Today’s Hukamnama from Gurdwara Baoli Sahib Goindwal

75

ਸੋਮਵਾਰ 27 ਮਈ 2019 (13 ਜੇਠ ਸੰਮਤ 551 ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ਛੰਤ ਮੰਗਲ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥ {ਪੰਨਾ 847-848}

ਪਦਅਰਥ: {ਦਇਆਲ = {ਦਇਆ = ਆਲਯ} ਦਇਆ ਦਾ ਘਰ। ਸਰਬ ਸੁਖਾ ਨਿਧਿ = ਸਾਰੇ ਸੁਖਾਂ ਦਾ ਖ਼ਜ਼ਾਨਾ। ਪੀਉ = ਪ੍ਰਭੂ = ਪਤੀ। ਸਾਗਰ = ਸਮੁੰਦਰ। ਪ੍ਰਭ ਭੇਟਿਐ = ਜੇ ਪ੍ਰਭੂ ਮਿਲ ਪਏ। ਜੀਉ = ਜੀਊੜਾ, ਜਿੰਦ।੧।ਛੰਤ। ਪਾਈਐ = ਮਿਲਦਾ ਹੈ। ਭਾਗੋ = ਭਾਗੁ, ਕਿਸਮਤ। ਮਾਨਨਿ = ਹੇ ਮਾਣ ਵਾਲੀਏ! ਹੇ ਮਾਣ = ਮੱਤੀ ਜੀਵ = ਇਸਤ੍ਰੀਏ! ਵਞਾਈਐ = ਦੂਰ ਕਰਨਾ ਚਾਹੀਦਾ ਹੈ। ਲਾਗੋ = ਲਾਗੁ, ਲੱਗੀ ਰਹੁ। ਚਾਤੁਰੀ = ਚਤੁਰਾਈ। ਦੁਰਮਤਿ = ਖੋਟੀ ਮਤਿ। ਤਿਆਗੋ = ਤਿਆਗ, ਦੂਰ ਕਰ। ਥਿਰੁ = ਅਟੱਲ। ਸੁਹਾਗੋ = ਸੁਹਾਗ, ਸਿਰ ਦਾ ਸਾਈਂ, ਖਸਮ।੧।

ਅਰਥ: ਸਲੋਕ-ਹੇ ਨਾਨਕ! ਪ੍ਰਭੂ-ਪਤੀ ਸੋਹਣਾ ਹੈ ਸ਼ਾਂਤੀ-ਰੂਪ ਹੈ, ਦਇਆ ਦਾ ਸੋਮਾ ਹੈ ਅਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ। ਜੇ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪਏ, ਤਾਂ ਇਹ ਜਿੰਦ ਸੁਖੀ ਹੋ ਜਾਂਦੀ ਹੈ।੧।ਛੰਤ-ਹੇ ਮਾਣ ਮੱਤੀ ਜੀਵ-ਇਸਤ੍ਰੀਏ! ਜਦੋਂ (ਮੱਥੇ ਦਾ) ਭਾਗ ਜਾਗਦਾ ਹੈ ਤਦੋਂ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪੈਂਦਾ ਹੈ (ਪਰ ਉਸ ਨੂੰ ਮਿਲਣ ਲਈ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਜੀਵ-ਇਸਤ੍ਰੀ! ਮਾਣ ਤਿਆਗ ਕੇ) ਪ੍ਰਭੂ ਦੇ ਚਰਨਾਂ ਵਿਚ ਜੁੜੀ ਰਹੁ, ਸਿਆਣਪ ਚਤੁਰਾਈ ਛੱਡ ਦੇਹ, ਖੋਟੀ ਮਤਿ-ਬੁਧਿ (ਆਪਣੇ ਅੰਦਰੋਂ) ਦੂਰ ਕਰ। ਹੇ ਨਾਨਕ! ਆਖ-ਹੇ ਜੀਵ-ਇਸਤ੍ਰੀ!) ਪ੍ਰਭੂ-ਪਾਤਿਸ਼ਾਹ ਦੀ ਸਰਨ ਪਈ ਰਹੁ, (ਤਾਂ ਹੀ ਤੇਰੇ ਸਿਰ ਉੱਤੇ ਤੇਰੇ ਸਿਰ ਦਾ) ਖਸਮ ਸਦਾ ਲਈ ਟਿਕਿਆ ਰਹੇਗਾ।੧।

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ {ਪੰਨਾ 848}

ਪਦਅਰਥ: ਤਜਿ = ਤਿਆਗ ਕੇ, ਵਿਸਾਰ ਕੇ। ਕਤੁ = {कुत्र} ਕਿੱਥੇ? ਲਾਗੀਐ = ਪਰਚੇ ਰਹੀਦਾ ਹੈ। ਮਰਿ ਜਾਈਐ = ਆਤਮਕ ਮੌਤੇ ਮਰ ਜਾਈਦਾ ਹੈ। ਲਾਜ = ਸ਼ਰਮ। ਅਗਿਆਨ = ਆਤਮਕ ਜੀਵਨ ਵਲੋਂ ਬੇ = ਸਮਝੀ। ਅਗਿਆਨ ਮਤੀ = ਉਹ ਮਨੁੱਖ ਜਿਸ ਦੀ ਮਤਿ ਆਤਮਕ ਜੀਵਨ ਵਲੋਂ ਕੋਰੀ ਹੈ। ਬਿਰਮਾਈਐ = ਪਰਚਿਆ ਰਹਿੰਦਾ ਹੈ। ਦੁਰਜਨ = ਭੈੜੇ ਬੰਦਿਆਂ ਵਿਚ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ, ਵਿਕਾਰੀ। ਪਤਿਤ ਪਾਵਨ ਪ੍ਰਭੁ = ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਪ੍ਰਭੂ। ਕਰੇ = ਕਰਿ। ਤਿਆਗਿ ਕਰੇ = ਤਿਆਗਿ ਕਰਿ, ਤਿਆਗ ਕੇ। ਕਹੁ = ਦੱਸ। ਕਤ = ਕਿੱਥੇ? ਠਹਰਾਈਐ = ਸ਼ਾਂਤੀ ਆ ਸਕਦੀ ਹੈ। ਭਾਉ = ਪ੍ਰੇਮ। ਪਦੁ = ਦਰਜਾ। ਜੀਵਨ ਪਦੁ = ਆਤਮਕ ਜੀਵਨ ਵਾਲਾ ਦਰਜਾ। ਪਾਈਐ = ਮਿਲਦਾ ਹੈ।੨।

ਅਰਥ: ਹੇ ਭਾਈ! ਜਿਸ (ਪਰਮਾਤਮਾ ਦੀ ਯਾਦ) ਤੋਂ ਬਿਨਾ ਆਤਮਕ ਮੌਤ ਸਹੇੜ ਲਈਦੀ ਹੈ, ਉਸ ਨੂੰ ਭੁਲਾ ਕੇ ਕਿਸੇ ਭੀ ਹੋਰ ਥਾਂ ਪਰਚਣਾ ਨਹੀਂ ਚਾਹੀਦਾ। ਪਰ ਜਿਸ ਮਨੁੱਖ ਦੀ ਮਤਿ ਆਤਮਕ ਜੀਵਨ ਵਲੋਂ ਕੋਰੀ ਹੈ (ਪ੍ਰਭੂ ਦੀ ਯਾਦ ਭੁਲਾ ਕੇ) ਉਸ ਨੂੰ ਸ਼ਰਮ ਨਹੀਂ ਆਉਂਦੀ, ਉਹ ਮਨੁੱਖ ਭੈੜੇ ਬੰਦਿਆਂ ਵਿਚ ਪਰਚਿਆ ਰਹਿੰਦਾ ਹੈ। ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਨੂੰ ਭੁਲਾ ਕੇ ਹੋਰ ਕਿਥੇ ਸ਼ਾਂਤੀ ਆ ਸਕਦੀ ਹੈ? ਪ੍ਰਭੂ ਨਾਲ ਪਿਆਰ ਪਾਈ ਰੱਖ (ਇਸ ਤਰ੍ਹਾਂ) ਆਤਮਕ ਜੀਵਨ ਵਾਲਾ (ਉੱਚਾ) ਦਰਜਾ ਮਿਲ ਜਾਂਦਾ ਹੈ।੨।

ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ {ਪੰਨਾ 848}

ਪਦਅਰਥ: ਸ੍ਰੀ ਗੋਪਾਲੁ = ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ। ਨ ਉਚਰਹਿ = (ਹੇ ਜੀਭ!) ਤੂੰ ਨਹੀਂ ਉਚਾਰਦੀ। ਬਲਿ ਗਈਏ = {ਨਿੰਦਾ = ਈਰਖਾ ਦੀ ਅੱਗ ਵਿਚ) ਸੜ ਰਹੀਏ! ਦੁਹਚਾਰਣਿ ਰਸਨਾ = (ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਪਈ ਹੋਈ ਹੇ ਜੀਭ! ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਨਹ ਸੇਵਹੀ = ਨਹ ਸੇਵਹਿ, ਤੂੰ ਸੇਵਾ = ਭਗਤੀ ਨਹੀਂ ਕਰਦੀ। ਕਾਇਆ = ਸਰੀਰ। ਕਾਕ = (ਕਾਮਾਦਿਕ) ਕਾਂ। ਕਾਕ ਗ੍ਰਸਨਾ = (ਕਾਮਾਦਿਕ) ਕਾਂ ਖਾਈ ਜਾ ਰਹੇ ਹਨ। ਭ੍ਰਮਿ = ਭਟਕਣਾ ਵਿਚ। ਮੋਹੀ = ਠੱਗੀ ਹੋਈ। ਨ ਜਾਣਹੀ = ਨ ਜਾਣਹਿ, ਤੂੰ ਨਹੀਂ ਜਾਣਦੀ। ਕੋਟਿ = ਕ੍ਰੋੜਾਂ। ਅਵਰੁ ਸਿ = ਜਿਹੜਾ ਕੋਈ ਹੋਰ। ਕ੍ਰਿਮ = ਕੀੜਾ। ਭਸਮਾ = ਸੁਆਹ।੩।

ਅਰਥ: ਹੇ (ਨਿੰਦਾ-ਈਰਖਾ ਦੀ ਅੱਗ ਵਿਚ) ਸੜ ਰਹੀਏ! ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਰੁੱਝੀ ਹੋਈ ਹੇ ਜੀਭ! ਤੂੰ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ (ਦਾ ਨਾਮ) ਯਾਦ ਨਹੀਂ ਕਰਦੀ। ਹੇ ਜਿੰਦੇ! ਜਿਹੜਾ ਪ੍ਰਭੂ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਤੂੰ ਉਸ ਦੀ ਸੇਵਾ-ਭਗਤੀ ਨਹੀਂ ਕਰਦੀ, (ਤੇਰੇ ਇਸ) ਸਰੀਰ ਨੂੰ (ਕਾਮਾਦਿਕ) ਕਾਂ (ਅੰਦਰੇ ਅੰਦਰ) ਖਾਈ ਜਾ ਰਹੇ ਹਨ।

ਹੇ ਜਿੰਦੇ! ਭਟਕਣਾ ਦੇ ਕਾਰਨ ਤੂੰ (ਆਤਮਕ ਸਰਮਾਇਆ) ਲੁਟਾਈ ਜਾ ਰਹੀ ਹੈਂ, (ਨਾਮ ਭੁਲਾ ਕੇ) ਕ੍ਰੋੜਾਂ ਜੂਨਾਂ ਵਿਚ ਪੈਣਾ ਪੈਂਦਾ ਹੈ, ਤੂੰ ਇਹਨਾਂ ਦੁੱਖਾਂ ਨੂੰ ਨਹੀਂ ਸਮਝਦੀ! ਹੇ ਨਾਨਕ! ਆਖ-ਹੇ ਜਿੰਦੇ!) ਪਰਮਾਤਮਾ ਤੋਂ ਬਿਨਾ ਜਿਹੜਾ ਕਿਸੇ ਹੋਰ ਨੂੰ ਪਿਆਰ ਕਰਦੇ ਰਹਿਣਾ ਹੈ, (ਇਸ ਤਰ੍ਹਾਂ) ਗੂੰਹ ਦੇ ਕੀੜੇ ਵਾਂਗ (ਵਿਕਾਰਾਂ ਦੇ ਗੰਦ ਵਿਚ ਪਏ ਰਹਿ ਕੇ) ਆਤਮਕ ਜੀਵਨ (ਸੜ ਕੇ) ਸੁਆਹ ਹੋ ਜਾਂਦਾ ਹੈ।੩।

ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥ {ਪੰਨਾ 848}

ਪਦਅਰਥ: ਬਿਰਹੁ = ਪਿਆਰ। ਸੰਗੇ = ਨਾਲ। ਹੋਇ ਬੈਰਾਗਨਿ = ਵੈਰਾਗਣ ਹੋ ਕੇ। ਚੀਰ = (ਸੋਹਣੇ) ਕੱਪੜੇ। ਰਸਾ = ਸੁਆਦਲੇ ਭੋਜਨ। ਬਿਖੁ = (ਆਤਮਕ ਮੌਤ ਲਿਆਉਣ ਵਾਲੀ) ਜ਼ਹਿਰ। ਤਿਆਗਨਿ = ਤਿਆਗ ਦੇਂਦੇ ਹਨ। ਈਤ ਊਤ = ਇੱਥੇ ਉੱਥੇ। ਜਾਗਨਿ = ਜਾਗਦੇ ਹਨ, ਸੁਚੇਤ ਰਹਿੰਦੇ ਹਨ। ਜਿਨਿ = ਜਿਸ (ਜੀਵ = ਇਸਤ੍ਰੀ) ਨੇ। ਸਾ = ਉਹ (ਜੀਵ = ਇਸਤ੍ਰੀ) ।੪।

ਅਰਥ: ਹੇ ਸਹੇਲੀਏ! ਭਗਵਾਨ ਨਾਲ ਪ੍ਰੀਤ ਬਣਾਈ ਰੱਖ। (ਦੁਨੀਆ ਦੇ ਪਦਾਰਥਾਂ ਵਲੋਂ) ਵੈਰਾਗਣ ਹੋ ਕੇ (ਮੋਹ ਤੋੜ ਕੇ ਪ੍ਰਭੂ ਦੇ ਚਰਨਾਂ ਵਿਚ) ਜੁੜੀ ਰਹੁ। (ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ, ਉਹ) ਚੰਦਨ, ਸੋਹਣੇ ਕੱਪੜੇ, ਸੁਗੰਧੀਆਂ, ਸੁਆਦਲੇ ਭੋਜਨ (ਆਦਿਕ ਤੋਂ ਪੈਦਾ ਹੋਣ ਵਾਲੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਜ਼ਹਿਰ ਨੂੰ ਤਿਆਗ ਦੇਂਦੀਆਂ ਹਨ। (ਹੇ ਸਹੇਲੀਏ! ਇਹਨਾਂ ਰਸਾਂ ਦੀ ਖ਼ਾਤਰ) ਇਧਰ ਉਧਰ ਡੋਲਣਾ ਨਹੀਂ ਚਾਹੀਦਾ ਹੈ, (ਪਰ ਇਹਨਾਂ ਵਲੋਂ) ਉਹੀ ਸੁਚੇਤ ਰਹਿੰਦੀਆਂ ਹਨ ਜਿਹੜੀਆਂ ਪ੍ਰਭੂ ਦੀ ਸੇਵਾ-ਭਗਤੀ ਵਿਚ ਲੀਨ ਰਹਿੰਦੀਆਂ ਹਨ।

ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ ਆਪਣੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ, ਉਹ ਸਦਾ ਲਈ ਖਸਮ ਵਾਲੀ ਹੋ ਜਾਂਦੀ ਹੈ।੪।੧।੪।