ਵੀਰਵਾਰ 1 ਮਾਰਚ 2018 (18 ਫੱਗਣ ਸੰਮਤ 549 ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ {ਅੰਗ 620}
ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ! ਤੁਸੀਂ ਭੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, (ਤੁਹਾਨੂੰ ਭੀ) ਸੁਖ ਮਿਲਣਗੇ, ਆਤਮਕ ਅਡੋਲਤਾ ਦੇ ਆਨੰਦ ਮਿਲਣਗੇ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ ਪਾਰਬ੍ਰਹਮ ਪ੍ਰਭੂ ਨੇ ਮੇਹਰ (ਦੀ ਨਿਗਾਹ) ਕੀਤੀ, (ਉਸ ਨੂੰ ਗੁਰੂ ਮਿਲਾ ਕੇ) ਪ੍ਰਭੂ ਨੇ ਉਸ ਦਾ ਪਿਛਲਾ ਕੀਤਾ) ਪਾਪ (ਉਸ ਦੇ ਅੰਦਰੋਂ) ਦੂਰ ਕਰ ਦਿੱਤਾ। (ਇਸ ਤਰ੍ਹਾਂ) ਪ੍ਰਭੂ ਆਪ ਹੀ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ। ਆਪਣਾ ਮੁੱਢ-ਕਦੀਮਾਂ ਦਾ (ਦਇਆ-ਪਿਆਰ ਵਾਲਾ) ਸੁਭਾਉ ਚੇਤੇ ਰੱਖਦਾ ਹੈ।੧। ਹੇ ਭਾਈ! ਮੇਰਾ ਗੁਰੂ ਵਿਕਾਰੀਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ। ਮੈਨੂੰ ਭੀ ਉਸ ਦਾ (ਹੀ) ਸਹਾਰਾ ਹੈ। ਜਿਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੇ ਸਾਰੇ ਜੀਵ (ਗੁਰੂ ਦੀ ਸ਼ਰਨ ਪਾ ਕੇ) ਬਖ਼ਸ਼ ਲਏ ਹਨ (ਜੇਹੜਾ ਸਦਾ-ਥਿਰ ਪ੍ਰਭੂ ਵਿਕਾਰੀਆਂ ਨੂੰ ਭੀ ਗੁਰੂ ਦੀ ਸ਼ਰਨ ਪਾ ਕੇ ਬਖ਼ਸ਼ਦਾ ਆ ਰਿਹਾ ਹੈ) , ਉਹ ਪ੍ਰਭੂ ਨਾਨਕ ਦੀ ਅਰਜ਼ੋਈ ਭੀ ਸੁਣਨ ਵਾਲਾ ਹੈ।੨।੧੭।੪੫।
ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥