Breaking News
Home / ਹੁਕਮਨਾਮਾ ਸਾਹਿਬ / Hukamnama 14.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

Hukamnama 14.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।

ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।

ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।

ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।

ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।


ਸੋਰਠਿ ਮਹਲਾ ੧ ਘਰੁ ੧ ॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥ {ਪੰਨਾ 595}

ਪਦਅਰਥ: ਹਾਲੀ = ਹਲ ਵਾਹੁਣ ਵਾਲਾ। ਕਿਰਸਾਣੀ = ਵਾਹੀ ਦਾ ਕੰਮ। ਕਰਣੀ = ਉੱਚਾ ਆਚਰਨ। ਸਰਮੁ = {श्रम} ਮੇਹਨਤ, ਉੱਦਮ। ਰਖੁ = ਰਾਖਾ। ਗਰੀਬੀ ਵੇਸੁ = ਸਾਦਾ ਲਿਬਾਸ, ਸਾਦਗੀ, ਸਾਦਾ ਜੀਵਨ। ਭਾਉ = ਪ੍ਰੇਮ। ਕਰਮ = ਬਖ਼ਸ਼ਸ਼। ਕਰਮ ਕਰਿ = (ਪਰਮਾਤਮਾ ਦੀ) ਮੇਹਰ ਨਾਲ। ਜੰਮਸੀ = ਉੱਗੇਗਾ, ਪੈਦਾ ਹੋਵੇਗਾ। ਭਾਗਠ = ਭਾਗਾਂ ਵਾਲੇ, ਧਨਾਢ।੧।

ਬਾਬਾ = ਹੇ ਭਾਈ! ਇਨਿ = ਇਸ ਨੇ।ਰਹਾਉ।

ਹਾਣੁ = ਬੀਤਣਾ, ਗੁਜ਼ਰਨਾ। ਆਰਜਾ = ਉਮਰ। ਆਰਜਾ ਹਾਣੁ = ਉਮਰ ਦਾ ਬੀਤਣਾ, ਸੁਆਸਾਂ ਦਾ ਚਲਣਾ, ਹਰੇਕ ਸੁਆਸ ਦੇ ਨਾਲ ਨਾਮ ਨੂੰ ਪ੍ਰੋਣਾ। ਹਟੁ = ਦੁਕਾਨ। ਵਥੁ = ਸੌਦਾ। ਸੋਚ = ਵਿਚਾਰ। ਭਾਂਡਸਾਲ = ਭਾਂਡਿਆਂ ਦੀ ਕਤਾਰ। ਤਿਸੁ ਵਿਚ = ਉਸ ਭਾਂਡਸਾਲ ਵਿਚ। ਤਿਸ ਨੋ = ਉਸ ਨਾਮ = ਵਥ ਨੂੰ {ਨੋਟ: ‘ਜਿਸੁ, ਕਿਸੁ, ਤਿਸੁ, ਉਸੁ’ ਦਾ ਅੰਤਲਾ ੁ ਹੇਠ = ਲਿਖੇ ਸੰਬੰਧਕਾਂ ਦੇ ਨਾਲ ਉੱਡ ਜਾਂਦਾ ਹੈ– ਕਾ, ਕੇ, ਕੀ, ਦਾ, ਦੇ, ਦੀ, ਨੈ, ਨੋ, ਤੇ}। ਵਣਜਾਰੇ = ਸਤਸੰਗੀ। ਮਨ ਹਸੁ = ਮਨ ਦਾ ਹਾਸਾ, ਮਨ ਦਾ ਖਿੜਾਉ।੨।

ਸਾਸਤ = ਧਰਮ = ਪੁਸਤਕ। ਸਤੁ = ਉੱਚਾ ਆਚਰਨ। ਮਨ = ਹੇ ਮਨ! ਮਤੁ ਜਾਣਹਿ ਕਲੁ = ਮਤਾਂ ਕੱਲ ਜਾਣੇ, ਕੱਲ ਤੇ ਨਾਹ ਪਾਈਂ। ਦੇਸਿ = ਦੇਸ ਵਿਚ। ਸੁਖਿ = ਸੁਖ ਵਿਚ, ਆਤਮਕ ਆਨੰਦ ਵਿਚ। ਮਹਲੁ = ਟਿਕਾਣਾ।੩।

ਚਾਕਰੀ = ਨੌਕਰੀ। ਕੰਮੁ = ਨੌਕਰੀ ਦਾ ਕੰਮ। ਬੰਨੁ = ਰੋਕ ਰੱਖ। ਧਾਵਣੀ = ਨੌਕਰੀ ਦੀ ਦੌੜ = ਭੱਜ। ਤਾ = ਤਦੋਂ ਹੀ। ਧੰਨੁ = ਸ਼ਾਬਾਸ਼ੇ। ਚਵਗਣ = ਚੌਗੁਣਾ। ਵੰਨੁ = ਰੰਗ।੪।

ਨੋਟ: ਧਨ ਕਮਾਣ ਲਈ ਆਮ ਤੌਰ ਤੇ ਚਾਰ ਵਸੀਲੇ ਹਨ-ਵਾਹੀ, ਦੁਕਾਨ, ਵਪਾਰ, ਤੇ ਨੌਕਰੀ। ਇਸ ਸ਼ਬਦ ਵਿਚ ਫ਼ੁਰਮਾਂਦੇ ਹਨ ਕਿ ਦੁਨੀਆ ਦਾ ਧਨ ਤਾਂ ਇਥੋਂ ਤੁਰਨ ਵੇਲੇ ਸਾਥ ਛੱਡ ਦੇਵੇਗਾ, ਨਾਲ ਨਿਭਣ ਵਾਲਾ ਨਾਮ-ਧਨ ਹੈ, ਉਸ ਨੂੰ ਇਕੱਠਾ ਕਰਨ ਲਈ ਉਵੇਂ ਹੀ ਮੇਹਨਤ ਕਰਨੀ ਹੈ ਜਿਵੇਂ ਕਿਸਾਨ ਵਾਹੀ ਦੀ ਮੇਹਨਤ ਕਰਦਾ ਹੈ, ਜਿਵੇਂ ਦੁਕਾਨਦਾਰ ਦੁਕਾਨ ਵਿਚ, ਜਿਵੇਂ ਵਪਾਰੀ ਵਪਾਰ ਵਿਚ ਤੇ ਜਿਵੇਂ ਮੁਲਾਜ਼ਮ ਨੌਕਰੀ ਵਿਚ।

ਅਰਥ: ਹੇ ਭਾਈ! ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) ।੧।ਰਹਾਉ।

(ਹੇ ਭਾਈ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ (ਨਾਮ ਫ਼ਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ। (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫ਼ਸਲ ਦੀ ਰਾਖੀ ਕਰਨ ਲਈ) ਰਾਖਾ ਹੈ। (ਹੇ ਭਾਈ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ। ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ।੧।

(ਹੇ ਭਾਈ!) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ। ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ। ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ। ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ।੨।

(ਹੇ ਭਾਈ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫ਼ਰ ਵਿਚ ਭੀ ਖ਼ਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ। ਹੇ ਮਨ! ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ। ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ।੩।

(ਹੇ ਭਾਈ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ। ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ। (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ। ਹੇ ਨਾਨਕ! ਇਹ ਨੌਕਰੀ ਕੀਤਿਆਂ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ।੪।੨।


ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥ {ਪੰਨਾ 623}

ਪਦਅਰਥ: ਗੁਰਿ ਪੂਰੈ = ਪੂਰੇ ਗੁਰੂ ਨੇ। ਸੰਗਿ = (ਆਪਣੇ) ਨਾਲ। ਸਹਾਈ = ਮਦਦਗਾਰ, ਸਾਥੀ। ਜਹ = ਜਿੱਥੇ। ਸੁਹੇਲੇ = ਸੁਖੀ। ਪ੍ਰਭਿ = ਪ੍ਰਭੂ ਨੇ।੧।

ਸੁਭਾਈ = ਸੁਭਾਇ, ਪਿਆਰ ਨਾਲ। ਮਨਚਿੰਦੇ = ਮਨ = ਇੱਛਤ, ਮਨ = ਮੰਗੇ। ਸਗਲੇ = ਸਾਰੇ। ਜੀਅ ਕੈ ਸੰਗਿ = ਜਿੰਦ ਦੇ ਨਾਲ।੧।ਰਹਾਉ।

ਹਮ = ਅਸੀ, ਮੈਂ। ਰੇਨਾਰਾ = ਰੇਣ, ਚਰਨ = ਧੂੜ। ਅਧਾਰਾ = ਆਸਰਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪੁਨੀਤ = ਪਵਿਤ੍ਰ। ਜਸੁ = ਸਿਫ਼ਤਿ-ਸਾਲਾਹ।੨।

ਸਦ = ਸਦਾ। ਰੈਨਿ = ਰਾਤ। ਬਹੁੜਿ = ਮੁੜ।੩।

ਬਿਧਾਤਾ = ਕਰਤਾਰ, ਰਚਨਹਾਰ। ਰਸੁ = ਸੁਆਦ। ਤਿਨ ਹੀ = ਤਿਨਿ ਹੀ, ਉਸ ਮਨੁੱਖ ਨੇ ਹੀ {ਲਫ਼ਜ਼ ‘ਤਿਨਿ’ ਦੀ ‘ਿ’ ਕ੍ਰਿਆ ਵਿਸ਼ਸ਼ੇਣ ‘ਹੀ’ ਦੇ ਕਾਰਨ ਉੱਡ ਗਈ ਹੈ}। ਜਮ ਕੰਕਰੁ = {ਕਿੰਕਰੁ = किंकर} ਜਮ ਦਾ ਸੇਵਕ, ਜਮ = ਦੂਤ।੪।

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।


ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ {ਪੰਨਾ 687-688}

 ਪਦਅਰਥ: ਤੀਰਥਿ = ਤੀਰਥ ਉਤੇ। ਜਾਉ = ਮੈਂ ਜਾਂਦਾ ਹਾਂ। ਸਬਦ ਬੀਚਾਰੁ = ਸ਼ਬਦ ਦੀ ਵਿਚਾਰ। ਅੰਤਰਿ = ਅੰਦਰ, ਮਨ ਵਿਚ। ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ। ਸਾਚਾ = ਸਦਾ-ਥਿਰ ਰਹਿਣ ਵਾਲਾ। ਦਸ ਪੁਰਬ = ਦਸ ਪਵਿਤ੍ਰ ਦਿਹਾੜੇ {ਮੱਸਿਆ, ਸੰਗ੍ਰਾਂਦ, ਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਣ, ਚੰਦ ਗ੍ਰਹਣ, ਦੋ ਅਸ਼ਟਮੀਆਂ, ਦੋ ਚੌਦੇਂ}। ਦਸਾਹਰਾ = ਦਸ ਪਾਪ ਹਰਨ ਵਾਲਾ ਦਿਨ, ਜੇਠ ਸੁਦੀ ਦਸਮੀ, ਗੰਗਾ ਦਾ ਜਨਮ ਦਿਨ। ਹਉ = ਮੈਂ। ਜਾਚਉ = ਮੰਗਦਾ ਹਾਂ। ਧਰਣੀਧਰਾ = {ਧਰਣੀ = ਧਰਤੀ। ਧਰ = ਆਸਰਾ} ਹੇ ਧਰਤੀ ਦੇ ਆਸਰੇ ਪ੍ਰਭੂ! ਸਾਚੁ = ਸਦਾ-ਥਿਰ ਰਹਿਣ ਵਾਲਾ। ਮਜਨਾ = ਇਸ਼ਨਾਨ।੧।

ਸਾਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ) । ਕਿਆ ਧੋਈਐ = (ਤੀਰਥ ਆਦਿਕਾਂ ਤੇ ਜਾ ਕੇ) ਧੋਣ ਦੀ ਲੋੜ ਨਹੀਂ ਪੈਂਦੀ। ਗੁਣਹਿ ਹਾਰੁ = ਗੁਣਾਂ ਦਾ ਹਾਰ। ਪਰੋਇ = ਪ੍ਰੋ ਕੇ। ਕਿਸ ਕਉ ਰੋਈਐ = ਕਿਸੇ ਅੱਗੇ ਪੁਕਾਰ ਕਰਨ ਦੀ ਲੋੜ ਨਹੀਂ ਰਹਿੰਦੀ। ਵੀਚਾਰਿ = ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ। ਉਲਟਿ = ਮੁੜ। ਆਵਏ = ਆਵੈ, ਆਉਂਦਾ। ਪਾਰਸੁ = ਧਾਤਾਂ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪਰਮ ਧਿਆਨੀ = ਬਹੁਤ ਉੱਚੀ ਸੁਰਤਿ ਦਾ ਮਾਲਕ। ਸਾਚੁ = ਸਦਾ-ਥਿਰ ਪ੍ਰਭੂ ਦਾ ਰੂਪ। ਭਾਵਏ = ਭਾਵੈ, ਪਸੰਦ ਆ ਜਾਂਦਾ ਹੈ। ਅਨਦਿਨੁ = ਹਰ ਰੋਜ਼। ਹਰਖੁ = ਖ਼ੁਸ਼ੀ। ਕਿਲਵਿਖ = ਪਾਪ। ਪਰਹਰੇ = ਦੂਰ ਕਰ ਲੈਂਦਾ ਹੈ। ਗੁਰਿ = ਗੁਰੂ ਨੇ। ਸਚ ਮਨੇ = ਸਦਾ-ਥਿਰ ਨਾਮ ਨੂੰ ਜਪਣ ਵਾਲੇ ਮਨ ਨੂੰ।੨।

ਮੀਤ ਮਿਲਾਪੁ = ਮਿੱਤ੍ਰ ਪ੍ਰਭੂ ਦਾ ਮਿਲਾਪ। ਨਾਵਣੋ = ਨਾਵਣੁ, ਇਸ਼ਨਾਨ। ਗਾਵਣਹਾਰੁ = ਗਾਵਣ = ਜੋਗ ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ (ਜੁੜ ਕੇ) । ਸੁਹਾਵਣੋ = ਸੋਹਣੇ ਜੀਵਨ ਵਾਲਾ। ਸਾਲਾਹਿ = ਸਿਫ਼ਤਿ-ਸਾਲਾਹ ਕਰ ਕੇ। ਮੰਨਿ = ਮੰਨ ਕੇ, ਸਰਧਾ ਰੱਖ ਕੇ। ਮਤੇ = ਮਤਿ। ਪਿਰ ਸੰਗਿ = ਪਤੀ ਪ੍ਰਭੂ ਦੀ ਸੰਗਤਿ ਵਿਚ। ਭਾਵੈ = (ਪ੍ਰਭੂ ਨੂੰ) ਪਿਆਰਾ ਲੱਗਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਬੇਣੀ ਸੰਗਮੁ = ਤ੍ਰਿਬੇਣੀ ਜੰਗਮ, ਤਿੰਨ ਨਦੀਆਂ (ਗੰਗਾ, ਜਮਨਾ, ਸਰਸ੍ਵਤੀ) ਦਾ ਮਿਲਾਪ = ਥਾਂ, ਪ੍ਰਯਾਗ (ਅਲਾਹਾਬਾਦ ਦੇ ਨਜ਼ਦੀਕ) । ਸਤ ਸਤੇ = ਸੁੱਚੇ ਤੋਂ ਸੁੱਚਾ। ਸਾਚਾ = ਸਦਾ-ਥਿਰ ਰਹਿਣ ਵਾਲਾ। ਦੇਇ = ਦੇਂਦਾ ਹੈ (ਜੋ ਪ੍ਰਭੂ) । ਚੜੈ ਸਵਾਇਆ = (ਉਸ ਦਾ ਦਿੱਤਾ) ਦਿਨੋ ਦਿਨ ਵਧਦਾ ਹੈ। ਕਰਿ = ਕਰ ਕੇ। ਮੇਲਿ = ਸੰਗਤਿ ਵਿਚ।੩।

ਕਹਣੁ = ਕਥਨ। ਕਹਣੁ ਕਹੈ– ਕਥਨ ਕਥੈ। ਸਭੁ ਕੋਇ = ਹਰੇਕ ਜੀਵ। ਕੇਵਡੁ = ਕਿਤਨਾ ਵੱਡਾ। ਕੇਵਡੁ ਆਖੀਐ = ਕਿਤਨਾ ਵੱਡਾ ਆਖਿਆ ਜਾ ਸਕਦਾ ਹੈ, ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕੇਡਾ ਵੱਡਾ ਹੈ। ਹਉ = ਮੈਂ। ਸਮਝਾ = ਮੈਂ ਸਮਝ ਸਕਦਾ ਹਾਂ। ਸਾਖੀਐ = ਗੁਰੂ ਦੇ ਉਪਦੇਸ਼ ਨਾਲ। ਸਾਖੀ = ਸਿੱਖਿਆ, ਉਪਦੇਸ਼, ਸ਼ਬਦ। ਅੰਮ੍ਰਿਤ ਸਾਖੀ = ਆਤਮਕ ਜੀਵਨ ਦੇਣ ਵਾਲਾ ਉਪਦੇਸ਼। ਗੁਰ ਕੀ ਭਾਖੀ ਸਾਖੀ = ਗੁਰੂ ਦਾ ਉਚਾਰਿਆ ਹੋਇਆ ਸ਼ਬਦ। ਸਚੁ ਸਾਖੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ। ਤਿਤੁ = ਉਸ ਸ਼ਬਦ ਵਿਚ। ਬਿਖੁ = (ਮਾਇਆ = ਮੋਹ ਦਾ) ਜ਼ਹਰ। ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਆਖਣਿ = ਆਖਣ ਨਾਲ, ਬਿਆਨ ਕਰਨ ਨਾਲ। ਤੋਟਿ = ਖ਼ਾਤਮਾ। ਭੰਡਾਰੀ = ਭੰਡਾਰੀਂ, ਭੰਡਾਰਿਆਂ ਵਿਚ। ਭਰਿਪੁਰਿ ਰਹਿਆ = ਹਰ ਥਾਂ ਮੌਜੂਦ ਹੈ। ਸੋਈ = ਉਹ (ਪ੍ਰਭੂ) ਹੀ। ਸਾਚੁ ਕਹੈ– ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ। ਕਹੈ ਬੇਨੰਤੀ = ਅਰਦਾਸਾਂ ਕਰਦਾ ਹੈ। ਮਾਂਜੈ = ਸਾਫ਼ ਕਰਦਾ ਹੈ। ਸਚੁ = ਸਦਾ-ਥਿਰ ਪ੍ਰਭੂ। ਸਚੁ ਸੋਈ = ਸਦਾ-ਥਿਰ ਪ੍ਰਭੂ ਹੀ (ਹਰ ਥਾਂ ਦਿੱਸਦਾ ਹੈ) ।੪।

ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।


ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ {ਪੰਨਾ 547}

ਪਦਅਰਥ: ਸੁਧਰਮੀੜਿਆ = ਹੇ ਸੁਧਰਮੀ! ਹੇ ਸ੍ਰੇਸ਼ਟ ਧਰਮ ਵਾਲੇ! ਹੇ (ਸਾਰੀਆਂ ਜੂਨਾਂ ਵਿਚੋਂ) ਉੱਤਮ ਫ਼ਰਜ਼ ਵਾਲੇ। ਕਤ = ਕਿਉਂ? ਨੇਤ੍ਰੀ ਦੇਖਿ = ਅੱਖਾਂ ਨਾਲ ਵੇਖ। ਬਿਉਹਾਰੀ = ਵਿਹਾਰ ਕਰਨ ਵਾਲਾ। ਸੰਗਿ = ਨਾਲ। ਵੇਸ = ਕੱਪੜੇ। ਸੁਵਰਨ = ਸੋਨਾ। ਰੂਪਾ = ਚਾਂਦੀ। ਊਣੇ = ਖ਼ਾਲੀ, ਵਿਅਰਥ। ਕਲਤ੍ਰ = ਇਸਤ੍ਰੀ। ਹਸਤ ਘੋਰਿ = ਹਾਥੀ ਘੋੜੇ। ਵਿਕਾਰੀ = ਵਿਕਾਰਾਂ ਵਲ ਲੈ ਜਾਣ ਵਾਲੇ। ਮਿਥਿਆ = ਨਾਸਵੰਤ। ਸੰਸਾਰੀ = ਸੰਸਾਰ ਦੇ ਉੱਦਮ।੧।

ਅਰਥ: ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ। (ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ। ਦੇਸਾਂ (ਦੇ ਰਾਜ) , ਕੱਪੜੇ, ਸੋਨਾ, ਚਾਂਦੀ (-ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨ। ਹੇ ਭਾਈ! ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ-ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾ। ਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ-ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ।

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥ {ਪੰਨਾ 548}

ਪਦਅਰਥ: ਰਾਜਨ = ਹੇ ਧਰਤੀ ਦੇ ਸਰਦਾਰ! ਭਰੇ = ਭਰਿ, ਭਰ ਕੇ। ਨੀਦ ਭਰੇ = ਗੂੜ੍ਹੀ ਨੀਂਦ ਵਿਚ। ਕਤ = ਕਿਉਂ? ਰੁਦਨੁ = ਰੋਣ = ਕੁਰਲਾਣ, ਤਰਲਾ। ਕੇਤੇ = ਕਿਤਨੇ ਹੀ, ਬੇਅੰਤ ਜੀਵ। ਬਿਲਲਾਹੀ = ਬਿਲਲਾਹਿ, ਵਿਲਕਦੇ ਹਨ। ਮਹਾ ਮੋਹਨ– ਡਾਢੀ ਮਨ = ਮੋਹਣੀ ਮਾਇਆ ਦੀ ਖ਼ਾਤਰ। ਸਹਸ = ਹਜ਼ਾਰਾਂ। ਉਪਾਵ = (ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ) । ਭਾਵਤ = (ਪ੍ਰਭੂ ਨੂੰ) ਚੰਗਾ ਲੱਗਦਾ ਹੈ। ਜਾਹੀ = ਜਾਹਿ, ਜਾਂਦੇ ਹਨ। ਆਦਿ ਅੰਤੇ ਮਧਿ = ਸ਼ੁਰੂ ਵਿਚ, ਅਖ਼ੀਰ ਵਿਚ, ਵਿਚਕਾਰਲੇ ਸਮੇ ਵਿਚ, ਸਦਾ ਹੀ। ਪੂਰਨ = ਵਿਆਪਕ। ਸਰਬਤ੍ਰ = ਹਰ ਥਾਂ। ਘਟਿ ਘਟਿ = ਹਰੇਕ ਸਰੀਰ ਵਿਚ। ਆਹੀ = ਹੈ। ਸੰਗਮੁ = ਮਿਲਾਪ। ਸਾਧ ਸੰਗਮੁ = ਗੁਰੂ ਦਾ ਮਿਲਾਪ। ਪਤਿ = ਇੱਜ਼ਤ। ਸੇਤੀ = ਨਾਲ। ਘਰਿ = ਘਰ ਵਿਚ, ਪ੍ਰਭੂ = ਚਰਨਾਂ ਵਿਚ।੨।

ਅਰਥ: ਹੇ ਧਰਤੀ ਦੇ ਸਰਦਾਰ ਮਨੁੱਖ! ਤੂੰ ਕਿਉਂ ਮਾਇਆ ਦੇ ਮੋਹ ਦੀ ਗੂੜ੍ਹੀ ਨੀਂਦ ਵਿਚ ਸੌਂ ਰਿਹਾ ਹੈਂ? ਤੂੰ ਕਿਉਂ ਸੁਚੇਤ ਨਹੀਂ ਹੁੰਦਾ? ਇਸ ਮਾਇਆ ਦੀ ਖ਼ਾਤਰ ਅਨੇਕਾਂ ਹੀ ਮਨੁੱਖ ਝੂਠਾ ਰੋਣ-ਕੁਰਲਾਣ ਕਰਦੇ ਆ ਰਹੇ ਹਨ, ਵਿਲਕਦੇ ਆ ਰਹੇ ਹਨ। ਬੇਅੰਤ ਪ੍ਰਾਣੀ ਇਸ ਡਾਢੀ ਮਨ-ਮੋਹਣੀ ਮਾਇਆ ਦੀ ਖ਼ਾਤਰ ਤਰਲੇ ਲੈਂਦੇ ਆ ਰਹੇ ਹਨ (ਕਿ ਮਾਇਆ ਮਿਲੇ ਤੇ ਮਾਇਆ ਤੋਂ ਸੁਖ ਮਿਲੇ, ਪਰ) ਪਰਮਾਤਮਾ ਦੇ ਨਾਮ ਤੋਂ ਬਿਨਾ ਸੁਖ (ਕਿਸੇ ਨੂੰ) ਨਹੀਂ ਲੱਭਾ।ਜੀਵ ਹਜ਼ਾਰਾਂ ਚਤੁਰਾਈਆਂ ਹਜ਼ਾਰਾਂ ਹੀਲੇ ਕਰਦੇ ਥੱਕ ਜਾਂਦੇ ਹਨ (ਮਾਇਆ ਦੇ ਮੋਹ ਵਿਚੋਂ ਖ਼ਲਾਸੀ ਭੀ ਨਹੀਂ ਹੁੰਦੀ। ਹੋਵੇ ਭੀ ਕਿਵੇਂ?) ਜਿਧਰ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਉਧਰ ਹੀ ਜੀਵ ਜਾ ਸਕਦੇ ਹਨ। ਉਹ ਪਰਮਾਤਮਾ ਸਦਾ ਲਈ ਹੀ ਸਰਬ-ਵਿਆਪਕ ਹੈ, ਹਰ ਥਾਂ ਮੌਜੂਦ ਹੈ, ਹਰੇਕ ਸਰੀਰ ਵਿਚ ਹੈ। ਨਾਨਕ ਬੇਨਤੀ ਕਰਦਾ ਹੈ-ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦਾ ਮਿਲਾਪ ਪ੍ਰਾਪਤ ਹੁੰਦਾ ਹੈ ਉਹ (ਇਥੋਂ) ਇੱਜ਼ਤ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਜਾਂਦੇ ਹਨ।੨।

ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ {ਪੰਨਾ 548}

ਪਦਅਰਥ: ਨਰਪਤਿ = ਰਾਜਾ। ਜਾਣਿ = ਜਾਣ ਕੇ, ਸਮਝ ਕੇ। ਗ੍ਰਹਿਓ = (ਮੋਹ ਵਿਚ) ਫਸ ਜਾਂਦਾ ਹੈ। ਸਰਪਰ = ਜ਼ਰੂਰ। ਮੋਹੇ = (ਜਿਹੜੇ) ਮੋਹ ਵਿਚ ਫਸਦੇ ਹਨ। ਹਰਿਚੰਦਉਰੀ = ਹਰਿਚੰਦ = ਨਗਰੀ, ਗੰਧਰਬ = ਨਗਰੀ, ਆਕਾਸ਼ ਵਿਚ ਖ਼ਿਆਲੀ ਨਗਰੀ। ਦੇਖਿ = ਵੇਖ ਕੇ। ਅਸਥਿਤਿ = ਪੱਕਾ ਟਿਕਾਣਾ। ਕਹਾ = ਕਿੱਥੇ? ਕਿਤੇ ਭੀ ਨਹੀਂ। ਆਨ = ਹੋਰ। ਅਹਿਲਾ = ਆਹਲਾ, ਉੱਤਮ। ਗਵਾਈਐ = ਗਵਾ ਲਈਦਾ ਹੈ। ਹਉ ਹਉ = ਮੈਂ (ਵੱਡਾ ਬਣ ਜਾਵਾਂ) , ਮੈਂ (ਵੱਡਾ ਬਣ ਜਾਵਾਂ) । ਕਾਂਮ = ਮਨੁੱਖਾ ਜਨਮ ਦਾ ਮਨੋਰਥ। ਗਿਆਨ = ਆਤਮਕ ਜੀਵਨ ਦੀ ਸਮਝ। ਕੇਤਿਆ = ਅਨੇਕਾਂ ਹੀ।੩।

ਅਰਥ: (ਜੇ ਕੋਈ ਮਨੁੱਖ) ਰਾਜਾ (ਬਣ ਜਾਂਦਾ ਹੈ, ਤਾਂ ਉਹ) ਸਿਆਣੇ ਸੇਵਕਾਂ ਨੂੰ (ਆਪਣੇ) ਜਾਣ ਕੇ (ਰਾਜ ਦੇ ਮੋਹ ਵਿਚ) ਫਸ ਜਾਂਦਾ ਹੈ। (ਪਰ ਦੁਨੀਆ ਦੇ ਸਾਰੇ ਪਦਾਰਥਾਂ ਨਾਲੋਂ) ਜ਼ਰੂਰ ਵਿਛੁੜ ਜਾਣਾ ਹੈ, (ਜੇਹੜੇ ਮਨੁੱਖ ਦੁਨੀਆ ਦੇ ਮੋਹ ਵਿਚ) ਫਸਦੇ ਹਨ, ਉਹ ਆਖ਼ਰ ਹੱਥ ਮਲਦੇ ਰਹਿ ਜਾਂਦੇ ਹਨ। ਮਨੁੱਖ ਆਕਾਸ਼ ਵਿਚ ਦੇ ਖ਼ਿਆਲੀ ਸ਼ਹਰ ਵਰਗੇ ਜਗਤ ਨੂੰ ਵੇਖ ਕੇ ਕੁਰਾਹੇ ਪੈ ਜਾਂਦਾ ਹੈ, ਪਰ ਇਥੇ ਕਿਤੇ ਭੀ ਸਦਾ ਦਾ ਟਿਕਾਣਾ ਨਹੀਂ ਮਿਲ ਸਕਦਾ। ਪਰਮਾਤਮਾ ਦੇ ਨਾਮ ਤੋਂ ਖੁੰਝ ਕੇ, ਜਗਤ-ਚਰਨਾ ਦੇ ਹੋਰ ਹੋਰ ਪਦਾਰਥਾਂ ਵਿਚ ਫਸ ਕੇ ਸ੍ਰੇਸ਼ਟ ਮਨੁੱਖਾ ਜਨਮ ਗਵਾ ਲਈਦਾ ਹੈ।੩।

“ਮੈਂ (ਵੱਡਾ ਬਣ ਜਾਵਾਂ) , ਮੈਂ (ਵੱਡ ਬਣ ਜਾਵਾਂ) “-ਇਹ ਕਰਦਿਆਂ ਕਦੇ ਮਾਇਆ ਦੀ ਤ੍ਰਿਸ਼ਨਾ ਮੁੱਕਦੀ ਨਹੀਂ, ਮਨੁੱਖਾ ਜਨਮ ਦਾ ਮਨੋਰਥ ਹਾਸਲ ਨਹੀਂ ਹੋ ਸਕਦਾ, ਆਤਮਕ ਜੀਵਨ ਦੀ ਸਮਝ ਭੀ ਨਹੀਂ ਪੈਂਦੀ। ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਅਨੇਕਾਂ ਜੀਵ ਹੱਥ ਮਲਦੇ ਜਾਂਦੇ ਹਨ।੩।

ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥ {ਪੰਨਾ 548}

ਪਦਅਰਥ: ਅਨੁਗ੍ਰਹੋ = ਅਨੁਗ੍ਰਹੁ, ਦਇਆ। ਭੁਜਾ = ਬਾਂਹ। ਗਹਿ = ਫੜ ਕੇ। ਸਾਧੂ ਸੰਗੁ = ਗੁਰੂ ਦਾ ਮਿਲਾਪ। ਸੰਗਮਿ = ਸੰਗਤਿ ਵਿਚ। ਕਲਮਲ = ਪਾਪ। ਮਹਾ ਧਰਮ = ਨਾਮ = ਧਰਮ। ਦਾਨ ਕਿਰਿਆ = ਨਾਮ = ਦਾਨ ਦੀ ਕਿਰਿਆ। ਸੇ = ਇਹੀ {ਬਹੁ-ਵਚਨ}। ਰਸਨਾ = ਜੀਭ (ਨਾਲ) । ਭੀਨਾ = ਭਿੱਜ ਜਾਂਦਾ ਹੈ। ਨਾਮਿ = ਨਾਮ ਨਾਲ। ਪਰਬੀਨਾ = ਸਿਆਣਾ।੪।

ਅਰਥ: (ਹੇ ਭਾਈ! ਜਿਸ ਮਨੁੱਖ ਨੂੰ) ਪਰਮਾਤਮਾ ਦਇਆ ਕਰ ਕੇ ਆਪਣਾ ਬਣਾ ਲੈਂਦਾ ਹੈ ਉਸ ਨੂੰ ਗੁਰੂ ਦਾ ਮਿਲਾਪ ਬਖ਼ਸ਼ਦਾ ਹੈ, ਤੇ ਉਸ ਨੂੰ ਬਾਹੋਂ ਫੜ ਕੇ (ਮੋਹ ਦੇ ਖੂਹ ਵਿਚੋਂ) ਕੱਢ ਲੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦੇ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ।

ਹੇ ਭਾਈ! ਸਭ ਤੋਂ ਵੱਡਾ ਧਰਮ ਨਾਮ-ਜਪਣ ਦਾ ਧਰਮ-ਅਤੇ ਸਭ ਤੋਂ ਵੱਡਾ ਦਾਨ-ਨਾਮ-ਦਾਨ-ਇਹੀ ਕੰਮ (ਜਗਤ ਤੋਂ) ਤੇਰੇ ਨਾਲ ਜਾ ਸਕਦੇ ਹਨ। ਹੇ ਨਾਨਕ! ਆਖ-) ਜੇਹੜਾ ਮਨੁੱਖ ਆਪਣੀ ਜੀਭ ਨਾਲ ਇਕ ਮਾਲਕ-ਪ੍ਰਭੂ ਦਾ ਆਰਾਧਨ ਕਰਦਾ ਰਹਿੰਦਾ ਹੈ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ ਦੇ ਨਾਮ-ਜਲ ਵਿਚ ਤਰੋ-ਤਰ ਹੋਇਆ ਰਹਿੰਦਾ ਹੈ। ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹ ਸਾਰੇ ਗੁਣਾਂ ਵਿਚ ਸਿਆਣਾ ਹੋ ਜਾਂਦਾ ਹੈ।੪।੬।੯।


About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!