ਅਰਥ:  ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ, ਮੈਂ ਉਸ ਗੁਰੂ ਤੋਂ ਸਦਕੇ ਜਾਂਦੀ ਹਾਂ ਜਿਸ ਨੇ ਮੈਨੂੰ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ। ਹੇ ਮੇਰੇ ਪਿਆਰੇ! ਪ੍ਰਭੂ ਨੇ ਮੇਰੀਆਂ ਸਾਰੀਆਂ ਆਸਾਂ ਪੂਰੀਆਂ ਕਰ ਦਿੱਤੀਆਂ ਹਨ, ਪ੍ਰਭੂ ਪਾਸੇ ਮੈਂ ਮਨ-ਚਿਤਵਿਆ ਫਲ ਪਾ ਲਿਆ ਹੈ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! ਜਿਸ (ਵਡ-ਭਾਗੀ ਮਨੁੱਖ ਉਤੇ) ਪਰਮਾਤਮਾ ਦਇਆਵਾਨ ਹੁੰਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।5। 

ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ {ਪੰਨਾ 452}

ਪਦ ਅਰਥ: ਪਿਆਰੇ = ਹੇ ਪਿਆਰੇ! ਖੇਲਸਾ = ਖੇਲਸਾਂ; ਮੈਂ ਖੇਡਾਂਗੀ। ਕਿਉ = ਕਿਵੇਂ? ਪਾਈ = ਪਾਈਂ, ਮੈਂ ਲੱਭਾਂ। ਜਿਤੁ = ਜਿਸ ਦੀ ਰਾਹੀਂ। ਲਗਿ = (ਜਿਸ ਦੀ ਚਰਨੀਂ) ਲੱਗ ਕੇ। ਦੇਖਸਾ = ਦੇਖਸਾਂ, ਮੈਂ ਵੇਖਾਂ। ਦਾਤੜੇ = ਹੇ ਪਿਆਰੇ ਦਾਤਾਰ! ਗੁਰਮੁਖਿ = ਗੁਰੂ ਦੀ ਰਾਹੀਂ। ਮੁਖਿ ਮੇਲਸਾ = ਮੁਖਿ ਮੇਲਸਾਂ, ਮੈਂ ਮੂੰਹ ਨਾਲ ਮਿਲਾਵਾਂਗੀ, ਮੈਂ ਤੇਰਾ ਦਰਸਨ ਕਰਾਂਗੀ। ਧੁਰਿ = ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਸਾ = ਸੀ।6। 

ਅਰਥ:  ਹੇ ਪਿਆਰੇ! ਪਰਮਾਤਮਾ ਤੋਂ ਬਿਨਾ (ਕਿਸੇ ਹੋਰ ਨਾਲ) ਮੈਂ ਪ੍ਰੇਮ (ਦੀ ਖੇਡ) ਨਹੀਂ ਖੇਡਾਂਗੀ। (ਹੇ ਪਿਆਰੇ! ਦੱਸ) ਮੈਂ ਕਿਵੇਂ ਗੁਰੂ ਨੂੰ ਲੱਭਾਂ ਜਿਸ ਦੀ ਰਾਹੀਂ ਹੀ ਮੈਂ ਤੇਰਾ ਦਰਸ਼ਨ ਕਰ ਸਕਾਂਗੀ। 

ਹੇ ਪਿਆਰੇ ਦਾਤਾਰ ਹਰੀ! ਮੈਨੂੰ ਗੁਰੂ ਮਿਲਾ, ਗੁਰੂ ਦੀ ਰਾਹੀਂ ਹੀ ਮੈਂ ਤੇਰਾ ਦਰਸਨ ਕਰ ਸਕਾਂਗੀ। 

ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! (ਜਿਸ ਵਡ-ਭਾਗੀ ਦੇ) ਮੱਥੇ ਉਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ਉਸ ਨੂੰ ਗੁਰੂ ਮਿਲ ਪੈਂਦਾ ਹੈ।6।14। 21।


About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!