Today’s Hukamnama from Gurdwara Damdama Sahib Thatta

49

ਸਨਿੱਚਰਵਾਰ 7 ਅਕਤੂਬਰ 2017 (22 ਅੱਸੂ ਸੰਮਤ 549 ਨਾਨਕਸ਼ਾਹੀ)

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ {ਅੰਗ 648}

ਅਰਥ: ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰਰੂਪ) ਵਿਸ਼ਟੇ ਵਿਚ ਸੜਦੇ ਹਨ।੧। ਹੇ ਨਾਨਕ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ।੨। ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ।੧੫।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥