Today’s Hukamnama from Gurdwara Baoli Sahib Goindwal Sahib

71

ਸਨਿੱਚਰਵਾਰ 22 ਸਤੰਬਰ 2018 (6 ਅੱਸੂ ਸੰਮਤ 550 ਨਾਨਕਸ਼ਾਹੀ)

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ {ਅੰਗ 633}

ਪਦਅਰਥ: ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ। ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ = {ਲਫ਼ਜ਼ ‘ਭਉ‘ ਤੋਂ ਬਹੁ-ਵਚਨ}। ਜਾ ਕੈ = ਜਿਸ ਦੇ ਮਨ ਵਿਚ। ਕੰਚਨ = ਸੋਨਾ।੧।ਰਹਾਉ।

ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧।

ਮਨਸਾ = {मनीषाਮਨੋਕਾਮਨਾ। ਤੇ = ਤੋਂ। ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨।

ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।੩।

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।