ਬੁੱਧਵਾਰ 6 ਜੂਨ 2018 (23 ਜੇਠ ਸੰਮਤ 550 ਨਾਨਕਸ਼ਾਹੀ)
ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ {ਅੰਗ 547}
ਪਦਅਰਥ: ਸੁਧਰਮੀੜਿਆ = ਹੇ ਸੁਧਰਮੀ! ਹੇ ਸ੍ਰੇਸ਼ਟ ਧਰਮ ਵਾਲੇ! ਹੇ (ਸਾਰੀਆਂ ਜੂਨਾਂ ਵਿਚੋਂ) ਉੱਤਮ ਫ਼ਰਜ਼ ਵਾਲੇ। ਕਤ = ਕਿਉਂ? ਨੇਤ੍ਰੀ ਦੇਖਿ = ਅੱਖਾਂ ਨਾਲ ਵੇਖ। ਬਿਉਹਾਰੀ = ਵਿਹਾਰ ਕਰਨ ਵਾਲਾ। ਸੰਗਿ = ਨਾਲ। ਵੇਸ = ਕੱਪੜੇ। ਸੁਵਰਨ = ਸੋਨਾ। ਰੂਪਾ = ਚਾਂਦੀ। ਊਣੇ = ਖ਼ਾਲੀ, ਵਿਅਰਥ। ਕਲਤ੍ਰ = ਇਸਤ੍ਰੀ। ਹਸਤ ਘੋਰਿ = ਹਾਥੀ ਘੋੜੇ। ਵਿਕਾਰੀ = ਵਿਕਾਰਾਂ ਵਲ ਲੈ ਜਾਣ ਵਾਲੇ। ਮਿਥਿਆ = ਨਾਸਵੰਤ। ਸੰਸਾਰੀ = ਸੰਸਾਰ ਦੇ ਉੱਦਮ।੧।
ਅਰਥ: ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ। (ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ। ਦੇਸਾਂ (ਦੇ ਰਾਜ) , ਕੱਪੜੇ, ਸੋਨਾ, ਚਾਂਦੀ (-ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨ। ਹੇ ਭਾਈ! ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ-ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾ। ਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ-ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ।