ਸ਼ੁੱਕਰਵਾਰ 13 ਅਕਤੂਬਰ 2017 (28 ਅੱਸੂ ਸੰਮਤ 549 ਨਾਨਕਸ਼ਾਹੀ)
ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਅੰਗ 655-656}
ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?।੧।ਰਹਾਉ। (ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧। ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨। ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੭। ਸ਼ਬਦ ਦਾ ਭਾਵ: ਜੇ ਮਨੁੱਖ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣਦੀ ਤਾਂ ਧਰਮ-ਪੁਸਤਕਾਂ ਦੇ ਪਾਠ ਕਰਾਉਣ ਦਾ ਕੋਈ ਲਾਭ ਨਹੀਂ ਹੁੰਦਾ। ਇਹ ਪਾਠ ਕਰਨੇ ਕਰਾਉਣੇ ਨਿਰੇ ਲੋਕਾਚਾਰੀ ਰਹਿ ਜਾਂਦੇ ਹਨ।੭।
ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥