Today’s Hukamnama from Gurdwara Baba Darbara Singh Ji Tibba

55

ਸਨਿੱਚਰਵਾਰ 17 ਮਾਰਚ 2018 (4 ਚੇਤ ਸੰਮਤ 550 ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਅੰਗ 667}

ਪਦਅਰਥ: ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂਲਾਵੈ = ਲਾ ਲਏ। ਪਾਲੀ = ਪੱਲੇ, ਲੜ।੧।

ਮੀਤ = ਹੇ ਮਿੱਤਰੋ! ਭਲ = ਭਲਾ। ਨਿਰਾਲੀ = ਅਨੋਖੀ, ਅਚਰਜ।੧।ਰਹਾਉ।

ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ। ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ = ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ।੨।

ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ। ਕੇਲ = ਚੋਜ, ਤਮਾਸ਼ੇ। ਕੇਲਾਲੀ = ਚੋਜੀ।੩।

ਚਾਨੀ = {ਅਸਲ ਲਫ਼ਜ਼ ‘ਲੋਚਾਨੀ‘ ਹੈਇਥੇ ‘ਲੁਚਾਨੀ‘ ਪੜ੍ਹਨਾ ਹੈ}। ਹਰਿ = ਹੇ ਹਰੀ! ਬਨਵਾਲੀ = ਹੇ ਬਨਵਾਲੀ, ਹੇ ਪਰਮਾਤਮਾ! ਪਗ = ਪੈਰ। ਰਾਲੀ = ਖ਼ਾਕ, ਧੂੜ।੪।

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ੧।ਰਹਾਉ।

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।

ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ੨।

ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।