ਸਨਿੱਚਰਵਾਰ 2 ਜੂਨ 2018 (20 ਜੇਠ ਸੰਮਤ 550 ਨਾਨਕਸ਼ਾਹੀ)
ਸੂਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ {ਅੰਗ 778}
ਪਦਅਰਥ: ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਟੇਕ = ਸਹਾਰਾ। ਸਤਿਗੁਰਿ = ਗੁਰੂ ਨੇ। ਤੁਸਿ ਕੈ = ਪ੍ਰਸੰਨ ਹੋ ਕੇ। ਬਲਿਰਾਮ ਜੀਉ = (ਮੈਂ) ਪ੍ਰਭੂ ਜੀ ਤੋਂ ਸਦਕੇ ਹਾਂ। ਅੰਮ੍ਰਿਤਿ = ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਨਾਲ। ਭੰਡਾਰ = ਖ਼ਜ਼ਾਨੇ। ਸਭੁ ਕਿਛੁ = ਹਰੇਕ ਪਦਾਰਥ। ਘਰਿ ਤਿਸ ਕੈ = ਉਸ (ਪ੍ਰਭੂ) ਦੇ ਘਰ ਵਿਚ। ਤਿਸ ਕੈ = {ਸੰਬੰਧਕ ‘ਕੈ‘ ਦੇ ਕਾਰਨ ਲਫ਼ਜ਼ ‘ਤਿਸੁ‘ ਦਾ ੁ ਉੱਡ ਗਿਆ ਹੈ}। ਬਾਬੁਲੁ = ਪਿਤਾ = ਪ੍ਰਭੂ। ਸਮਰਥਾ = ਤਾਕਤਾਂ ਦਾ ਮਾਲਕ। ਕਰਣ ਕਾਰਣ ਹਾਰਾ = ਕਾਰਣ ਕਰਣਹਾਰਾ, ਹਰੇਕ ਸਬਬ ਬਣਾ ਸਕਣ ਵਾਲਾ। ਸਿਮਰਤ = ਸਿਮਰਦਿਆਂ। ਭਉਜਲੁ = ਸੰਸਾਰ = ਸਮੁੰਦਰ। ਆਦਿ = ਸ਼ੁਰੂ ਤੋਂ। ਜੁਗਾਦਿ = ਜੁਗਾਂ ਦੇ ਸ਼ੁਰੂ ਤੋਂ। ਉਸਤਤਿ = ਵਡਿਆਈ। ਕਰਿ = ਕਰ ਕੇ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਮਹਾ ਰਸੁ = ਸਭ ਰਸਾਂ ਨਾਲੋਂ ਵੱਡਾ ਰਸ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनं}। ਮਨਿ = ਮਨ ਨਾਲ। ਤਨਿ = ਤਨ ਨਾਲ। ਪੀਵਾ = ਪੀਵਾਂ, ਮੈਂ ਪੀਂਦਾ ਹਾਂ।੧।
ਅਰਥ: ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ (ਉਸ ਦੀ ਮਿਹਰ ਨਾਲ) ਗੁਰੂ ਨੇ ਮਿਹਰਵਾਨ ਹੋ ਕੇ ਮੈਨੂੰ ਉਸ ਦੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ। ਮੈਂ ਉਸ ਪ੍ਰਭੂ ਤੋਂ ਕੁਰਬਾਨ ਹਾਂ, ਉਸ ਦੇ ਘਰ ਵਿਚ ਹਰੇਕ ਪਦਾਰਥ ਮੌਜੂਦ ਹੈ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਉਸ ਦੇ ਘਰ ਵਿਚ) ਖ਼ਜ਼ਾਨੇ ਭਰੇ ਪਏ ਹਨ।
ਹੇ ਭਾਈ! ਮੇਰਾ ਪ੍ਰਭੂ-ਪਿਤਾ ਬੜੀਆਂ ਤਾਕਤਾਂ ਦਾ ਮਾਲਕ ਹੈ, ਉਹ ਪ੍ਰਭੂ ਹਰੇਕ ਸਬਬ ਬਣਾ ਸਕਣ ਵਾਲਾ ਹੈ। (ਉਹ ਐਸਾ ਹੈ) ਜਿਸ ਦਾ ਨਾਮ ਸਿਮਰਦਿਆਂ ਕੋਈ ਦੁੱਖ ਪੋਹ ਨਹੀਂ ਸਕਦਾ, (ਉਸ ਦਾ ਨਾਮ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।
ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ (ਉਹ ਪ੍ਰਭੂ ਆਪਣੇ) ਭਗਤਾਂ ਦਾ ਰਾਖਾ (ਚਲਿਆ ਆ ਰਿਹਾ) ਹੈ। ਉਸ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਨਾਨਕ! (ਆਖ-ਹੇ ਭਾਈ! ਉਸ ਦਾ) ਨਾਮ ਮਿੱਠਾ ਹੈ, (ਸਭ ਰਸਾਂ ਨਾਲੋਂ) ਵੱਡਾ ਰਸ ਹੈ ਮੈਂ ਤਾਂ ਹਰ ਵੇਲੇ (ਉਹ ਨਾਮ ਰਸ ਆਪਣੇ) ਮਨ ਦੀ ਰਾਹੀਂ ਗਿਆਨ-ਇੰਦ੍ਰਿਆਂ ਦੀ ਰਾਹੀਂ ਪੀਂਦਾ ਰਹਿੰਦਾ ਹਾਂ।੧।