Today’s Hukamnama from Gurdwara Baoli Sahib Goindwal

114

ਬੁੱਧਵਾਰ 20 ਫਰਵਰੀ 2019 (8 ਫੱਗਣ ਸੰਮਤ 550 ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ {ਅੰਗ 755}

ਪਦਅਰਥ: ਮਰਿ ਵੰਞਸੀ = ਮਰ ਜਾਇਗੀ। ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ।੧।

ਵਾਹੁ = ਧੰਨ, ਸਲਾਹੁਣ = ਜੋਗ। ਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ = ਮੁਥਾਜ।੧।ਰਹਾਉ।

ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ। ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ।੨।

ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲੇ ਮਨੁੱਖ। ਸਕਾਰਥਾ = ਸਫਲ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਆਤਮ ਰਾਮੁ = ਸਰਬ = ਵਿਆਪਕ ਪਰਮਾਤਮਾ। ਸਹਜੇ = ਆਤਮਕ ਅਡੋਲਤਾ ਵਿਚ। ਸੁਖਿ = ਅਨੰਦ ਵਿਚ।੩।

ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਅਨਦਿਨੁ = {अनुदिनं} ਹਰ ਰੋਜ਼, ਹਰ ਵੇਲੇ।੪।

ਕਰੰਨਿ = ਕਰਦੇ ਹਨ। ਦੁਸਟ = ਮੰਦ = ਕਰਮੀ, ਭੈੜੇ। ਸਿਉ = ਸਮੇਤ। ਡੋਬੰਨਿ = ਡੋਬ ਦੇਂਦੇ ਹਨ।੫।

ਮੁਗਧ = ਮੂਰਖ। ਨਰਕੇ ਘੋਰਿ = ਘੋਰ ਨਰਕ ਵਿਚ, ਭਿਆਨਕ ਨਰਕ ਵਿਚ। ਪਵੰਨਿ = ਪ ੈਂਦੇ ਹਨ।੬।

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।