ਬੁੱਧਵਾਰ 24 ਅਪ੍ਰੈਲ 2019 (11 ਵੈਸਾਖ ਸੰਮਤ 551 ਨਾਨਕਸ਼ਾਹੀ)
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}
ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪।ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।