Today’s Hukamnama from Gurdwara Damdama Sahib Thatta

98

ਸਨਿੱਚਰਵਾਰ 9 ਫਰਵਰੀ 2019 (27 ਮਾਘ ਸੰਮਤ 550 ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਅੰਗ 682}

ਪਦਅਰਥ: ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੧।

ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ।ਰਹਾਉ।

ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ।੨।

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।